ਪੁਲੀਸ ਨੇ ਕਿਸਾਨ ਆਗੂ ਹਿਰਾਸਤ ’ਚ ਲਏ

ਪੁਲੀਸ ਨੇ ਕਿਸਾਨ ਆਗੂ ਹਿਰਾਸਤ ’ਚ ਲਏ

ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਵਿੱਚ ਧਰਨਾ ਅੱਜ

ਚੰਡੀਗੜ੍ਹ,(ਪੰਜਾਬੀ ਰਾਈਟਰ)- ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਚੰਡੀਗੜ੍ਹ ਵਿੱਚ ਦਿੱਤੇ ਜਾਣ ਵਾਲੇ ਧਰਨੇ ਨੂੰ ਨਾਕਾਮ ਕਰਨ ਲਈ ਪੰਜਾਬ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ ਦਰਜਨ ਦੇ ਕਰੀਬ ਸੂਬਾਈ ਕਿਸਾਨ ਆਗੂਆਂ ਸਣੇ ਸੈਂਕੜੇ ਜ਼ਿਲ੍ਹਾ ਤੇ ਬਲਾਕ ਪੱਧਰੀ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਤੇ ਵੱਡੀ ਗਿਣਤੀ ਵਿੱਚ ਕਿਸਾਨ ਆਗੂਆਂ ਨੂੰ ਘਰਾਂ ਅੰਦਰ ਨਜ਼ਰਬੰਦ ਕਰ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਦੀਆਂ ਸੈਂਕੜੇ ਟੀਮਾਂ ਵੱਲੋਂ ਦੇਰ ਰਾਤ ਤੋਂ ਹੀ ਪੰਜਾਬ ਭਰ ’ਚ ਕਿਸਾਨ ਆਗੂਆਂ ਦੇ ਘਰਾਂ ’ਤੇ ਛਾਪੇ ਮਾਰੇ ਗਏ। ਇਸ ਦੌਰਾਨ ਪੁਲੀਸ ਨੇ ਬਲਬੀਰ ਸਿੰਘ ਰਾਜੇਵਾਲ ਤੇ ਜੰਗਵੀਰ ਸਿੰਘ ਚੌਹਾਨ, ਗੁਰਮੀਤ ਸਿੰਘ ਭੱਟੀਵਾਲ, ਨਛੱਤਰ ਸਿੰਘ ਜੈਤੋ, ਵੀਰਪਾਲ ਸਿੰਘ ਢਿੱਲੋਂ, ਬਿੰਦਰ ਸਿੰਘ, ਗੁਰਨਾਮ ਭੀਖੀ ਤੇ ਹਰਮੇਸ਼ ਸਿੰਘ ਢੇਸੀ ਨੂੰ ਉਨ੍ਹਾਂ ਦੇ ਘਰੋਂ ਹੀ ਹਿਰਾਸਤ ਵਿੱਚ ਲੈ ਲਿਆ ਹੈ, ਜਦਕਿ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚੋਂ ਹਿਰਾਸਤ ਵਿੱਚ ਲਿਆ ਗਿਆ। ਇਨ੍ਹਾਂ ਤੋਂ ਇਲਾਵਾ ਪੁਲੀਸ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਰਮਿੰਦਰ ਸਿੰਘ ਪਟਿਆਲਾ, ਡਾ. ਦਰਸ਼ਨਪਾਲ, ਜਗਮੋਹਨ ਸਿੰਘ, ਬੂਟਾ ਸਿੰਘ ਬੁਰਜਗਿੱਲ, ਹਰਿੰਦਰ ਸਿੰਘ ਲੱਖੋਵਾਲ, ਸਤਨਾਮ ਸਿੰਘ ਅਜਨਾਲਾ, ਗੁਰਮੀਤ ਸਿੰਘ ਮਹਿਮਾ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਸਤਵੰਤ ਸਿੰਘ ਵਜੀਦਪੁਰ ਸਣੇ ਕਈ ਹੋਰ ਸੂਬਾਈ ਆਗੂਆਂ ਦੇ ਘਰਾਂ ’ਤੇ ਵੀ ਛਾਪੇ ਮਾਰੇ ਪਰ ਉਹ ਪੁਲੀਸ ਦੇ ਹੱਥ ਨਾ ਲੱਗ ਸਕੇ। ਪੁਲੀਸ ਵੱਲੋਂ ਅੱਜ ਸਾਰਾ ਦਿਨ ਵੀ ਕਿਸਾਨ ਆਗੂਆਂ ਨੂੰ ਹਿਰਾਸਤ ’ਚ ਲੈਣ ਲਈ ਵੱਖ ਵੱਖ ਥਾਵਾਂ ’ਤੇ ਛਾਪੇ ਮਾਰੇ ਗਏ। ਦੂਜੇ ਪਾਸੇ ਪੁਲੀਸ ਕਾਰਵਾਈ ਤੋਂ ਨਾਰਾਜ਼ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਤੇ ਹੋਰਨਾਂ ਕਿਸਾਨ ਜਥੇਬੰਦੀਆਂ ਨੇ ਸੂਬੇ ਦੇ 18 ਜ਼ਿਲ੍ਹਿਆਂ ਦੇ ਸੈਂਕੜੇ ਪਿੰਡਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਮੁਜ਼ਾਹਰੇ ਕੀਤੇ। ਇਸ ਦੇ ਨਾਲ ਹੀ ਕਿਸਾਨਾਂ ਨੇ ਮੁੱਖ ਮੰਤਰੀ ਦੇ ਪੁਤਲੇ ਸਾੜੇ। ਇਸ ਬਾਰੇ ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ ਤੇ ਅੰਗਰੇਜ਼ ਸਿੰਘ ਨੇ ਕਿਹਾ ਕਿ ਲੰਘੇ ਦਿਨ ਮੁੱਖ ਮੰਤਰੀ ਦੇ ਇਸ ਕਿਸਾਨ ਵਿਰੋਧੀ ਵਤੀਰੇ ਖਿਲਾਫ਼ ਕਿਸਾਨਾਂ ਅੰਦਰ ਭਾਰੀ ਰੋਸ ਤੇ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਆਪਣੇ ਐਲਾਨ ਅਨੁਸਾਰ 5 ਮਾਰਚ ਨੂੰ ਚੰਡੀਗੜ੍ਹ ’ਚ ਆਪਣੀ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਆਗੂਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਧਰਨਾ ਦੇਣ ਦਾ ਐਲਾਨ ਕੀਤਾ ਸੀ। ਇਸੇ ਨੂੰ ਵੇਖਦਿਆਂ ਮੁੱਖ ਮੰਤਰੀ ਨੇ ਲੰਘੇ ਦਿਨ ਚੰਡੀਗੜ੍ਹ ’ਚ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਪਰ ਇਹ ਮੀਟਿੰਗ ਬੇਸਿੱਟਾ ਰਹੀ ਹੈ।

