
ਵਿਸਾਖਾਪਟਨਮ: ਆਂਧਰਾ ਪ੍ਰਦੇਸ਼ ਦੇ ਵਿਜ਼ਿਆਨਗਰਮ ਜ਼ਿਲ੍ਹੇ ਵਿੱਚ ਦੋ ਰੇਲਗੱਡੀਆਂ ਵਿਚਾਲੇ ਟੱਕਰ ਹੋਣ ਕਾਰਨ ਘੱਟੋ-ਘੱਟ ਅੱਠ ਜਣਿਆਂ ਦੀ ਮੌਤ ਹੋ ਗਈ, ਜਦਕਿ 20 ਜਣੇ ਜ਼ਖ਼ਮੀ ਹੋ ਗਏ, ਜਨਿ੍ਹਾਂ ਦੀ ਹਾਲਤ ਨਾਜ਼ੁਕ ਹੈ। ਦੱਖਣੀ ਤੱਟ ਰੇਲਵੇ ਜ਼ੋਨ ਦੇ ਇੱਕ ਅਧਿਕਾਰੀ ਨੇ ਦੱਸਿਆ, ‘‘08532 ਵਿਸਾਖਾਪਟਨਮ ਪਲਾਸਾ ਯਾਤਰੂ ਗੱਡੀ 08504 ਵਿਸਾਖਾਪਟਨਮ-ਰਯਾਗੜਾ ਪੈਸੇਂਜਰ ਨਾਲ ਟਕਰਾ ਗਈ, ਜਿਸ ਕਾਰਨ ਤਿੰਨ ਡੱਬੇ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਦੌਰਾਨ ਕਰੀਬ 10 ਜਣੇ ਜ਼ਖ਼ਮੀ ਹੋਏ ਹਨ।’’ ਡਿਵੀਜ਼ਨਲ ਰੇਲਵੇ ਮੈਨੇਜਰ ਸੌਰਭ ਪ੍ਰਸਾਦ ਨੇ ਮੌਕੇ ’ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ। ਅਧਿਕਾਰੀ ਨੇ ਦੱਸਿਆ ਕਿ ਸਥਾਨਕ ਪ੍ਰਸ਼ਾਸਨ ਅਤੇ ਐੱਨਡੀਆਰਐੱਫ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਦੁੱਖ ਜ਼ਾਹਿਰ ਕਰਦਿਆਂ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ ਐੱਸ ਜਗਨ ਮੋਹਨ ਰੈੱਡੀ ਨੇ ਸਬੰਧਿਤ ਅਧਿਕਾਰੀਆਂ ਨੂੰ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।