
ਕਿਸਾਨ ਮੋਰਚੇ ਨੂੰ ਅੰਜਾਮ ਤੱਕ ਲੈ ਕੇ ਜਾਣ ਲਈ ਅਰਦਾਸ ਕੀਤੀ; ਕੋਹਾਲੀ ਦੀ ਮਹਾਂਪੰਚਾਇਤ ਵਿੱਚ ਸ਼ਮੂਲੀਅਤ
ਅੰਮ੍ਰਿਤਸਰ,(ਪੰਜਾਬੀ ਰਾਈਟਰ)- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕਿਸਾਨ ਮੋਰਚੇ ਨੂੰ ਅੰਜਾਮ ਤੱਕ ਲੈ ਕੇ ਜਾਣ ਲਈ ਅਰਦਾਸ ਕੀਤੀ ਹੈ। ਉਨ੍ਹਾਂ ਇਥੇ ਹੈਰੀਟੇਜ ਸਟਰੀਟ ਵਿੱਚ ਸਿੱਖ ਆਗੂ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ 328 ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਨਿਰੰਤਰ ਚੱਲ ਰਹੇ ਧਰਨੇ ਵਿੱਚ ਵੀ ਸ਼ਮੂਲੀਅਤ ਕੀਤੀ ਅਤੇ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਪਿੰਡ ਕੁਹਾਲੀ ਵਿਚ ਕਿਸਾਨ ਮਜ਼ਦੂਰ ਮਹਾਂਪੰਚਾਇਤ ਵਿੱਚ ਸ਼ਮੂਲੀਅਤ ਕੀਤੀ।
ਮੀਡੀਆ ਨਾਲ ਗੱਲਬਾਤ ਦੌਰਾਨ ਕਿਸਾਨ ਆਗੂ ਨੇ ਦੋਸ਼ ਲਾਇਆ ਕਿ ਕਿਸਾਨਾਂ ਦੇ ਮਾਮਲੇ ਵਿੱਚ ਕੇਂਦਰ ਅਤੇ ਰਾਜ ਸਰਕਾਰ ਦੋਵੇਂ ਘਿਉ ਖਿਚੜੀ ਹਨ। ਪਹਿਲਾਂ ਸੂਬਾ ਸਰਕਾਰ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਦੱਸਦੀ ਸੀ। ਜਦੋਂ ਕਿਸਾਨ ਮੋਰਚੇ ਨੂੰ ਢਾਹ ਢੇਰੀ ਕੀਤਾ ਗਿਆ ਤਾਂ ਉਸ ਵੇਲੇ ਲੱਗਦਾ ਸੀ ਕਿ ਮੋਰਚਾ ਖਤਮ ਹੋ ਗਿਆ ਹੈ ਪਰ ਲੋਕਾਂ ਦਾ ਗੁੱਸਾ ਸਰਕਾਰ ਪ੍ਰਤੀ ਸਾਹਮਣੇ ਆ ਰਿਹਾ ਹੈ ਅਤੇ ਲੱਗਦਾ ਹੈ ਕਿ ਲੋਕਾਂ ਦਾ ਗੁੱਸਾ ਆਉਣ ਵਾਲੀਆਂ ਚੋਣਾਂ 2027 ਤੱਕ ਕਾਇਮ ਰਹੇਗਾ। ਉਨ੍ਹਾਂ ਅੱਜ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਗੁਰੂ ਚਰਨਾਂ ਵਿੱਚ ਕਿਸਾਨ ਮੋਰਚੇ ਨੂੰ ਅੰਜਾਮ ਤੱਕ ਲੈ ਕੇ ਜਾਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਸ਼ੁਰੂ ਕੀਤੇ ਗਏ ਮੋਰਚੇ ਨੂੰ ਸਮਰਥਨ ਦਿੱਤਾ।
ਕਿਸਾਨ ਮਜ਼ਦੂਰ ਮਹਾਪੰਚਾਇਤ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨੂੰ ਚੰਗਾ ਸਮਰਥਨ ਮਿਲ ਰਿਹਾ ਹੈ। ਪੰਜਾਬ ਤੋਂ ਇਲਾਵਾ ਹਰਿਆਣਾ ਤੇ ਦੱਖਣੀ ਭਾਰਤ ਦੇ ਸੂਬਿਆਂ ਵਿੱਚੋਂ ਵੀ ਇਸ ਮਹਾਪੰਚਾਇਤ ਦੀ ਮੰਗ ਆ ਰਹੀ ਹੈ।