ਪੰਜਾਬ ਲਈ 583 ਕਰੋੜ ਦੇ ਬਕਾਇਆ ਫੰਡ ਜਾਰੀ ਕਰੇ ਕੇਂਦਰ: ਬਲਜੀਤ ਕੌਰ

ਪੰਜਾਬ ਲਈ 583 ਕਰੋੜ ਦੇ ਬਕਾਇਆ ਫੰਡ ਜਾਰੀ ਕਰੇ ਕੇਂਦਰ: ਬਲਜੀਤ ਕੌਰ

ਕੇਂਦਰੀ ਸਲਾਹਕਾਰ ਕੌਂਸਲ ਦੀ ਮੀਟਿੰਗ ਵਿੱਚ ਸੂਬੇ ਦੀਆਂ ਚੁਣੌਤੀਆਂ ’ਤੇ ਚਰਚਾ

ਚੰਡੀਗੜ੍ਹ,(ਪੰਜਾਬੀ ਰਾਈਟਰ)-ਪੰਜਾਬ ਦੇ ਸਮਾਜਿਕ ਨਿਆਂ, ਸ਼ਸਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਿੱਲੀ ਵਿੱਚ ਹੋਈ ਕੇਂਦਰੀ ਸਲਾਹਕਾਰ ਕੌਂਸਲ ਦੀ ਮੀਟਿੰਗ ਵਿੱਚ ਪੰਜਾਬ ਦੀਆਂ ਵੱਖ-ਵੱਖ ਚੁਣੌਤੀਆਂ ’ਤੇ ਚਰਚਾ ਕੀਤੀ। ਉਨ੍ਹਾਂ ਭਾਰਤ ਸਰਕਾਰ ਨੂੰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਮੁੱਖ ਨੀਤੀਗਤ ਸੁਧਾਰਾਂ ਨੂੰ ਲਾਗੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੀ ਆਬਾਦੀ ਲਗਪਗ 32 ਫ਼ੀਸਦੀ ਹੈ। ਇਸ ਆਬਾਦੀ ਦੇ ਮੱਦੇਨਜ਼ਰ ਆਦਰਸ਼ ਗ੍ਰਾਮ ਯੋਜਨਾ ਅਧੀਨ ਪਿੰਡਾਂ ਲਈ ਗੈਪ ਫਿਲਿੰਗ ਫੰਡ ਵਜੋਂ 20 ਲੱਖ ਪ੍ਰਤੀ ਪ੍ਰਾਜੈਕਟ ਨਿਰਧਾਰਤ ਕੀਤਾ ਗਿਆ ਹੈ, ਜੋ ਘੱਟੋ-ਘੱਟ ਇੱਕ ਕਰੋੜ ਤੱਕ ਵਧਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਿਆਂ ਨੂੰ ਵਿਕਾਸ ਪ੍ਰਾਜੈਕਟਾਂ ਲਈ ਪਿੰਡਾਂ ਦੀ ਚੋਣ ਕਰਨ ਵਿੱਚ ਖ਼ੁਦਮੁਖ਼ਤਿਆਰੀ ਦਿੱਤੀ ਜਾਣੀ ਚਾਹੀਦੀ ਹੈ ਜਿਸ ਨਾਲ ਲੋੜੀਂਦੇ ਪਿੰਡਾਂ ਦੀ ਚੋਣ ਕਰ ਕੇ ਸਾਰਿਆਂ ਦਾ ਵਿਕਾਸ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਆਦਰਸ਼ ਗ੍ਰਾਮ ਯੋਜਨਾ ਅਧੀਨ ਪੰਜਾਬ ਦੇ 3293 ਪਿੰਡ ਚੁਣੇ ਗਏ ਸਨ, ਇਨ੍ਹਾਂ ਦੀ ਕੁੱਲ ਬਕਾਇਆ ਰਕਮ 684 ਕਰੋੜ ਰੁਪਏ ਹੈ। ਭਾਰਤ ਸਰਕਾਰ ਨੇ ਹੁਣ ਤੱਕ ਸਿਰਫ਼ 61 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਲਈ ਇਹ ਕਵਰੇਜ਼ ਸਿਰਫ਼ 365 ਪਿੰਡਾਂ ਤੱਕ ਸੀਮਤ ਹੋ ਕੇ ਰਹਿ ਗਈ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਬਕਾਇਆ 583 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਜਾਣ।