ਵਿਜੀਲੈਂਸ ਨੇ ਕੈਪਟਨ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਸਾਬਕਾ ਮੀਡੀਆ ਸਲਾਹਕਾਰ ’ਤੇ ਆਪਣੀ ਆਮਦਨ ਦੇ ਸਰੋਤਾਂ ਨਾਲੋਂ 305 ਫ਼ੀਸਦ ਵੱਧ ਖਰਚ ਕਰਨ ਦਾ ਦੋਸ਼

ਵਿਜੀਲੈਂਸ ਨੇ ਕੈਪਟਨ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਸਾਬਕਾ ਮੀਡੀਆ ਸਲਾਹਕਾਰ ’ਤੇ ਆਪਣੀ ਆਮਦਨ ਦੇ ਸਰੋਤਾਂ ਨਾਲੋਂ 305 ਫ਼ੀਸਦ ਵੱਧ ਖਰਚ ਕਰਨ ਦਾ ਦੋਸ਼

ਪਟਿਆਲਾ - ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਹੈ। ਅੱਜ ਇਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 13(1)ਬੀ, 13(2) ਅਧੀਨ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਾਰਚ 2017 ਤੋਂ ਸਤੰਬਰ 2021 ਤੱਕ ਚਾਹਲ ਅਤੇ ਉਸ ਦੇ ਪਰਿਵਾਰ ਦੀ ਆਮਦਨ 7,85,16,905 ਰੁਪਏ ਸੀ, ਜਦੋਂਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਆਮਦਨ ਦੇ ਸਰੋਤਾਂ ਤੋਂ 305 ਫ਼ੀਸਦ ਵੱਧ ਹਨ। ਮੁਲਜ਼ਮ ਭਰਤਇੰਦਰ ਸਿੰਘ ਚਾਹਲ ਨੇ ਆਪਣੇ ਅਤੇ ਆਪਣੇ ਪਰਿਵਾਰ ਦੇ ਨਾਂ ’ਤੇ ਕਈ ਜਾਇਦਾਦਾਂ ਬਣਾਈਆਂ, ਜਿਨ੍ਹਾਂ ਵਿੱਚ ਸਰਹਿੰਦ ਰੋਡ ਪਟਿਆਲਾ ਉਤੇ ਸਥਿਤ ਦਸਮੇਸ਼ ਲਗਜ਼ਰੀ ਵੈਡਿੰਗ ਰਿਜ਼ੋਰਟ (ਅਲਕਾਜ਼ਾਰ), ਮਿੰਨੀ ਸਕੱਤਰੇਤ ਰੋਡ ਪਟਿਆਲਾ ਉਤੇ 2595 ਗਜ਼ ਦੀ ਪੰਜ ਮੰਜ਼ਿਲਾ ਕਮਰਸ਼ੀਅਲ ਇਮਾਰਤ (ਪਸ਼ੂ ਪਾਲਣ ਵਿਭਾਗ ਦੀ ਸਾਈਟ), ਨਾਭਾ ਰੋਡ ‘ਤੇ ਟੋਲ ਪਲਾਜ਼ਾ ਨੇੜੇ ਪਿੰਡ ਕਲਿਆਣ ਵਿਖੇ 72 ਕਨਾਲ 14 ਮਰਲੇ ਜ਼ਮੀਨ ਸ਼ਾਮਲ ਹੈ। ਇਸ ਤੋਂ ਇਲਾਵਾ ਉਸ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਮਾਲਾਹੇੜੀ ਅਤੇ ਹਰਬੰਸਪੁਰਾ ਵਿਖੇ ਵੀ ਜ਼ਮੀਨ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।