ਹਰਿਆਣਾ: ਜੇਜੇਪੀ ਵੱਲੋਂ ਰਾਜਪਾਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਲਈ ਪੱਤਰ

ਹਰਿਆਣਾ: ਜੇਜੇਪੀ ਵੱਲੋਂ ਰਾਜਪਾਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਲਈ ਪੱਤਰ

ਚੰਡੀਗੜ੍ਹ- ਹਰਿਆਣਾ ਵਿੱਚ ਤਿੰਨ ਆਜ਼ਾਦ ਵਿਧਾਇਕਾਂ ਵੱਲੋਂ ਭਾਜਪਾ ਸਰਕਾਰ ਤੋਂ ਹਮਾਇਤ ਵਾਪਸ ਲੈਣ ਮਗਰੋਂ ਸੂਬੇ ਦੀ ਸਿਆਸਤ ਭਖ਼ ਗਈ ਹੈ। ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਪੱਤਰ ਲਿਖ ਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ ਕੀਤੀ ਹੈ। ਸ੍ਰੀ ਚੌਟਾਲਾ ਨੇ ਕਿਹਾ ਕਿ ਹਰਿਆਣਾ ਵਿੱਚ ਨਾਇਬ ਸੈਣੀ ਦੀ ਅਗਵਾਈ ਹੇਠਲੀ ਭਾਜਪਾ ਸਰਕਾਰ ਬਹੁਮਤ ਗੁਆ ਚੁੱਕੀ ਹੈ। ਇਸ ਲਈ ਵਿਸ਼ੇਸ਼ ਸੈਸ਼ਨ ਸੱਦ ਕੇ ਉਸ ਨੂੰ ਬਹੁਮਤ ਸਾਬਤ ਕਰਨ ਲਈ ਆਖਿਆ ਜਾਵੇ। ਸ੍ਰੀ ਚੌਟਾਲਾ ਨੇ ਕਿਹਾ ਕਿ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿਛਲਾ ‘ਫਲੋਰ ਟੈਸਟ’ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੀ ਸਰਕਾਰ ਦੇ ਸਮੇਂ ਕਰਵਾਇਆ ਗਿਆ ਸੀ ਅਤੇ ਹੁਣ ਸੂਬੇ ਦੇ ਨਵੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹਨ। ਉਨ੍ਹਾਂ ਦੀ ਸਰਕਾਰ ਸਮੇਂ ਤਿੰਨ ਆਜ਼ਾਦ ਵਿਧਾਇਕਾਂ ਨੇ ਆਪਣੀ ਹਮਾਇਤ ਵਾਪਸ ਲਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ 88 ਵਿਧਾਇਕਾਂ ਵਿੱਚੋਂ ਬਹੁਮਤ ਸਾਬਤ ਕਰਨ ਲਈ 44 ਤੋਂ ਵੱਧ ਵਿਧਾਇਕਾਂ ਦੀ ਹਮਾਇਤ ਹੋਣਾ ਜ਼ਰੂਰੀ ਹੈ। ਜੇਜੇਪੀ ਆਗੂ ਨੇ ਭਾਜਪਾ ’ਤੇ ਵਿਧਾਇਕਾਂ ਦੀ ਖ਼ਰੀਦੋ-ਫਰੋਖ਼ਤ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਪਾਰਟੀ ਵੱਲੋਂ ਵ੍ਹਿੱਪ ਜਾਰੀ ਕੀਤਾ ਜਾਵੇਗਾ। ਦੂਜੇ ਪਾਸੇ ਇਨੈਲੋ ਨੇ ਵੀ ਰਾਜਪਾਲ ਨੂੰ ਪੱਤਰ ਲਿਖ ਕੇ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਮੰਗ ਕੀਤੀ ਹੈ।