
ਕੇਜਰੀਵਾਲ ਨੇ ਮੁੱਖ ਮੰਤਰੀ ਬਦਲਣ ਦੇ ਕਿਆਸਾਂ ਨੂੰ ਸਿਰੇ ਤੋਂ ਖਾਰਜ ਕੀਤਾ
ਅੰਮ੍ਰਿਤਸਰ/ਚੰਡੀਗੜ੍ਹ,(ਪੰਜਾਬੀ ਰਾਈਟਰ)- ਪੰਜਾਬ ਦੀ ਖ਼ਬਰ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਪਿਛਲੇ ਕੁਝ ਸਮੇਂ ਤੋਂ ਚੱਲ ਰਹੀਆਂ ਅਫ਼ਵਾਹਾਂ ਨੂੰ ਵਿਰਾਮ ਦਿੰਦਿਆਂ ਸਪਸ਼ਟ ਕੀਤਾ ਕਿ ਭਗਵੰਤ ਮਾਨ ਹੀ ਪੰਜਾਬ ਦੇ ਮੁੱਖ ਮੰਤਰੀ ਰਹਿਣਗੇ। ਅੰਮ੍ਰਿਤਸਰ ਵਿੱਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਪੰਜ ਸਾਲ ਪੂਰੇ ਹੀ ਨਹੀਂ ਕਰਨਗੇ ਬਲਕਿ ਉਸ ਤੋਂ ਬਾਅਦ ਅਗਲੇ ਪੰਜ ਸਾਲ ਵੀ ਭਗਵੰਤ ਮਾਨ ਹੀ ਮੁੱਖ ਮੰਤਰੀ ਹੋਣਗੇ।
ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਦੇ ਬਾਹਰ ਮੀਡੀਆ ਨਾਲ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ।
ਚੇਤੇ ਰਹੇ ਕਿ ਪੰਜਾਬ ਵਿੱਚ ਮੁੱਖ ਮੰਤਰੀ ਬਦਲਣ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਸਮੇਂ ਸਮੇਂ ’ਤੇ ਪ੍ਰਚਾਰ ਕੀਤਾ ਜਾਂਦਾ ਰਿਹਾ ਹੈ। ਕੌਮੀ ਕਨਵੀਨਰ ਕੇਜਰੀਵਾਲ ਨੇ ਅੱਜ ਪਹਿਲੀ ਵਾਰ ਮੀਡੀਆ ਅੱਗੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਬਦਲੇ ਨਹੀਂ ਜਾ ਰਹੇ ਹਨ। ਸ੍ਰੀ ਕੇਜਰੀਵਾਲ ਹੁਸ਼ਿਆਰਪੁਰ ਵਿਚ ‘ਵਿਪਾਸਨਾ’ ਮਗਰੋਂ ਕੱਲ੍ਹ ਹੀ ਅੰਮ੍ਰਿਤਸਰ ਪੁੱਜ ਗਏ ਸਨ ਅਤੇ ਉਹ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਦੇ ਗ੍ਰਹਿ ਵਿਖੇ ਠਹਿਰੇ ਸਨ। ਉਨ੍ਹਾਂ ਭਾਜਪਾ ਆਗੂ ਅਤੇ ਦੁਰਗਿਆਨਾ ਮੰਦਰ ਕਮੇਟੀ ਦੀ ਮੁਖੀ ਪ੍ਰੋਫੈਸਰ ਲਕਸ਼ਮੀਕਾਂਤਾ ਚਾਵਲਾ ਨਾਲ ਵੀ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਸੀ।
ਪੰਜਾਬ ਵਿੱਚ ‘ਆਪ’ ਸਰਕਾਰ ਦੇ ਤਿੰਨ ਸਾਲ ਦਾ ਕਾਰਜਕਾਲ ਮੁਕੰਮਲ ਹੋਣ ’ਤੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ ਤੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਹੈ।
ਸ੍ਰੀ ਕੇਜਰੀਵਾਲ ਨੇ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਲਣ ਦੀ ਸੰਭਾਵਨਾ ਸਬੰਧੀ ਵਿਰੋਧੀਆਂ ਦੀਆਂ ਅਫ਼ਵਾਹਾਂ ਨੂੰ ਨਕਾਰ ਦਿੱਤਾ ਅਤੇ ਕਿਹਾ ਕਿ ਬਾਕੀ ਰਹਿੰਦੇ ਸਮੇਂ ਤੱਕ ਸ੍ਰੀ ਮਾਨ ਹੀ ਆਮ ਆਦਮੀ ਪਾਰਟੀ ਸਰਕਾਰ ਦੇ ਮੁੱਖ ਮੰਤਰੀ ਹੋਣਗੇ। ਕੇਜਰੀਵਾਲ ਨੇ ਇਥੋਂ ਤੱਕ ਕਹਿ ਦਿੱਤਾ ਕਿ ਜੇ ਅਗਾਂਹ ਮੌਕਾ ਮਿਲਿਆ ਤਾਂ ਅਗਲੇ ਪੰਜ ਸਾਲ ਵੀ ਭਗਵੰਤ ਮਾਨ ਹੀ ਮੁੱਖ ਮੰਤਰੀ ਬਣਨਗੇ।
ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਤਿੰਨ ਸਾਲ ਦਾ ਕਾਰਜਕਾਲ ਮੁਕੰਮਲ ਕੀਤਾ ਹੈ ਅਤੇ ਬਾਕੀ ਰਹਿੰਦੇ ਦੋ ਸਾਲ ਵੀ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਕੇ ਮੁਕੰਮਲ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲਈ ਰਾਜ ਪ੍ਰਬੰਧ ਚਲਾਉਣਾ ਸੇਵਾ ਵਾਂਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੇ ਭ੍ਰਿਸ਼ਟਾਚਾਰ ਖਿਲਾਫ ਜੰਗ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤਿੰਨ ਸਾਲ ਪਹਿਲਾਂ ਜਿਸ ਮੰਤਵ ਨਾਲ ਲੋਕਾਂ ਵਿੱਚ ਆਈ ਸੀ, ਉਸੇ ਮੰਤਵ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਅੱਜ ਗੁਰੂ ਘਰ ਵਿੱਚ ਅਰਦਾਸ ਕਰਕੇ ਗੁਰੂ ਸਾਹਿਬ ਅੱਗੇ ਜੋਦੜੀ ਕੀਤੀ ਹੈ ਕਿ ਉਨ੍ਹਾਂ ਨੂੰ ਅਗਾਂਹ ਵੀ ਮਾਰਗਦਰਸ਼ਨ ਦੇਣ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਤਿੰਨ ਸਾਲ ਪਹਿਲਾਂ ਖਟਕੜ ਕਲਾਂ ਤੋਂ ਇਹ ਸੇਵਾ ਆਰੰਭ ਕੀਤੀ ਸੀ ਅਤੇ ਤਿੰਨ ਸਾਲਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਹੈ ਅਤੇ ਲੋਕ ਸੇਵਾ ਵਜੋਂ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲਗਾਤਾਰ ਜੰਗ ਜਾਰੀ ਹੈ। ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਪੰਜਾਬ ਵਿੱਚ ਬਿਜਲੀ ਤੇ ਮੁੱਢਲੇ ਢਾਂਚੇ ਦਾ ਵਿਕਾਸ ਕਰਨ ਵਾਸਤੇ ਅਤੇ ਸੂਬੇ ਦੇ ਸਰੋਤਾਂ ਨੂੰ ਵਰਤਣ ਲਈ ਲਗਾਤਾਰ ਕੰਮ ਚੱਲ ਰਿਹਾ ਹੈ। ਸਰਕਾਰ ਵੱਲੋਂ ਲੋਕਾਂ ਨੂੰ ਹਰ ਸੰਭਵ ਸਹੂਲਤਾਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਗੁਰੂ ਘਰ ਵਿੱਚ ਪੰਜਾਬ ਦੇ ਭਲੇ ਅਤੇ ਭਾਈਚਾਰਕ ਸਾਂਝ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ।
