
ਜਥੇਦਾਰ ਗੜਗੱਜ ਨੇ ਅਕਾਲ ਤਖ਼ਤ ਦੀ ਫਸੀਲ ਤੋਂ ਕੌਮ ਦੇ ਨਾਂ ਨਹੀਂ ਦਿੱਤਾ ਸੰਦੇਸ਼; ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸ਼ਹੀਦਾਂ ਦਾ ਸਨਮਾਨ
ਅੰਮ੍ਰਿਤਸਰ,(ਪੰਜਾਬੀ ਰਾਈਟਰ)- 6 ਜੂਨ ਘੱਲੂਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮ ਦੇ ਨਾਂ ਸੰਦੇਸ਼ ਨਾ ਦਿੱਤੇ ਜਾਣ ਕਾਰਨ ਅਤੇ ਸ਼ਹੀਦ ਪਰਿਵਾਰਾਂ ਦਾ ਸਨਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ ਜਾਣ ਕਾਰਨ ਇਹ ਸਮਾਗਮ ਸ਼ਾਂਤੀ ਪੂਰਵਕ ਢੰਗ ਨਾਲ ਅਤੇ ਬਿਨਾਂ ਕਿਸੇ ਵਿਰੋਧ ਦੇ ਸੰਪੰਨ ਹੋ ਗਿਆ।
ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਮਗਰੋਂ ਗੁਰਬਾਣੀ ਦਾ ਕੀਰਤਨ ਹੋਇਆ ਅਤੇ ਅਰਦਾਸ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਗਈ ਜਦੋਂ ਕਿ ਪਾਵਨ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸਰਵਣ ਕਰਵਾਇਆ ਹੈ।
ਇਸ ਮੌਕੇ ਸਿੱਖ ਜਥੇਬੰਦੀਆਂ ਤੇ ਕਾਰਕੂਨਾਂ ਵੱਲੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ। ਉਨ੍ਹਾਂ ਸ਼ਹੀਦਾਂ ਅਤੇ ਅਕਾਲ ਤਖਤ ਦੀ ਇਮਾਰਤ ਦੀ ਢਹਿ ਢੇਰੀ ਹੋਈ ਦੀਆਂ ਤਸਵੀਰਾਂ ਹੱਥਾਂ ਵਿੱਚ ਚੁੱਕੀਆਂ ਹੋਈਆਂ ਸਨ।
ਇਸ ਮੌਕੇ ਸ੍ਰੀ ਅਕਾਲ ਤਖਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਸਿੰਘ ਜਥੇਬੰਦੀਆਂ ਦੇ ਪ੍ਰਤੀਨਿਧ ਤੇ ਹੋਰ ਸੰਗਤ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਦੱਸਣ ਯੋਗ ਹੈ ਕਿ ਦਮਦਮੀ ਟਕਸਾਲ ਵੱਲੋਂ ਜਥੇਦਾਰ ਗੜਗੱਜ ਨੂੰ ਪ੍ਰਵਾਨਿਤ ਜਥੇਦਾਰ ਮੰਨਣ ਤੋਂ ਇਨਕਾਰ ਕਰਦਿਆਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਉਹ ਸ੍ਰੀ ਅਕਾਲ ਤਖਤ ਤੋਂ ਅੱਜ ਕੌਮ ਦੇ ਨਾਂ ਸੰਦੇਸ਼ ਦਿੰਦੇ ਹਨ ਅਤੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹਨ ਤਾਂ ਟਕਸਾਲ ਉਸ ਦਾ ਵਿਰੋਧ ਕਰੇਗੀ।