
* ਗਿਆਨੀ ਰਘਬੀਰ ਸਿੰਘ ਤੇ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਸਮਾਪਤ * ਸਿੱਖ ਪ੍ਰਚਾਰਕ ਕੁਲਦੀਪ ਸਿੰਘ ਗੜਗੱਜ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਿਯੁਕਤ * ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਫ਼ੈਸਲਾ
ਅੰਮ੍ਰਿਤਸਰ,(ਪੰਜਾਬੀ ਰਾਈਟਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਅੱਜ ਅਚਨਚੇਤੀ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਸਿੱਖ ਪ੍ਰਚਾਰਕ ਕੁਲਦੀਪ ਸਿੰਘ ਗੜਗੱਜ ਨੂੰ ਅਕਾਲ ਤਖ਼ਤ ਦਾ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਕੇਸਗੜ੍ਹ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਹੈ। ਇਸੇ ਤਰ੍ਹਾਂ ਸੰਤ ਟੇਕ ਸਿੰਘ ਧਨੌਲਾ ਨੂੰ ਤਖ਼ਤ ਦਮਦਮਾ ਸਾਹਿਬ ਦਾ ਜਥੇਦਾਰ ਨਾਮਜ਼ਦ ਕੀਤਾ ਗਿਆ ਹੈ। ਉੱਧਰ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਸੱਦ ਲਿਆ ਗਿਆ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ੇ ਦਾ ਮਾਮਲਾ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ।
ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਿਨ੍ਹਾਂ ਅੱਜ ਮੀਟਿੰਗ ਦੀ ਪ੍ਰਧਾਨਗੀ ਕੀਤੀ, ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਵਿਚਾਰ ਵਟਾਂਦਰੇ ਉਪਰੰਤ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਸੇਵਾਮੁਕਤ ਕਰ ਦਿੱਤਾ ਹੈ ਅਤੇ ਉਹ ਹੁਣ ਸੱਚਖੰਡ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਣਗੇ। ਉਹ ਅਕਾਲ ਤਖ਼ਤ ਦੇ ਜਥੇਦਾਰ ਦੇ ਨਾਲ-ਨਾਲ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਵੀ ਸੇਵਾਵਾਂ ਨਿਭਾਅ ਰਹੇ ਸਨ। ਇਸੇ ਤਰ੍ਹਾਂ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਪਾਸੋਂ ਵੀ ਜਥੇਦਾਰ ਦਾ ਚਾਰਜ ਵਾਪਸ ਲਿਆ ਗਿਆ ਹੈ ਅਤੇ ਉਹ ਪਹਿਲਾਂ ਦੀ ਤਰ੍ਹਾਂ ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਸੇਵਾਵਾਂ ਜਾਰੀ ਰੱਖਣਗੇ। ਉਨ੍ਹਾਂ ਦੱਸਿਆ ਕਿ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਸਿੱਖ ਵਿਦਵਾਨ ਅਤੇ ਕਥਾਵਾਚਕ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਉੱਘੀ ਧਾਰਮਿਕ ਸ਼ਖ਼ਸੀਅਤ ਬਾਬਾ ਟੇਕ ਸਿੰਘ ਮੁਖੀ ਬੁੰਗਾ ਮਸਤੂਆਣਾ, ਦਮਦਮਾ ਸਾਹਿਬ ਨੂੰ ਬਤੌਰ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਕਾਲ ਤਖ਼ਤ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਸਾਰੀਆਂ ਸਿੱਖ ਸੰਸਥਾਵਾਂ, ਜਥੇਬੰਦੀਆਂ ਅਤੇ ਸੰਪਰਦਾਵਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਕੀਤੀ ਜਾਵੇਗੀ ਅਤੇ ਉਦੋਂ ਤੱਕ ਤਖ਼ਤ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਦੇ ਮੁੱਦੇ ਨੂੰ ਮੁੜ ਬਕਾਇਆ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋਵੇਗਾ। ਮੀਟਿੰਗ ਵਿੱਚ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਅਮਰੀਕ ਸਿੰਘ ਵਿਛੋਆ, ਸੁਰਜੀਤ ਸਿੰਘ ਤੁਗਲਵਾਲ ਆਦਿ ਹਾਜ਼ਰ ਸਨ।
ਗਿਆਨੀ ਰਘਬੀਰ ਸਿੰਘ ਪੰਥ ਨੂੰ ਯੋਗ ਅਗਵਾਈ ਦੇਣ ਤੋਂ ਅਸਮਰੱਥ ਰਹੇ: ਵਿਰਕ
ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖ਼ਤਮ ਕੀਤੇ ਜਾਣ ਦੇ ਕਾਰਨਾਂ ਬਾਰੇ ਜਾਣਕਾਰੀ ਦਿੰਦਿਆਂ ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਵਿਸ਼ਵੀਕਰਨ ਦੇ ਇਸ ਦੌਰ ਵਿੱਚ ਉਹ ਕੌਮ ਦਾ ਮਾਰਗਦਰਸ਼ਨ ਕਰਨ ਅਤੇ ਸੁਯੋਗ ਅਗਵਾਈ ਦੇਣ ਦੇ ਅਸਮਰੱਥ ਰਹੇ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਦੀ ਹੋਂਦ ਨੂੰ ਖੋਰਾ ਲਾਉਣ ਲਈ ਪੰਥ ਵਿਰੋਧੀ ਸ਼ਕਤੀਆਂ ਤੇ ਏਜੰਸੀਆਂ ਪੱਬਾਂ ਭਾਰ ਹਨ ਅਤੇ ਨਾਜ਼ੁਕ ਸਮੇਂ ’ਚ ਪੰਥਕ ਸ਼ਕਤੀ ਨੂੰ ਮਜ਼ਬੂਤ ਕਰਨ ਦੀ ਥਾਂ ਜਥੇਦਾਰ ਅਜਿਹੇ ਹਾਲਾਤ ਪੈਦਾ ਕਰ ਰਹੇ ਹਨ ਜਿਸ ਨਾਲ ਪੰਥਕ ਸ਼ਕਤੀ ਨੂੰ ਖੋਰਾ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਠ ਭਰੇ ਵਿਹਾਰ ਅਤੇ ਵਾਰ ਵਾਰ ਬਿਆਨ ਬਦਲ ਕੇ ਗਿਆਨੀ ਰਘਬੀਰ ਸਿੰਘ ਨੇ ਵੱਕਾਰੀ ਅਹੁਦੇ ਦੀ ਮਾਣ-ਮਰਿਆਦਾ ਨੂੰ ਭਾਰੀ ਠੇਸ ਪਹੁੰਚਾਈ ਹੈ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਮਹਿਸੂਸ ਕੀਤਾ ਹੈ ਕਿ ਬਹੁਤ ਸਾਰੀਆਂ ਕਮੀਆਂ, ਬੇਨਿਯਮੀਆਂ ਅਤੇ ਮਰਿਆਦਾ ਦੀ ਉਲੰਘਣਾ ਦੇ ਮੱਦੇਨਜ਼ਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਸੇਵਾਮੁਕਤ ਕੀਤਾ ਜਾਵੇ।
