
ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਬਾਰੇ ਆਖ਼ਰੀ ਫ਼ੈਸਲਾ 16 ਨੂੰ
ਚੰਡੀਗੜ੍ਹ,(ਪੰਜਾਬੀ ਰਾਈਟਰ)- ਅਕਾਲ ਤਖ਼ਤ ਸਾਹਿਬ ਵੱਲੋਂ ਕਾਇਮ ਸੱਤ ਮੈਂਬਰੀ ਕਮੇਟੀ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਬਾਰੇ 16 ਫਰਵਰੀ ਨੂੰ ਆਖ਼ਰੀ ਫ਼ੈਸਲਾ ਲਵੇਗੀ। ਅੱਜ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਜਿਸ ’ਚ ਸਾਰੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅੱਜ ਕਮੇਟੀ ਦੀ ਮੀਟਿੰਗ ’ਚੋਂ ਗ਼ੈਰਹਾਜ਼ਰ ਰਹੇ ਜਦੋਂ ਕਿ ਸੱਤ ਮੈਂਬਰੀ ਕਮੇਟੀ ਦੀ 4 ਫਰਵਰੀ ਨੂੰ ਹੋਈ ਮੀਟਿੰਗ ’ਚ ਬਲਵਿੰਦਰ ਸਿੰਘ ਭੂੰਦੜ ਨੂੰ ਸੱਦਾ ਦਿੱਤਾ ਗਿਆ ਸੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਸਾਰੇ ਮੈਂਬਰ ਇੱਥੇ ਮੀਟਿੰਗ ਵਿੱਚ ਸ਼ਾਮਲ ਹੋਏ। ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਮੀਟਿੰਗ ਵਿੱਚ ਨਾ ਆਏ ਤਾਂ ਕਮੇਟੀ ਨੇ ਉਨ੍ਹਾਂ ਦੀ ਰਿਹਾਇਸ਼ ’ਤੇ ਜਾਣ ਦਾ ਫ਼ੈਸਲਾ ਕੀਤਾ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਮੀਟਿੰਗ ਮਗਰੋਂ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਜੇ। ਭੂੰਦੜ ਨੇ ਸਲਾਹ ਮਸ਼ਵਰਾ ਕਰਨ ਵਾਸਤੇ ਕਮੇਟੀ ਤੋਂ ਹੋਰ ਸਮਾਂ ਮੰਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬਲਵਿੰਦਰ ਸਿੰਘ ਭੂੰਦੜ ਦੀ ਸਿਹਤ ਠੀਕ ਨਾ ਹੋਣ ਕਰਕੇ ਉਹ ਮੀਟਿੰਗ ਵਿੱਚ ਪਹੁੰਚ ਨਹੀਂ ਸਕੇ। ਉਨ੍ਹਾਂ ਕਿਹਾ ਕਿ ਅਗਲੀ ਮੀਟਿੰਗ 16 ਫਰਵਰੀ ਨੂੰ ਬੁਲਾਈ ਗਈ ਹੈ। ਉਹ ਚਾਹੁੰਦੇ ਹਨ ਕਿ ਸਮੁੱਚਾ ਪੰਥ ਇਕਜੁੱਟ ਹੋਵੇ। ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲਾਂ ਹੀ ਸ਼ੁਰੂ ਕੀਤੀ ਭਰਤੀ ਬਾਰੇ ਸਵਾਲਾਂ ਨੂੰ ਟਾਲ ਦਿੱਤਾ। ਦੂਜੇ ਪਾਸੇ ਸੀਨੀਅਰ ਅਕਾਲੀ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਦਾ ਕਹਿਣਾ ਸੀ ਕਿ ਸੱਤ ਮੈਂਬਰੀ ਕਮੇਟੀ 16 ਫਰਵਰੀ ਨੂੰ ਅੰਤਿਮ ਰਿਪੋਰਟ ਅਕਾਲ ਤਖ਼ਤ ਸਾਹਿਬ ਨੂੰ ਸੌਂਪ ਦੇਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਵੇਲੇ ਡੂੰਘੇ ਸੰਕਟ ਵਿੱਚ ਹੈ ਅਤੇ ਸਮੁੱਚਾ ਪੰਥ ਜਗਤ ਖੇਤਰੀ ਪਾਰਟੀ ਨੂੰ ਇਕਜੁੱਟ ਤੇ ਮਜ਼ਬੂਤ ਦੇਖਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਕੁੱਝ ਆਗੂਆਂ ਨੂੰ ਆਪਣੀ ਈਰਖਾ ਅਤੇ ਹਉਮੈ ਨੂੰ ਛੱਡਣਾ ਚਾਹੀਦਾ ਹੈ। ਵਡਾਲਾ ਨੇ ਕਿਹਾ ਕਿ ਉਹ ਪੰਥਕ ਏਕਤਾ ਦੇ ਮੁੱਦਈ ਹਨ ਅਤੇ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਨੂੰ ਇੰਨ ਬਿੰਨ ਲਾਗੂ ਕਰਾਉਣ ਲਈ ਆਪਣਾ ਫ਼ਰਜ਼ ਅਦਾ ਕਰਨਗੇ। ਉਨ੍ਹਾਂ ਕਿਹਾ ਕਿ 16 ਫਰਵਰੀ ਨੂੰ ਆਖ਼ਰੀ ਰਿਪੋਰਟ ਸਰਬਸੰਮਤੀ ਨਾਲ ਤਿਆਰ ਕੀਤੀ ਜਾਵੇਗੀ। ਮੀਟਿੰਗ ’ਚ ਕਮੇਟੀ ਮੈਂਬਰ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਸਤਵੰਤ ਕੌਰ, ਇਕਬਾਲ ਸਿੰਘ ਝੂੰਦਾ, ਮਨਪ੍ਰੀਤ ਸਿੰਘ ਇਯਾਲੀ, ਸੰਤਾ ਸਿੰਘ ਉਮੇਦਪੁਰੀ ਸ਼ਾਮਲ ਹੋਏ। ਅਗਲੀ ਮੀਟਿੰਗ ਲਈ ਸਥਾਨ ਦੀ ਚੋਣ ਕੀਤੀ ਜਾਣੀ ਬਾਕੀ ਹੈ।
ਸੱਤ ਮੈਂਬਰੀ ਕਮੇਟੀ ਵੱਲੋਂ ਤਜਵੀਜ਼ ਪੇਸ਼
ਸੱਤ ਮੈਂਬਰੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਨਵੀਂ ਭਰਤੀ ਬਾਰੇ ਤਜਵੀਜ਼ ਪੇਸ਼ ਕੀਤੀ ਗਈ ਹੈ ਜਿਸ ’ਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਭੂੰਦੜ ਨੇ ਹਾਲੇ ਤੱਕ ਕੋਈ ਹੁੰਗਾਰਾ ਨਹੀਂ ਭਰਿਆ। ਜਾਣਕਾਰੀ ਅਨੁਸਾਰ ਸੱਤ ਮੈਂਬਰੀ ਕਮੇਟੀ ਨੇ ਇੱਥੋਂ ਤੱਕ ਆਖ ਦਿੱਤਾ ਹੈ ਕਿ ਜੋ ਅਕਾਲੀ ਦਲ ਵੱਲੋਂ ਪਹਿਲਾਂ ਭਰਤੀ ਕੀਤੀ ਗਈ ਹੈ, ਉਸ ਨੂੰ ਲਾਂਭੇ ਰੱਖ ਕੇ ਭਰਤੀ ਕੀਤੀ ਜਾਵੇਗੀ ਅਤੇ ਪੁਰਾਣੀ ਭਰਤੀ ਦੀ ਪੜਤਾਲ ਕੀਤੀ ਜਾਵੇਗੀ।