ਸਰਹਿੰਦ ਫ਼ਤਹਿ ਦਿਵਸ: ਚੱਪੜਚਿੜੀ ਤੋਂ ਸਰਹਿੰਦ ਤੱਕ ਸਜਾਇਆ ਫ਼ਤਹਿ ਮਾਰਚ

ਸਰਹਿੰਦ ਫ਼ਤਹਿ ਦਿਵਸ: ਚੱਪੜਚਿੜੀ ਤੋਂ ਸਰਹਿੰਦ ਤੱਕ ਸਜਾਇਆ ਫ਼ਤਹਿ ਮਾਰਚ

ਐੱਸਏਐੱਸ ਨਗਰ/ਫਤਹਿਗੜ੍ਹ ਸਾਹਿਬ-ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ‘ਸਰਹਿੰਦ ਫ਼ਤਹਿ ਮਾਰਚ’ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਫ਼ਤਹਿ-ਏ-ਜੰਗ ਸਾਹਿਬ ਚੱਪੜਚਿੜੀ ਤੋਂ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ, ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਰਵਾਨਾ ਕੀਤਾ। ਅੱਜ ਸਵੇਰੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਤੇ ਢਾਡੀ ਜਥਿਆਂ ਨੇ ਸੰਗਤ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ। ਆਰੰਭਤਾ ਦੀ ਅਰਦਾਸ ਉਪਰੰਤ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ। ਫ਼ਤਹਿ ਮਾਰਚ ਵਿੱਚ ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ, ਬੈਂਡ ਤੇ ਗਤਕਾ ਪਾਰਟੀਆਂ ਨੇ ਖਾਲਸਈ ਜਾਹੋ-ਜਲਾਲ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਬੁੱਢਾ ਦਲ (96 ਕਰੋੜੀ) ਦੇ ਪ੍ਰਧਾਨ ਬਾਬਾ ਬਲਬੀਰ ਸਿੰਘ, ਐੱਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਚਰਨਜੀਤ ਸਿੰਘ ਕਾਲੇਵਾਲ, ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪੰਜ ਪਿਆਰਿਆਂ ਸਮੇਤ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਆ ਗਿਆ। ਰਸਤੇ ਵਿੱਚ ਥਾਂ-ਥਾਂ ’ਤੇ ਸੰਗਤ ਵੱਲੋਂ ਫ਼ਤਹਿ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਲੰਗਰ ਲਗਾਏ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਸਮੇਸ਼ ਪਿਤਾ ਤੋਂ ਥਾਪੜਾ ਲੈ ਕੇ ਜ਼ੁਲਮ ਦਾ ਖ਼ਾਤਮਾ ਕਰਨ ਤੁਰੇ ਬਾਬਾ ਬੰਦਾ ਸਿੰਘ ਬਹਾਦਰ ਨੇ ਸ਼ਹੀਦਾਂ ਦੇ ਖੂਨ ਨਾਲ ਰੰਗੀ ਚੱਪੜਚਿੜੀ ਦੀ ਧਰਤੀ ’ਤੇ ਜ਼ਾਲਮ ਹਕੂਮਤ ਉੱਤੇ ਫ਼ਤਹਿ ਹਾਸਲ ਕਰ ਕੇ ਜਿੱਥੇ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲਿਆ, ਉੱਥੇ ਹੀ ਉਨ੍ਹਾਂ ਪਹਿਲੇ ਸਿੱਖ ਰਾਜ ਦੀ ਸਥਾਪਨਾ ਕੀਤੀ। ਇਸ ਸ਼ਾਨਾਂਮੱਤੇ ਇਤਿਹਾਸ ਤੋਂ ਨਵੀਂ ਪੀੜ੍ਹੀ ਨੂੰ ਜਾਣੂ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖ ਕੌਮ ਦੀਆਂ ਸੰਸਥਾਵਾਂ ਨੂੰ ਤੋੜਨ ਦੇ ਯਤਨ ਹੋ ਰਹੇ ਹਨ। ਸਮੇਂ-ਸਮੇਂ ਦੀਆਂ ਸਰਕਾਰਾਂ ਗੁਰਦੁਆਰਿਆਂ ਦੇ ਪ੍ਰਬੰਧਾਂ ਨੂੰ ਸਿੱਧੇ ਤੇ ਅਸਿੱਧੇ ਢੰਗ ਨਾਲ ਆਪਣੇ ਹੱਥ ਵਿੱਚ ਲੈਣਾ ਚਾਹੁੰਦੀਆਂ ਹਨ, ਜਿਸ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਸਮੁੱਚੀਆਂ ਪੰਥਕ ਜਥੇਬੰਦੀਆਂ ਨੂੰ ਸਰਕਾਰਾਂ ਦੀਆਂ ਅਜਿਹੀਆਂ ਚਾਲਾਂ ਖ਼ਿਲਾਫ਼ ਇਕਜੁੱਟ ਹੋਣ ਦੀ ਅਪੀਲ ਕੀਤੀ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕਿਹਾ, ‘‘ਸਿੱਖ ਕੌਮ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਿੱਖ ਯੋਧਿਆਂ ਨੇ ਇਸ ਪਵਿੱਤਰ ਧਰਤੀ ’ਤੇ ਇਤਿਹਾਸ ਸਿਰਜਿਆ, ਜਿਸ ਤੋਂ ਸਾਨੂੰ ਪ੍ਰੇਰਣਾ ਲੈਣ ਦੀ ਲੋੜ ਹੈ।’’