ਨਸ਼ਿਆਂ ਵਿਰੁੱਧ ਲੜਾਈ ’ਚ ਔਰਤਾਂ ਦੀ ਅਹਿਮ ਭੂਮਿਕਾ: ਬਲਬੀਰ ਸਿੰਘ

ਨਸ਼ਿਆਂ ਵਿਰੁੱਧ ਲੜਾਈ ’ਚ ਔਰਤਾਂ ਦੀ ਅਹਿਮ ਭੂਮਿਕਾ: ਬਲਬੀਰ ਸਿੰਘ

ਸਿਹਤ ਵਿਭਾਗ, ਪੰਜਾਬ ਪੁਲੀਸ ਤੇ ਅਲਾਇੰਸ ਇੰਡੀਆ ਨਸ਼ਿਆਂ ਵਿਰੁੱਧ ਲੜਾਈ ਵਿੱਚ ਇਕਜੁੱਟ

ਚੰਡੀਗੜ੍ਹ,(ਪੰਜਾਬੀ ਰਾਈਟਰ)- ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਿਹਤ ਸੇਵਾਵਾਂ ਡਾਇਰੈਕਟੋਰੇਟ ਵੱਲੋਂ ਵਰਕਸ਼ਾਪ ਕਰਵਾਈ ਗਈ। ਇਸ ਵਿੱਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਰਚੁਅਲ ਤੌਰ ’ਤੇ ਪ੍ਰਧਾਨਗੀ ਕੀਤੀ। ਇਸ ਤੋਂ ਇਲਾਵਾ ਹਰੇਕ ਜ਼ਿਲ੍ਹੇ ਦੇ ਮਨੋਵਿਗਿਆਨੀਆਂ, ਪੰਜਾਬ ਪੁਲੀਸ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਐਨ.ਜੀ.ਓਜ਼ ਵੀ ਇਸ ਵਰਕਸ਼ਾਪ ਵਿੱਚ ਸ਼ਾਮਲ ਹੋਏ। ਡਾ. ਬਲਬੀਰ ਸਿੰਘ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਔਰਤਾਂ ਦੀ ਸ਼ਮੂਲੀਅਤ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਔਰਤਾਂ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਕ ਮੈਂਬਰਾਂ ਦੀ ਸਹਾਇਤਾ ਕਰਨ ਅਤੇ ਉਨ੍ਹਾਂ ਨੂੰ ਮੁੜ ਵਸੇਬਾ ਲਈ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਤੇ ਸਪਲਾਇਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਡਾ. ਬਲਬੀਰ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਰੋਕਣ ਲਈ ਮੁੜ ਵਸੇਬਾ ਪ੍ਰੋਗਰਾਮਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ।

ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਔਰਤਾਂ ਨਾਲ ਜੁੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਹਿਯੋਗ ਦੇਣ ਲਈ ਉਤਸ਼ਾਹਿਤ ਕਰਨ ਵਾਸਤੇ ਇੱਕ ਆਊਟਰੀਚ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਔਰਤਾਂ ਨਸ਼ਿਆਂ ਵਿਰੁੱਧ ਲੜਾਈ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਤਿੰਦਰ ਕੌਰ ਨੇ ਸਿਵਲ ਸਰਜਨਾਂ, ਮਨੋਰੋਗ ਮਾਹਿਰਾਂ ਤੇ ਨਸ਼ਾ ਛੁਡਾਊ ਸੇਵਾ ਪ੍ਰਦਾਤਾਵਾਂ ਨੂੰ ਏਕੀਕ੍ਰਿਤ ਸਿਹਤ ਸੇਵਾਵਾਂ ਨੂੰ ਤਰਜੀਹ ਦੇਣ ਅਤੇ ਇਸ ਪ੍ਰਕਿਰਿਆ ਵਿੱਚ ਔਰਤਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

ਇਸ ਦੌਰਾਨ ਅਸਿਸਟੈਂਟ ਡਾਇਰੈਕਟਰ ਅਤੇ ਸਟੇਟ ਮੈਂਟਲ ਹੈਲਥ ਆਫਿਸਰ ਡਾ. ਸੰਦੀਪ ਭੋਲਾ ਨੇ ਅਲਾਇੰਸ ਇੰਡੀਆ ਤੋਂ ਡਾ. ਮੰਜੂ ਬਾਂਸਲ ਅਤੇ ਕੁਨਾਲ ਕਿਸ਼ੋਰ ਨਾਲ ਨਸ਼ਿਆਂ ਵਿਰੁੱਧ ਲੜਾਈ ਵਿੱਚ ਔਰਤਾਂ ਦੀ ਸ਼ਮੂਲੀਅਤ ਦੀ ਜ਼ਰੂਰਤ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਔਰਤਾਂ ਨਸ਼ਿਆਂ ਦੀ ਦੁਰਵਰਤੋਂ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਮਹੱਤਵਪੂਰਨ ਸਹਾਇਤਾ ਪ੍ਰਦਾਨ ਕਰ ਸਕਦੀਆਂ ਹਨ ਅਤੇ ਉਨ੍ਹਾਂ ਨੂੰ ਮੁੜ ਵਸੇਬਾ ਸੇਵਾਵਾਂ ਤੱਕ ਪਹੁੰਚ ਕਰਨ ਵਿੱਚ ਮਦਦ ਕਰ ਸਕਦੀਆਂ ਹਨ।