Your Advertisement
ਸੁਖਬੀਰ ਨੇ ਮਹਿੰਗੀ ਬਿਜਲੀ ਖਰੀਦਣ ’ਤੇ ਕੈਪਟਨ ਨੂੰ ਘੇਰਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਹਿੰਗੀ ਬਿਜਲੀ ਖਰੀਦਣ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਪਿਛਲੇ ਚਾਰ ਸਾਲਾਂ ਤੋਂ ਸਰਕਾਰ ਹੈ ਪਰ ਉਨ੍ਹਾਂ ਵਾਅਦੇ ਅਨੁਸਾਰ ਇਸ ਦੀ ਜਾਂਚ ਕਿਉਂ ਨਹੀਂ ਕਰਵਾਈ। ਉਨ੍ਹਾਂ ਅੱਜ ਨਡਾਲਾ ਦਾਣਾ ਮੰਡੀ ਵਿਚ ਬੀਬੀ ਜਗੀਰ ਕੌਰ ਵੱਲੋਂ ਕਰਵਾਈ ‘ਪੰਜਾਬ ਮੰਗਦਾ ਹੈ ਜਵਾਬ’ ਰੈਲੀ ਨੂੰ ਸੰਬੋਧਨ ਕੀਤਾ। ਪੱਤਰਕਾਰਾਂ ਨੇ ਸੁਖਬੀਰ ਨੂੰ ਪੁੱਛਿਆ ਕਿ ਉਨ੍ਹਾਂ ’ਤੇ ਵੀ ਪਹਿਲਾਂ ਨਿੱਜੀ ਕੰਪਨੀਆਂ ਤੋਂ ਮਹਿੰਗੀ ਬਿਜਲੀ ਖਰੀਦਣ ਬਾਰੇ ਦੋਸ਼ ਲੱਗ ਰਹੇ ਹਨ ਤੇ ਪੰਜਾਬ ਸਰਕਾਰ ਨੇ ਇਨ੍ਹਾਂ ਦੋਸ਼ਾਂ ਬਾਰੇ ਵਾੲ੍ਹੀਟ ਪੇਪਰ ਲਿਆਉਣ ਲਈ ਵਿਧਾਨ ਸਭਾ ਵਿਚ ਐਲਾਨ ਕੀਤਾ ਹੋਇਆ ਹੈ ਤਾਂ ਸੁਖਬੀਰ ਨੇ ਦਾਅਵਾ ਕੀਤਾ ਕਿ ਸਰਕਾਰ 2 ਰੁਪਏ 80 ਪ੍ਰਤੀ ਯੂਨਿਟ ਬਿਜਲੀ ਖਰੀਦ ਰਹੀ ਹੈ ਤੇ ਲੋਕਾਂ ਨੂੰ 7 ਰੁਪਏ ਤੋਂ ਵੱਧ ਅਤੇ ਸਨਅਤਕਾਰਾਂ ਨੂੰ 10 ਰੁਪਏ ਪ੍ਰਤੀ    ਯੂਨਿਟ ਦੇ ਰਹੀ ਹੈ। ਜ਼ਿਕਰਯੋਗ ਹੈ ਕਿ ਸਤੰਬਰ 2016 ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਐਲਾਨ ਕੀਤਾ ਸੀ ਕਿ ਕਾਂਗਰਸ ਸੱਤਾ ਵਿਚ ਆਈ ਤਾਂ ਬਿਜਲੀ ਕੰਪਨੀਆਂ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇਗੀ ਕਿਉਂਕਿ ਇਸ ਵਿਚ ਇਕ ਹਜ਼ਾਰ ਕਰੋੜ ਤੋਂ ਵੱਧ ਦਾ ਘਪਲਾ ਹੈ।

ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਐਕਟ ਲਿਆਉਣ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਬਿੱਲ ਸ਼੍ਰੋਮਣੀ ਅਕਾਲੀ ਦਲ ਲਿਆਉਣ ਨਹੀਂ ਦੇਵੇਗਾ ਕਿਉਂਕਿ ਇਕ ਵੀ ਸੂਬਾ ਇਸ ਦੇ ਹੱਕ ਵਿਚ ਨਹੀਂ ਹੈ। ਸ੍ਰੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸੀਆਂ ਨੇ ਸ਼ਰਾਬ ਤੇ ਰੇਤ ਮਾਫੀਆ ਨਾਲ ਰਲ ਕੇ ਸਰਕਾਰੀ ਖ਼ਜ਼ਾਨੇ ਦੇ ਹਜ਼ਾਰਾਂ ਕਰੋੜਾਂ ਰੁਪਏ ਲੁੱਟ ਲਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਗੈਂਗਸਟਰਾਂ ਦਾ ਰਾਜ ਹੈ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਭੁਲੱਥ ਤੋਂ ਇੰਚਾਰਜ ਬੀਬੀ ਜਗੀਰ ਕੌਰ ਨੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ’ਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਸੰਸਦ ਦੀ ਖੁਰਾਕ ਤੇ ਖਪਤਕਾਰ ਮਾਮਲਿਆਂ ਦੀ ਸਟੈਂਡਿੰਗ ਕਮੇਟੀ ਦੀ ਮੀਟਿੰਗ ਵਿਚ ਜ਼ਰੂਰੀ ਵਸਤਾਂ ਸੋਧ ਐਕਟ ਲਾਗੂ ਕਰਨ ਲਈ ਸਹਿਮਤੀ ਦੇ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ।


No Comment posted
Name*
Email(Will not be published)*
Website