ਪੰਜਵੇਂ ਦਿਨ 13 ਲੋਕ ਸਭਾ ਸੀਟਾਂ ਲਈ 209 ਨਾਮਜ਼ਦਗੀਆਂ ਦਾਖ਼ਲ

ਪੰਜਵੇਂ ਦਿਨ 13 ਲੋਕ ਸਭਾ ਸੀਟਾਂ ਲਈ 209 ਨਾਮਜ਼ਦਗੀਆਂ ਦਾਖ਼ਲ

ਚੰਡੀਗੜ੍ਹ- ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ ਅੱਜ ਚਾਰ ਕੈਬਨਿਟ ਮੰਤਰੀਆਂ ਸਮੇਤ ਵੱਡੇ ਚਿਹਰਿਆਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਅਨੁਸਾਰ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਪੰਜਵੇਂ ਦਿਨ 13 ਲੋਕ ਸਭਾ ਸੀਟਾਂ ਲਈ 209 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਬਠਿੰਡਾ ਸੰਸਦੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਅੱਜ ਚੌਥੀ ਦਫ਼ਾ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਸੁਖਬੀਰ ਸਿੰਘ ਬਾਦਲ ਵੀ ਹਾਜ਼ਰ ਸਨ। ਬਠਿੰਡਾ ਹਲਕੇ ਤੋਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਿੱਧੂ ਨੇ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਸੰਗਰੂਰ ਹਲਕੇ ਤੋਂ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੇ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਨੇ ਵੀ ਆਪਣੀ ਨਾਮਜ਼ਦਗੀ ਦਾਖਲ ਕੀਤੀ। ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਕਾਗ਼ਜ਼ ਦਾਖਲ ਕੀਤੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਲੰਧਰ ਹਲਕੇ ਤੋਂ ‘ਆਪ’ ਉਮੀਦਵਾਰ ਪਵਨ ਟੀਨੂੰ ਦੇ ਕਾਗ਼ਜ਼ ਦਾਖਲ ਕਰਾਏ। ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਨੇ ਅੰਮ੍ਰਿਤਸਰ ਹਲਕੇ ਤੋਂ ਕਾਗ਼ਜ਼ ਦਾਖਲ ਕਰਨ ਉਪਰੰਤ ਰੋਡ ਸ਼ੋਅ ਕੱਢਿਆ। ਸੰਗਰੂਰ ਹਲਕੇ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਗੁਰੂ ਘਰ ਵਿਚ ਮੱਥਾ ਟੇਕਣ ਉਪਰੰਤ ਕਾਗ਼ਜ਼ ਦਾਖਲ ਕੀਤੇ। ਸੰਗਰੂਰ ਤੋਂ 16 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕਬਾਲ ਸਿੰਘ ਝੂੰਦਾ ਵੀ ਸ਼ਾਮਲ ਹਨ। ਅੰਮ੍ਰਿਤਸਰ ਤੋਂ 21 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ‘ਆਪ’ ਦੇ ਕੁਲਦੀਪ ਸਿੰਘ ਧਾਲੀਵਾਲ, ਇੰਡੀਅਨ ਨੈਸ਼ਨਲ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਅਤੇ ਬਹੁਜਨ ਸਮਾਜ ਪਾਰਟੀ ਦੇ ਵਿਸ਼ਾਲ ਸਿੱਧੂ ਪ੍ਰਮੁੱਖ ਹਨ। ਗੁਰਦਾਸਪੁਰ ਹਲਕੇ ਤੋਂ ‘ਆਪ’ ਦੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ ਸਮੇਤ 29 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਖਡੂਰ ਸਾਹਿਬ ਤੋਂ 20 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰਸਾ ਸਿੰਘ, ਕਾਂਗਰਸ ਵੱਲੋਂ ਕੁਲਬੀਰ ਸਿੰਘ ਜ਼ੀਰਾ ਅਤੇ ਆਮ ਆਦਮੀ ਪਾਰਟੀ ਵੱਲੋਂ ਲਾਲਜੀਤ ਸਿੰਘ ਭੁੱਲਰ ਦਾ ਨਾਂ ਸ਼ਾਮਲ ਹੈ। ਜਲੰਧਰ ਤੋਂ 10 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਹੁਸ਼ਿਆਰਪੁਰ ਤੋਂ 8 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੋਹਣ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਅਨੀਤਾ ਅਤੇ ਬਹੁਜਨ ਸਮਾਜ ਪਾਰਟੀ ਤੋਂ ਰਣਜੀਤ ਕੁਮਾਰ ਸ਼ਾਮਲ ਹਨ। ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਵਿਜੈ ਇੰਦਰ ਸਿੰਗਲਾ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਪਾਰਟੀ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਸਮੇਤ 19 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਲੁਧਿਆਣਾ ਤੋਂ 19 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ ਜਿਨ੍ਹਾਂ ’ਚ ਕਾਂਗਰਸ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ, ਸ਼੍ਰੋਮਣੀ ਅਕਾਲੀ ਦਲ ਤੋਂ ਰਣਜੀਤ ਸਿੰਘ ਢਿੱਲੋਂ ਅਤੇ ਆਮ ਆਦਮੀ ਪਾਰਟੀ ਤੋਂ ਅਸ਼ੋਕ ਪਰਾਸ਼ਰ ਪੱਪੀ ਦਾ ਨਾਂ ਸ਼ਾਮਲ ਹੈ। ਫ਼ਤਿਹਗੜ੍ਹ ਸਾਹਿਬ ਤੋਂ ਅਕਾਲੀ ਉਮੀਦਵਾਰ ਬਿਕਰਮਜੀਤ ਸਿੰਘ ਸਮੇਤ ਛੇ ਉਮੀਦਵਾਰਾਂ ਨੇ ਕਾਗ਼ਜ਼ ਦਾਖਲ ਕੀਤੇ ਹਨ। ਫ਼ਰੀਦਕੋਟ ਤੋਂ 8 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਅਮਰਜੀਤ ਕੌਰ ਸਾਹੋਕੇ ਦਾ ਨਾਂ ਸ਼ਾਮਲ ਹੈ।