
ਮੁੱਖ ਮੰਤਰੀ ਵੱਲੋਂ ਸਥਿਤੀ ਦੇ ਜਾਇਜ਼ੇ ਲਈ ਉੱਚ ਅਫ਼ਸਰਾਂ ਨਾਲ ਮੀਿਟੰਗ
ਚੰਡੀਗੜ੍ਹ,(ਪੰਜਾਬੀ ਰਾਈਟਰ)- ਕੇਂਦਰ ਸਰਕਾਰ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਚੱਲ ਰਹੇ ਮਰਨ ਵਰਤ ਦੇ ਮੱਦੇਨਜ਼ਰ ਕਿਸਾਨ ਆਗੂਆਂ ਨਾਲ ਗੱਲਬਾਤ ਦਾ ਰਾਹ ਖੋਲ੍ਹ ਸਕਦੀ ਹੈ। ਇਸ ਲਈ ਕਿਸੇ ਵਕਤ ਵੀ ਰਸਮੀ ਸੱਦਾ ਆਉਣ ਦੀ ਸੰਭਾਵਨਾ ਹੈ। ਲੰਘੇ ਕੱਲ੍ਹ ਭਾਰਤ ਸਰਕਾਰ ਨੇ ਕਿਸਾਨ ਆਗੂਆਂ ਨਾਲ ਸੰਵਾਦ ਸ਼ੁਰੂ ਕਰਨ ਲਈ ਹਾਮੀ ਭਰ ਦਿੱਤੀ ਸੀ ਜਿਸ ਦੇ ਸਿੱਟੇ ਵਜੋਂ ਅੱਜ ਕੇਂਦਰ ਦੇ ਰਸਮੀ ਸੱਦਾ ਪੱਤਰ ਦੀ ਪੂਰਾ ਦਿਨ ਉਡੀਕ ਬਣੀ ਰਹੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦੇਸ਼ ਤੋਂ ਪਰਤਣ ਮਗਰੋਂ ਸਮੁੱਚੀ ਸਥਿਤੀ ਦਾ ਜਾਇਜ਼ਾ ਲੈਣ ਲਈ ਉੱਚ ਅਫ਼ਸਰਾਂ ਨਾਲ ਕਈ ਗੇੜ ਦੀਆਂ ਮੀਟਿੰਗਾਂ ਕੀਤੀਆਂ ਹਨ।
ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਕਿਸੇ ਵੀ ਸੂਰਤ ਵਿੱਚ ਕਿਸਾਨਾਂ ਨਾਲ ਟਕਰਾਅ ’ਚ ਨਹੀਂ ਪੈਣਾ ਚਾਹੁੰਦੇ ਜਦੋਂਕਿ ਸੂਬਾ ਸਰਕਾਰ ਦੇ ਸਿਖਰਲੇ ਅਧਿਕਾਰੀ ਇਸ ਮਾਮਲੇ ’ਚ ਕੁੜਿੱਕੀ ’ਚ ਫਸੇ ਜਾਪਦੇ ਹਨ। ਸੁਪਰੀਮ ਕੋਰਟ ਕੋਲ ਅੱਜ ਦੇਰ ਸ਼ਾਮ ਪੰਜਾਬ ਸਰਕਾਰ ਨੇ ਹਲਫ਼ੀਆ ਬਿਆਨ ਦਾਇਰ ਕਰਨਾ ਸੀ ਜਿਸ ਵਿੱਚ ਕਿਸਾਨ ਆਗੂ ਡੱਲੇਵਾਲ ਨੂੰ ਹਸਪਤਾਲ ਭਰਤੀ ਕਰਵਾਉਣ ਦੀ ਸਥਿਤੀ ਬਾਰੇ ਦੱਸਿਆ ਜਾਣਾ ਸੀ। ਸੁਪਰੀਮ ਕੋਰਟ ਨੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਅਦਾਲਤੀ ਹੱਤਕ ਦੇ ਮਾਮਲੇ ’ਚ ਕਟਹਿਰੇ ਵਿੱਚ ਖੜ੍ਹੇ ਕੀਤੇ ਜਾਣ ਦੀ ਚਿਤਾਵਨੀ ਪਹਿਲਾਂ ਹੀ ਦਿੱਤੀ ਹੋਈ ਹੈ। ਸੁਪਰੀਮ ਕੋਰਟ ਵਿੱਚ ਭਲਕੇ 31 ਦਸੰਬਰ ਨੂੰ ਮਾਮਲੇ ਦੀ ਸੁਣਵਾਈ ਹੋਣੀ ਹੈ। ਅਹਿਮ ਸੂਤਰਾਂ ਮੁਤਾਬਕ ਜੇਕਰ ਕੇਂਦਰ ਸਰਕਾਰ ਖਨੌਰੀ ਬਾਰਡਰ ’ਤੇ ਫਰਵਰੀ ਮਹੀਨੇ ਤੋਂ ਬੈਠੇ ਕਿਸਾਨ ਆਗੂਆਂ ਨੂੰ ਗੱਲਬਾਤ ਦਾ ਰਸਮੀ ਸੱਦਾ ਭੇਜਦੀ ਹੈ ਤਾਂ ਜਗਜੀਤ ਸਿੰਘ ਡੱਲੇਵਾਲ ਹਸਪਤਾਲ ਵਿੱਚ ਭਰਤੀ ਹੋਣ ਲਈ ਰਜ਼ਾਮੰਦ ਹੋ ਸਕਦੇ ਹਨ। ਸੂਬਾ ਸਰਕਾਰ ਇਸ ਮਾਮਲੇ ਨੂੰ ਨਜਿੱਠਣ ਲਈ ਕੇਂਦਰ ਸਰਕਾਰ ’ਤੇ ਲਗਾਤਾਰ ਦਬਾਅ ਬਣਾਅ ਰਹੀ ਹੈ ਪ੍ਰੰਤੂ ਕੇਂਦਰ ਇਸ ਸਾਰੇ ਮਾਮਲੇ ਨੂੰ ਸੂਬਾ ਸਰਕਾਰ ਦੇ ਸਿਰ ਮੜ੍ਹਨ ਦੇ ਰੌਂਅ ਵਿੱਚ ਹੈ। ਪੰਜਾਬ ਸਰਕਾਰ ਦੇ ਸਿਖਰਲੇ ਅਧਿਕਾਰੀ ਸੁਪਰੀਮ ਕੋਰਟ ਦੇ ਡਰੋਂ ਕਸੂਤੇ ਫਸੇ ਹੋਏ ਹਨ। ਸੂਤਰਾਂ ਅਨੁਸਾਰ ਅੱਜ ਸੂਬਾ ਸਰਕਾਰ ਨੇ ਪਟਿਆਲਾ ਅਤੇ ਲੱਡਾ ਕੋਠੀ (ਸੰਗਰੂਰ) ਵਿੱਚ ਕਰੀਬ ਛੇ ਹਜ਼ਾਰ ਮੁਲਾਜ਼ਮਾਂ ਦੀ ਨਫ਼ਰੀ ਨੂੰ ਅਪਰੇਸ਼ਨ ਲਈ ਤਿਆਰ ਕਰ ਲਿਆ ਸੀ। ਮੁੱਖ ਮੰਤਰੀ ਨੇ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਕਿਸੇ ਵੀ ਤਰ੍ਹਾਂ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਜਬਰੀ ਹਸਪਤਾਲ ਭਰਤੀ ਕਰਵਾਉਣ ਦੀ ਕਾਰਵਾਈ ਤੋਂ ਪੂਰੀ ਤਰ੍ਹਾਂ ਵਰਜ ਦਿੱਤਾ। ਪਤਾ ਲੱਗਾ ਹੈ ਕਿ ਸੁਪਰੀਮ ਕੋਰਟ ਵਿੱਚ ਜੋ ਅੱਜ ਦੇਰ ਸ਼ਾਮ ਹਲਫ਼ੀਆ ਬਿਆਨ ਦਾਇਰ ਕੀਤਾ ਜਾਣਾ ਹੈ, ਉਸ ’ਚ ਪੰਜਾਬ ਸਰਕਾਰ ‘ਪੰਜਾਬ ਬੰਦ’ ਦਾ ਹਵਾਲਾ ਦੇ ਰਹੀ ਹੈ। ਤਰਕ ਦਿੱਤਾ ਜਾਣਾ ਹੈ ਕਿ ‘ਪੰਜਾਬ ਬੰਦ’ ਕਾਰਨ ਕਿਸਾਨ ਇਕੱਠੇ ਹੋਏ ਸਨ ਅਤੇ ‘ਪੰਜਾਬ ਬੰਦ’ ਨੂੰ ਚੰਗਾ ਹੁੰਗਾਰਾ ਵੀ ਮਿਲਿਆ ਹੈ ਜਿਸ ਕਰਕੇ ਹਾਲਤ ਵਿਗੜਨ ਦਾ ਡਰ ਸੀ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਨੇ ਅੱਜ ਕੇਂਦਰ ਸਰਕਾਰ ਨੂੰ ਵੀ ਚੌਕਸ ਕਰ ਦਿੱਤਾ ਹੈ ਕਿ ਜੇ ਕੇਂਦਰ ਨੇ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਨਾ ਖੋਲ੍ਹਿਆ ਤਾਂ ਹਾਲਤ ਮੋੜਾ ਲੈ ਸਕਦੇ ਹਨ। ਮਰਨ ਵਰਤ ਕਾਰਨ ਜਗਜੀਤ ਡੱਲੇਵਾਲ ਨਾਲ ਕੋਈ ਅਣਹੋਣੀ ਵਾਪਰਨ ਦੀ ਸੂਰਤ ’ਚ ਕਿਸਾਨ ਅੰਦੋਲਨ ਕੌਮੀ ਨਕਸ਼ ਵੀ ਲੈ ਸਕਦਾ ਹੈ।