‘ਆਪ’ ਸੁਪਰੀਮੋ ਅਨੁਸਾਰ ਨਸ਼ਾ ਤੇ ਭ੍ਰਿਸ਼ਟਾਚਾਰ ਸੂਬੇ ਦੀਆਂ ਵੱਡੀਆਂ ਸਮੱਸਿਆਵਾਂ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਸਭ ਤੋਂ ਵੱਡੀ ਸਮੱਸਿਆ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੀ ਹੈ, ਜਿਸ ਖ਼ਿਲਾਫ਼ ਸਰਕਾਰ ਨੇ ਜੰਗ ਛੇੜੀ ਹੋਈ ਹੈ। ਜਦੋਂ ਇਨ੍ਹਾਂ ਸਮੱਸਿਆਵਾਂ ਖ਼ਿਲਾਫ਼ ਪੰਜਾਬ ਦੇ ਤਿੰਨ ਕਰੋੜ ਲੋਕ ਇਕੱਠੇ ਹੋ ਕੇ ਯੁੱਧ ਕਰਨਗੇ ਤਾਂ ਜਿੱਤ ਪੱਕੀ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਾਸਤੇ ਇਹ ਕਾਰਜ ਰਾਜ ਨਹੀਂ, ਸਗੋਂ ਲੋਕਾਂ ਦੀ ਸੇਵਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਤਿੰਨ ਸਾਲ ਦਾ ਕਾਰਜਕਾਲ ਮੁਕੰਮਲ ਕਰ ਲਿਆ ਹੈ, ਜਿਸ ਦੇ ਸ਼ੁਕਰਾਨੇ ਲਈ ਉਹ ਅੱਜ ਗੁਰੂ ਘਰ ਨਤਮਸਤਕ ਹੋਏ ਹਨ। ਉਨ੍ਹਾਂ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਹੈ ਕਿ ਉਹ ਅੱਗੇ ਵੀ ਮਾਰਗਦਰਸ਼ਨ ਕਰਨ, ਤਾਂ ਜੋ ਪਹਿਲਾਂ ਵਾਂਗ ਹੀ ਲੋਕਾਂ ਦੀ ਸੇਵਾ ਜਾਰੀ ਰੱਖੀ ਜਾ ਸਕੇ। ਇਸ ਮੌਕੇ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ, ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਹਾਜ਼ਰ ਸਨ।
ਅੰਮ੍ਰਿਤਸਰ ’ਚ ਧਾਰਮਿਕ ਅਸਥਾਨ ਦੇ ਬਾਹਰ ਧਮਾਕੇ ਦੇ ਮਾਮਲੇ ’ਚ ਕਾਨੂੰਨ ਮੁਤਾਬਕ ਕਾਰਵਾਈ ਕਰਾਂਗੇ: ਮਾਨ
ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿੱਚ ਧਾਰਮਿਕ ਅਸਥਾਨ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ ਵਿੱਚ ਕਿਹਾ ਕਿ ਇਸ ਮਾਮਲੇ ਵਿੱਚ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨਾਲ ਸ੍ਰੀ ਕੇਜਰੀਵਾਲ ਦੀ ਧਰਮ ਪਤਨੀ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਸ਼ਾਮਲ ਸਨ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਮਗਰੋਂ ਸ੍ਰੀ ਅਕਾਲ ਤਖਤ ਵਿਖੇ ਵੀ ਮੱਥਾ ਟੇਕਿਆ। ਉਹ ਸ੍ਰੀ ਦੁਰਗਿਆਨਾ ਮੰਦਿਰ ਅਤੇ ਇਤਿਹਾਸਕ ਰਾਮ ਤੀਰਥ ਵਿਖੇ ਵੀ ਮੱਥਾ ਟੇਕਣ ਲਈ ਜਾਣਗੇ।