Your Advertisement
ਸਿੱਧੂ ਵੱਲੋਂ ਕਾਂਗਰਸੀ ਵਰਕਰਾਂ ਨਾਲ ਰਾਬਤਾ ਦੋਆਬੇ ਤੋਂ ਸ਼ੁਰੂ

ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਵਰਕਰਾਂ ਅਤੇ ਵਿਧਾਇਕਾਂ ਨੂੰ ਸਿੱਧੇ ਤੌਰ ’ਤੇ ਮਿਲਣ ਦਾ ਸਿਲਸਿਲਾ ਦੋਆਬੇ ਤੋਂ ਸ਼ੁਰੂ ਕੀਤਾ ਹੈ। ਉਨ੍ਹਾਂ ਨੇ ਅੱਜ ਜਲੰਧਰ ਦੇ ਸਾਰੇ ਕਾਂਗਰਸੀ ਵਿਧਾਇਕਾਂ, ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਕਾਂਗਰਸ ਭਵਨ ਵਿੱਚ ਗੱਲਬਾਤ ਕੀਤੀ। ਇਸ ਦੇ ਨਾਲ ਹੀ ਦੁਪਹਿਰ ਨੂੰ ਕਪੂਰਥਲਾ ਜ਼ਿਲ੍ਹੇ ਦੇ ਕਾਂਗਰਸੀ ਆਗੂਆਂ ਨਾਲ ਗੱਲਬਾਤ ਕੀਤੀ। ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਹੀ ਹਾਜ਼ਰ ਹੋਏ ਜਦਕਿ ਰਾਣਾ ਗੁਰਜੀਤ ਸਿੰਘ, ਨਵਤੇਜ ਸਿੰਘ ਚੀਮਾ ਤੇ ਸੁਖਪਾਲ ਸਿੰਘ ਖਹਿਰਾ ਗ਼ੈਰਹਾਜ਼ਰ ਰਹੇ। ਇਸੇ ਦੌਰਾਨ ਮਹਿੰਦਰ ਸਿੰਘ ਕੇ.ਪੀ. ਅਤੇ ਜਗਬੀਰ ਬਰਾੜ ਵੀ ਸਿੱਧੂ ਦੀ ਫੇਰੀ ਮੌਕੇ ਸਮਾਗਮ ’ਚ ਨਾ ਪੁੱਜੇ। ਇਸ ਮੌਕੇ ਸਿੱਧੂ ਨੇ ਪੱਤਰਕਾਰਾਂ ਦੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ ਸਗੋਂ ਉਨ੍ਹਾਂ ਨੇ ਆਪਣੀ ਗੱਲ ਹੀ ਲੋਕਾਂ ਸਾਹਮਣੇ ਰੱਖੀ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪਾਰਟੀ ਵਰਕਰਾਂ ਵਿੱਚ ਬਹੁਤ ਜ਼ਿਆਦਾ ਉਤਸ਼ਾਹ ਹੈ ਤੇ ਉਹ ਇਨ੍ਹਾਂ ਰਾਹੀਂ ਹਰ ਪੰਜਾਬੀ ਨਾਲ ਸੰਪਰਕ ਕਰਨਾ ਚਾਹੁੰਦੇ ਹਨ। ਕਾਂਗਰਸ ਹਾਈਕਮਾਨ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੇ ਗਏ 18 ਨੁਕਾਤੀ ਪ੍ਰੋਗਰਾਮ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰੋਗਰਾਮ ਲਾਗੂ ਹੋ ਕੇ ਰਹੇਗਾ ਤੇ ਇਸ ਨੂੰ ਲਾਗੂ ਕਰਨਾ ਪਵੇਗਾ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ’ਚ ਮਤਾ ਲਿਆਉਣ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਜਿਵੇਂ ਐੱਸਵਾਈਐੱਲ ’ਤੇ ਪੰਜਾਬ ਨੇ ਸਟੈਂਡ ਲਿਆ ਸੀ, ਉਸੇ ਤਰ੍ਹਾਂ ਇਨ੍ਹਾਂ ਬਿੱਲਾਂ ਬਾਰੇ ਵੀ ਸਟੈਂਡ ਲਿਆ ਜਾਵੇ। ਇਨ੍ਹਾਂ ਬਿੱਲਾਂ ਵਿਚ ਸੋਧਾਂ ਨਾਲ ਨਹੀਂ ਸਗੋਂ ਇਨ੍ਹਾਂ ਨੂੰ ਸਿਰੇ ਤੋਂ ਨਕਾਰਨ ਨਾਲ ਹੀ ਕੁਝ ਬਣਨਾ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਖੇਤੀ ਬਾਰੇ ਕਾਨੂੰਨ ਬਣਾ ਕੇ ਸੰਘੀ ਢਾਂਚੇ ’ਤੇ ਹਮਲਾ ਕੀਤਾ ਗਿਆ ਹੈ। ਇਨ੍ਹਾਂ ਕਾਨੂੰਨਾਂ ਰਾਹੀਂ ਸੂਬਿਆਂ ਦੇ ਅਧਿਕਾਰ ਖੋਹੇ ਗਏ ਹਨ। ਖੇਤੀਬਾੜੀ ਨੂੰ ਸੂਬੇ ਦਾ ਵਿਸ਼ਾ ਦੱਸਦਿਆਂ ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਪੰਜਾਬੀ ਲਾਗੂ ਨਹੀਂ ਹੋਣ ਦੇਣਗੇ।

No Comment posted
Name*
Email(Will not be published)*
Website