ਪੰਚਕੂਲਾ ਵਿੱਚ ਮੀਟਿੰਗ 3 ਜਨਵਰੀ ਨੂੰ
ਸੁਪਰੀਮ ਕੋਰਟ ਵੱਲੋਂ ਬਣਾਈ ਗਈ ਜਸਟਿਸ (ਰਿਟਾ.) ਨਵਾਬ ਸਿੰਘ ਦੀ ਅਗਵਾਈ ਵਾਲੀ ਕਮੇਟੀ ਨੇ ਸੰਯੁਕਤ ਕਿਸਾਨ ਮੋਰਚਾ ਨੂੰ ਤਿੰਨ ਜਨਵਰੀ ਨੂੰ ਮੀਟਿੰਗ ਲਈ ਸੱਦਾ ਭੇਜਿਆ ਹੈ। ਕਿਸਾਨ ਨੇਤਾ ਜੰਗਵੀਰ ਸਿੰਘ ਚੌਹਾਨ ਨੇ ਦੱਸਿਆ ਕਿ ਇਹ ਮੀਟਿੰਗ ਪੰਚਕੂਲਾ ਵਿੱਚ ਹੋਣੀ ਹੈ ਜਿਸ ’ਚ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਕਮੇਟੀ ਵੱਲੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂਆਂ ਨਾਲ ਵੀ ਮੀਟਿੰਗ ਕੀਤੀ ਗਈ ਸੀ। ਇਹ ਕਮੇਟੀ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਬੈਠੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਵਾਸਤੇ ਬਣਾਈ ਗਈ ਸੀ।
ਜਗਜੀਤ ਸਿੰਘ ਡੱਲੇਵਾਲ ਦਾ ਸੁਰੱਖਿਆ ਘੇਰਾ ਵਧਾਇਆ
ਕਿਸਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦਾ ਸੁਰੱਖਿਆ ਘੇਰਾ ਵਧਾ ਦਿੱਤਾ ਹੈ ਅਤੇ ਅੱਜ ਕਿਸਾਨ ਕੈਂਪ ਵਿੱਚ ਪੁਲੀਸ ਅਫ਼ਸਰਾਂ ਦਾ ਦਾਖ਼ਲਾ ਵੀ ਬੰਦ ਕਰ ਦਿੱਤਾ ਹੈ। ਖਨੌਰੀ ਬਾਰਡਰ ’ਤੇ ਕਿਸਾਨਾਂ ਨੇ ਪੁਲੀਸ ਦੇ ਕਿਸੇ ਸੰਭਾਵੀ ਅਪਰੇਸ਼ਨ ਨੂੰ ਭਾਂਪਦਿਆਂ ਤਿੰਨ ਪਰਤੀ ਸੁਰੱਖਿਆ ਘੇਰਾ ਬਣਾ ਲਿਆ ਹੈ। ਦਿਨ ਰਾਤ ਦੀ ਪਹਿਰੇਦਾਰੀ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਕਈ ਪੁਲੀਸ ਅਧਿਕਾਰੀ ਡੱਲੇਵਾਲ ਨੂੰ ਮਿਲਣ ਲਈ ਗਏ ਸਨ, ਪਰ ਉਨ੍ਹਾਂ ਨੂੰ ਦਾਖ਼ਲ ਹੋਣ ਤੋਂ ਰੋਕ ਦਿੱਤਾ ਗਿਆ।