Your Advertisement
ਜੰਮੂ ਕਸ਼ਮੀਰ ’ਚ ਪੰਜਾਬੀ ਭਾਸ਼ਾ ਦਾ ਦਰਜਾ ਬਹਾਲ ਹੋਵੇ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਪੀਲ ਕੀਤੀ ਕਿ ਕੇਂਦਰੀ ਸ਼ਾਸਤ ਪ੍ਰਦੇਸ਼ ਜੰਮੂ ਕਸ਼ਮੀਰ ਵਿਚ ਪੰਜਾਬੀ ਦਾ ਸਰਕਾਰੀ ਭਾਸ਼ਾ ਦਾ ਦਰਜਾ ਬਹਾਲ ਕੀਤਾ ਜਾਵੇ। ਲੋਕ ਸਭਾ ਵਿਚ ਇਸ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ‘ਜੰਮੂ ਕਸ਼ਮੀਰ ਸਰਕਾਰੀ ਭਾਸ਼ਾ ਬਿੱਲ 2020’ ਤਹਿਤ ਕੇਂਦਰੀ ਸ਼ਾਸਤ ਪ੍ਰਦੇਸ਼ ਲਈ ਸਰਕਾਰੀ ਭਾਸ਼ਾਵਾਂ ਤੈਅ ਕਰਦਿਆਂ ਪੰਜਾਬੀ ਨੂੰ ਛੱਡ ਦਿੱਤਾ ਗਿਆ ਹੈ, ਜੋ ਬਹੁਤ ਹੀ ਮੰਦਭਾਗਾ ਹੈ। ਸ੍ਰੀ ਬਾਦਲ ਨੇ ਕਿਹਾ ਕਿ ਖਾਲਸਾ ਰਾਜ ਵੇਲੇ ਤੋਂ ਜੰਮੂ ਕਸ਼ਮੀਰ ਵਿਚ ਪੰਜਾਬੀਆਂ ਦੀ ਵੱਡੀ ਆਬਾਦੀ ਹੈ। ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬੀ ਭਾਸ਼ਾ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਜਦਕਿ ਅੰਗਰੇਜ਼ੀ ਨੂੰ ਸਰਕਾਰੀ ਭਾਸ਼ਾ ਦਾ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸੈਂਕੜੇ ਸਾਲਾਂ ਤੋਂ ਜੰਮੂ ਕਸ਼ਮੀਰ ਅਤੇ ਅਣਵੰਡੇ ਪੰਜਾਬ ਵਿਚ ਪੰਜਾਬੀ ਬੋਲੀ ਜਾਂਦੀ ਰਹੀ ਹੈ। ਜੰਮੂ ਕਸ਼ਮੀਰ ਸੂਬੇ ਦੇ ਸੰਵਿਧਾਨ ਵਿਚ ਵੀ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਡਾ. ਫਾਰੂਕ ਅਬਦੁੱਲਾ ਖ਼ੁਦ ਪੰਜਾਬੀ ਬੋਲਦੇ ਹਨ ਅਤੇ ਉਹ ਇਸ ਬਿਆਨ ਦੀ ਪੁਸ਼ਟੀ ਵੀ ਕਰਨਗੇ। ਡਾ. ਅਬਦੁੱਲਾ ਨੇ ਤੁਰੰਤ ਹੁੰਗਾਰਾ ਭਰਿਆ ਅਤੇ ਦੱਸਿਆ ਕਿ ਸੂਬੇ ਵਿਚ ਵੱਡੀ ਗਿਣਤੀ ਲੋਕਾਂ ਵੱਲੋਂ ਪੰਜਾਬੀ ਬੋਲੀ ਜਾਂਦੀ ਹੈ।

No Comment posted
Name*
Email(Will not be published)*
Website