ਪੁੜੈਣ ਅਤੇ ਹੋਰਾਂ ਨੇ ਫ਼ੈਸਲੇ ਨਾਲ ਅਸਹਿਮਤੀ ਜਤਾਈ
ਅੰਤ੍ਰਿੰਗ ਕਮੇਟੀ ਵਿੱਚ ਸ਼ਾਮਲ ਵਿਰੋਧੀ ਧਿਰ ਦੇ ਮੈਂਬਰ ਜਸਵੰਤ ਸਿੰਘ ਪੁੜੈਣ ਨੇ ਦੱਸਿਆ ਕਿ ਅਮਰੀਕ ਸਿੰਘ ਵਿਛੋਆ ਅਤੇ ਹੋਰ ਮੈਂਬਰਾਂ ਨੇ ਕਮੇਟੀ ਦੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਅਤੇ ਇਸ ਨਾਲ ਅਸਹਿਮਤੀ ਜਤਾਈ ਹੈ। ਇਸ ਸਬੰਧ ਵਿੱਚ ਉਨ੍ਹਾਂ ਲਿਖਤੀ ਅਸਹਿਮਤੀ ਵੀ ਦਰਜ ਕਰਵਾਈ ਹੈ। ਉਨ੍ਹਾਂ ਕਿਹਾ ਕਿ ਉਹ ਅੰਤ੍ਰਿੰਗ ਕਮੇਟੀ ਦੇ ਇਸ ਫ਼ੈਸਲੇ ਨਾਲ ਬਿਲਕੁਲ ਸਹਿਮਤ ਨਹੀਂ ਹਨ।
ਸਿੱਖ ਵਿਦਵਾਨ ਤੇ ਪ੍ਰਚਾਰਕ ਹਨ ਭਾਈ ਕੁਲਦੀਪ ਸਿੰਘ ਗੜਗੱਜ
ਅੰਮ੍ਰਿਤਸਰ : ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਨਾਮਜ਼ਦ ਕੀਤੇ ਗਏ ਭਾਈ ਕੁਲਦੀਪ ਸਿੰਘ ਗੜਗੱਜ (40) ਸਿੱਖ ਵਿਦਵਾਨ ਅਤੇ ਪ੍ਰਚਾਰਕ ਹਨ। ਉਹ ਪਿਛਲੇ ਤਿੰਨ ਸਾਲਾਂ ਤੋਂ ਇੱਥੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਕਥਾ ਵਿਆਖਿਆ ਕਰ ਰਹੇ ਹਨ। ਜਾਣਕਾਰੀ ਅਨੁਸਾਰ ਉਹ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਜੱਬੋਵਾਲ ਦੇ ਵਸਨੀਕ ਹਨ। ਉਨ੍ਹਾਂ ਐੱਮਏ ਇਤਿਹਾਸ ਅਤੇ ਸਿੱਖ ਮਿਸ਼ਨਰੀ ਕਾਲਜ ਤੋਂ ਧਾਰਮਿਕ ਵਿੱਦਿਆ ਪ੍ਰਾਪਤ ਕੀਤੀ ਹੋਈ ਹੈ। ਉਨ੍ਹਾਂ ਦਾ ਸਮੁੱਚਾ ਪਰਿਵਾਰ ਅੰਮ੍ਰਿਤਧਾਰੀ ਹੈ। ਉਹ ਲਗਪਗ ਇੱਕ ਦਹਾਕੇ ਤੋਂ ਗਰੀਬ ਅਤੇ ਯਤੀਮ ਬੱਚਿਆਂ ਦੀ ਪੜ੍ਹਾਈ ਤੇ ਰੈਣ ਬਸੇਰੇ ਦਾ ਵੀ ਉਪਰਾਲਾ ਕਰ ਰਹੇ ਹਨ।
ਅਕਾਲੀ ਆਗੂਆਂ ਨੂੰ ਤਨਖਾਹ ਲਾਉਣ ਵਾਲੇ ਤਿੰਨੋਂ ਜਥੇਦਾਰ ਕੀਤੇ ਸੇਵਾਮੁਕਤ
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਅੱਜ ਦੋ ਤਖ਼ਤਾਂ ਦੇ ਜਥੇਦਾਰਾਂ ਦੀਆਂ ਸੇਵਾਵਾਂ ਖਤਮ ਕਰਨ ਨਾਲ ਉਨ੍ਹਾਂ ਤਿੰਨਾਂ ਜਥੇਦਾਰਾਂ ਦੀਆਂ ਸੇਵਾਵਾਂ ਖਤਮ ਹੋ ਗਈਆਂ ਹਨ, ਜਿਨ੍ਹਾਂ 2 ਦਸੰਬਰ ਨੂੰ ਅਕਾਲ ਤਖ਼ਤ ਦੀ ਫਸੀਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਉਨ੍ਹਾਂ ਨੂੰ ਤਨਖਾਹ ਲਾਉਣ ਦੇ ਹੁਕਮ ਸੁਣਾਏ ਸਨ। ਇਹ ਹੁਕਮ ਸੁਣਾਉਣ ਵਾਲਿਆਂ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਿੰਦਰ ਸਿੰਘ ਅਤੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਸ਼ਾਮਿਲ ਸਨ।