ਭਗਵੰਤ ਮਾਨ ਵੱਲੋਂ ਲਾਲਜੀਤ ਭੁੱਲਰ ਦੇ ਹੱਕ ’ਚ ਰੋਡ ਸ਼ੋਅ

ਭਗਵੰਤ ਮਾਨ ਵੱਲੋਂ ਲਾਲਜੀਤ ਭੁੱਲਰ ਦੇ ਹੱਕ ’ਚ ਰੋਡ ਸ਼ੋਅ

ਜ਼ੀਰਾ, 15 ਮਈ 
(ਪੰਜਾਬੀ ਰਾਈਟਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੱਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਰੋਡ ਸ਼ੋਅ ਕਰਨ ਲਈ ਜ਼ੀਰਾ ਪੁੱਜੇ। ਉਨ੍ਹਾਂ ਨਾਲ ਹਲਕਾ ਵਿਧਾਇਕ ਨਰੇਸ਼ ਕਟਾਰੀਆ ਵੀ ਹਾਜ਼ਰ ਸਨ। ਇਹ ਰੋਡ ਸ਼ੋਅ ਘੰਟਾ ਘਰ ਮੁੱਖ ਚੌਕ ਜ਼ੀਰਾ ਤੋਂ ਸ਼ੁਰੂ ਹੋ ਕੇ ਸ਼ੇਰਾਂ ਵਾਲਾ ਚੌਕ ਜ਼ੀਰਾ ਵਿੱਚ ਸਮਾਪਤ ਹੋਇਆ।
ਵਿਧਾਇਕ ਨਰੇਸ਼ ਕਟਾਰੀਆ ਅਤੇ ਯੂਥ ਆਗੂ ਸ਼ੰਕਰ ਕਟਾਰੀਆ ਦੀ ਅਗਵਾਈ ਹੇਠ ਵੱਡੀ ਗਿਣਤੀ ਲੋਕਾਂ ਨੇ ਰੋਡ ਸ਼ੋਅ ਵਿੱਚ ਸ਼ਿਕਰਤ ਕੀਤੀ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇੱਕ ਵਾਰ ਫਿਰ ‘ਝਾੜੂ’ਦਾ ਬਟਨ ਦਬਾਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਪਿਆਰ ਅਤੇ ਸਹਿਯੋਗ ਲਈ ਧੰਨਵਾਦੀ ਹਨ ਕਿਉਂਕਿ ਇਹ ਪਿਆਰ ਹੀ ਉਨ੍ਹਾਂ ਨੂੰ ਅਣਥੱਕ ਮਿਹਨਤ ਕਰਨ ਲਈ ਪ੍ਰੇਰਦਾ ਹੈ। ਉਨ੍ਹਾਂ ਕਿਹਾ ਕਿ 2022 ਵਿੱਚ ਪੰਜਾਬ ਵਾਸੀਆਂ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਵੱਡੀ ਜ਼ਿੰਮੇਵਾਰੀ ਸੌਂਪੀ। ਉਨ੍ਹਾਂ ਕਿਹਾ ਕਿ 90 ਫ਼ੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਪੰਜਾਬ ਦੇ ਹਰੇਕ ਖੇਤ ਨੂੰ ਪਹਿਲੀ ਵਾਰ ਨਹਿਰੀ ਦਾ ਪਾਣੀ ਮਿਲ ਰਿਹਾ ਹੈ। ਭਗਵੰਤ ਮਾਨ ਨੇ ਰਵਾਇਤੀ ਪਾਰਟੀਆਂ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਹ ਆਪਣੇ ਸ਼ਾਸਨ ਵਿੱਚ ਸਰਕਾਰੀ ਜਾਇਦਾਦਾਂ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨੂੰ ਵੇਚਦੇ ਸਨ।‘ਆਪ’ਪਹਿਲੀ ਸਰਕਾਰ ਹੈ ਜੋ ਲੋਕਾਂ ਲਈ ਜਾਇਦਾਦਾਂ ਖ਼ਰੀਦ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਸੰਸਦ ਵਿੱਚ 13 ਹੋਰ ਉਮੀਦਵਾਰਾਂ ਨੂੰ ਜਿਤਾ ਕੇ ਭੇਜਣ ਤਾਂ ਕਿ ਪੰਜਾਬ ਦੇ ਮੁੱਦੇ ਚੁੱਕੇ ਜਾ ਸਕਣ। ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੀਰਾ ਵਾਸੀਆਂ ਦਾ ਧੰਨਵਾਦ ਕੀਤਾ। ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਮੁੱਖ ਮੰਤਰੀ ਪੰਜਾਬ ਅਤੇ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ।

ਮੁੱਖ ਮੰਤਰੀ ਵੱਲੋਂ ਸਰਹੱਦੀ ਖੇਤਰ ਵਿੱਚ ਰੋਡ ਸ਼ੋਅ
ਤਰਨ ਤਾਰਨ (ਪੰਜਾਬੀ ਰਾਈਟਰ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ਿਲ੍ਹੇ ਦੇ ਸਰਹੱਦੀ ਖੇਤਰ ਅੰਦਰ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਮਦੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੇ ਸਮਰਥਨ ਵਿੱਚ ਰੋਡ ਸ਼ੋਅ ਕੀਤਾ ਗਿਆ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸ੍ਰੀ ਭੁੱਲਰ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਕੇ ਅੰਦਰ ਵਿਕਾਸ ਦੇ ਕੰਮ ਤੇਜ਼ ਰਫਤਾਰ ਨਾਲ ਚਲ ਸਕਣਗੇ| ਮੁੱਖ ਮੰਤਰੀ ਦੇ ਕਾਫਲੇ ਵਿੱਚ ਸੈਂਕੜੇ ਕਾਰਾਂ ਆਦਿ ਸ਼ਾਮਲ ਹੋਈਆਂ| ਇਹ ਕਾਫਲਾ ਭਿੱਖੀਵਿੰਡ, ਖਾਲੜਾ, ਵਲਟੋਹਾ ਆਦਿ ਤੋਂ ਹੁੰਦਾ ਹੋਇਆ ਹਰੀਕੇ ਤੱਕ ਗਿਆ| ਉਨ੍ਹਾਂ ਲੋਕਾਂ ਨਾਲ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ ਅਤੇ ਲੋਕਾਂ ਨੂੰ ਕਿਹਾ ਕਿ ਪੰਜਾਬ ਨਾਲ ਕੇਂਦਰ ਸਰਕਾਰ ਦੀਆਂ ਵਧੀਕੀਆਂ ਦਾ ਜਵਾਬ ਦੇਣ ਲਈ ਆਮ ਆਦਮੀ ਪਾਰਟੀ ਨੂੰ ਜਿਤਾਉਣ।