
ਪਿੰਡ ਬੋਪਾਰਾਏ ਬਾਜ ਸਿੰਘ ਵਿੱਚ ਵਾਪਰੀ ਘਟਨਾ; ਮੁਲਜ਼ਮ ਗ੍ਰਿਫ਼ਤਾਰ
ਅੰਮ੍ਰਿਤਸਰ,(ਪੰਜਾਬੀ ਰਾਈਟਰ)- ਜ਼ਿਲ੍ਹਾ ਦਿਹਾਤੀ ਪੁਲੀਸ ਖੇਤਰ ਅਧੀਨ ਆਉਂਦੇ ਪਿੰਡ ਬੋਪਾਰਾਏ ਬਾਜ ਸਿੰਘ ਵਿੱਚ ਅੱਜ ਪਿਤਾ ਵੱਲੋਂ ਅਣਖ ਖ਼ਾਤਰ ਆਪਣੀ ਧੀ ਅਤੇ ਉਸ ਦੇ ਪ੍ਰੇਮੀ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਸ਼ਨਾਖਤ ਜੋਬਨਦੀਪ ਸਿੰਘ (24) ਵਾਸੀ ਪਿੰਡ ਕਾਕੜ ਅਤੇ ਸੁਖਬੀਰ ਕੌਰ (23) ਵਜੋਂ ਹੋਈ ਹੈ। ਪੁਲੀਸ ਨੇ ਮ੍ਰਿਤਕਾ ਦੇ ਪਿਤਾ ਗੁਰਦਿਆਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਐੱਸਪੀ ਰਾਜਾਸਾਂਸੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਜੋਬਨਦੀਪ ਪਿੰਡ ਬੋਪਾਰਾਏ ਬਾਜ ਸਿੰਘ ਵਿੱਚ ਟਰੈਕਟਰ-ਟਰਾਲੀ ਰਾਹੀਂ ਮਿੱਟੀ ਪਾਉਣ ਦਾ ਕੰਮ ਕਰ ਰਿਹਾ ਸੀ।
ਨੇੜੇ ਹੀ ਗੁਰਦਿਆਲ ਸਿੰਘ ਦਾ ਡੇਰਾ ਹੈ। ਕੰਮ ਦੌਰਾਨ ਜੋਬਨਦੀਪ ਸਿੰਘ ਦਾ ਗੁਰਦਿਆਲ ਸਿੰਘ ਦੇ ਘਰ ਆਉਣਾ-ਜਾਣਾ ਸ਼ੁਰੂ ਹੋ ਗਿਆ ਤੇ ਉਸ ਦੀ ਲੜਕੀ ਨਾਲ ਕਥਿਤ ਪ੍ਰੇਮ ਸਬੰਧ ਬਣ ਗਏ। ਡੀਐੱਸਪੀ ਨੇ ਦੱਸਿਆ ਕਿ ਇਸ ਬਾਰੇ ਪਤਾ ਲੱਗਣ ’ਤੇ ਅੱਜ ਗੁਰਦਿਆਲ ਸਿੰਘ ਨੇ ਆਪਣੀ ਧੀ ਅਤੇ ਨੌਜਵਾਨ ਦਾ ਕਤਲ ਕਰ ਦਿੱਤਾ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਥਾਣਾ ਲੋਪੋਕੇ ਵਿੱਚ ਕੇਸ ਦਰਜ ਕੀਤਾ ਗਿਆ ਹੈ।