ਆਦਮਪੁਰ ਹਵਾਈ ਅੱਡੇ ਦਾ ਨਾਂ ਗੁਰੂ ਰਵਿਦਾਸ ਦੇ ਨਾਂ ’ਤੇ ਰੱਖਿਆ ਜਾਵੇ: ਜਾਖੜ

ਆਦਮਪੁਰ ਹਵਾਈ ਅੱਡੇ ਦਾ ਨਾਂ ਗੁਰੂ ਰਵਿਦਾਸ ਦੇ ਨਾਂ ’ਤੇ ਰੱਖਿਆ ਜਾਵੇ: ਜਾਖੜ

ਚੰਡੀਗੜ੍ਹ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਦੀ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਆਦਮਪੁਰ ਹਵਾਈ ਅੱਡੇ ਦਾ ਨਾਂ ਗੁਰੂ ਰਵਿਦਾਸ ਦੇ ਨਾਂ ’ਤੇ ਰੱਖਣ ਦੀ ਮੰਗ ਕੀਤੀ। ਉਨ੍ਹਾਂ ਦਿੱਲੀ ਦੇ ਤੁਗਲਕਾਬਾਦ ਵਿਖੇ ਸਥਿਤ ਗੁਰੂ ਰਵਿਦਾਸ ਮੰਦਰ ਦੇ ਨਵੀਨੀਕਰਨ ਅਤੇ ਉਸ ਦੇ ਆਲੇ-ਦੁਆਲੇ ਦੇ ਖੇਤਰ ਦਾ ਸੁੰਦਰੀਕਰਨ ਕਰਨ ਦੀ ਵੀ ਅਪੀਲ ਕੀਤੀ।

ਸ੍ਰੀ ਜਾਖੜ ਨੇ ਪ੍ਰਧਾਨ ਮੰਤਰੀ ਦੇ ਨਾਮ ਭੇਜੇ ਪੱਤਰ ਵਿੱਚ ਲਿਖਿਆ ਕਿ ਪੰਜਾਬ ਦੀ ਪੁਰਾਣੀ ਮੰਗ ਹੈ ਕਿ ਆਦਮਪੁਰ ਹਵਾਈ ਅੱਡੇ ਦਾ ਨਾਮ ਗੁਰੂ ਰਵਿਦਾਸ ਦੇ ਨਾਂ ’ਤੇ ਰੱਖਿਆ ਜਾਵੇ। ਸੂਬਾ ਪ੍ਰਧਾਨ ਨੇ ਕਿਹਾ ਕਿ ਜੇ ਅਜਿਹਾ ਕੀਤਾ ਜਾਂਦਾ ਹੈ ਤਾਂ ਇਸ ਨਾਲ ਪੰਜਾਬ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਪੂਰੀ ਹੋ ਜਾਵੇਗੀ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੌਰਾਨ 30 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਸ਼ਿਆਰਪੁਰ ਰੈਲੀ ’ਚ ਆਦਮਪੁਰ ਹਵਾਈ ਅੱਡੇ ਦਾ ਨਾਮ ਗੁਰੂ ਰਵਿਦਾਸ ਦੇ ਨਾਮ ’ਤੇ ਰੱਖਣ ਦੀ ਇੱਛਾ ਪ੍ਰਗਟਾਈ ਸੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਆਦਮਪੁਰ ਹਵਾਈ ਅੱਡੇ ਦਾ ਨਾਮ ਗੁਰੂ ਰਵਿਦਾਸ ਦੇ ਨਾਮ ’ਤੇ ਰੱਖਣ ਦਾ ਵਾਅਦਾ ਵੀ ਕੀਤਾ ਸੀ।