ਕਿਸਾਨ ਸੂਬੇ ’ਚ ਬਰਾਬਰ ਦੀ ਸਰਕਾਰ ਚਲਾਉਣਾ ਚਾਹੁੰਦੇ ਨੇ: ਮਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਕਿਸਾਨ ਆਗੂ ਰਾਜ ਵਿੱਚ ਬਰਾਬਰ ਦੀ ਸਰਕਾਰ ਚਲਾਉਣਾ ਚਾਹੁੰਦੇ ਹਨ ਅਤੇ ਉਹ ਸਿਰਫ਼ ਸਿਹਰਾ ਲੈਣ ਲਈ ਹੀ ਧਰਨੇ ਲਾਉਂਦੇ ਹਨ। ਉਨ੍ਹਾਂ ਅੱਜ ਮੁਹਾਲੀ ਜ਼ਿਲ੍ਹੇ ਅਧੀਨ ਆਉਂਦੀਆਂ ਬਨੂੜ, ਜ਼ੀਰਕਪੁਰ ਤੇ ਖਰੜ ਦੇ ਤਹਿਸੀਲ ਦਫ਼ਤਰਾਂ ਦਾ ਦੌਰਾ ਕਰਨ ਮੌਕੇ ਇਹ ਗੱਲ ਕਹੀ। ਕਿਸਾਨਾਂ ਵੱਲੋਂ ਤਿੰਨ ਮਾਰਚ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਦੇ ਨਾਰਾਜ਼ ਹੋਣ ਦੀਆਂ ਟਿੱਪਣੀਆਂ ਅਤੇ ਰਾਜ ਭਰ ਵਿੱਚ ਕਿਸਾਨਾਂ ਦੀ ਫੜੋ-ਫੜੀ ਸਬੰਧੀ ਕੀਤੇ ਸਵਾਲਾਂ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਲਈ ਨਾਰਾਜ਼ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਕਦੇ ਸੜਕਾਂ, ਕਦੇ ਰੇਲਾਂ, ਕਦੇ ਕੌਮੀ ਮਾਰਗਾਂ ਦੇ ਪ੍ਰਾਜੈਕਟ ਰੋਕ ਲੈਂਦੀਆਂ ਹਨ ਤੇ ਇਸ ਨਾਲ ਰਾਜ ਦਾ ਹਜ਼ਾਰਾਂ ਕਰੋੜ ਰੁਪਏ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਧਿਰਾਂ ਨੂੰਹ-ਸੱਸ ਦੀ ਲੜਾਈ ਵਿੱਚ ਵੀ ਦਖ਼ਲ ਦੇਣ ਲੱਗ ਗਈਆਂ ਹਨ, ਇਮੀਗਰੇਸ਼ਨ ਕੇਂਦਰਾਂ ਅੱਗੇ ਧਰਨੇ ਲਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ। ਸ੍ਰੀ ਮਾਨ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਵਿੱਚ ਸਿਹਰਾ ਲੈਣ ਦੀ ਜੰਗ ਚੱਲ ਰਹੀ ਹੈ ਅਤੇ ਇੱਕ ਤੋਂ ਬਾਅਦ ਦੂਜੀ ਯੂਨੀਅਨ ਕਿਸੇ ਨਾ ਕਿਸੇ ਬਹਾਨੇ ਧਰਨਾ ਲਾਉਣ ਲਈ ਤਿਆਰ ਬੈਠੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਲਵਾਈ ਪਹਿਲੀ ਜੂਨ ਤੋਂ ਕਰਨ ਬਾਰੇ ਵਿਚਾਰ ਕੀਤੀ ਜਾ ਰਹੀ ਹੈ ਅਤੇ ਨਵੀਂ ਖੇਤੀ ਨੀਤੀ ਵੀ ਜਲਦੀ ਲਾਗੂ ਕੀਤੀ ਜਾਵੇਗੀ।

ਐੱਸ.ਕੇ.ਐੱਮ. ਵੱਲੋਂ ਚੰਡੀਗੜ੍ਹ ਧਰਨੇ ਦੀਆਂ ਤਿਆਰੀਆਂ ਮੁਕੰਮਲ

ਚੰਡੀਗੜ੍ਹ,- ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਦੇ ਆਗੂਆਂ ਨੇ 5 ਮਾਰਚ ਨੂੰ ਚੰਡੀਗੜ੍ਹ ਵਿੱਚ ਦਿੱਤੇ ਜਾਣ ਵਾਲੇ ਧਰਨੇ ਤੋਂ ਪਹਿਲਾਂ ਪੰਜਾਬ ਪੁਲੀਸ ਵੱਲੋਂ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਪੰਜਾਬ ਪੁਲੀਸ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਕਿਸਾਨ ਪੁਲੀਸ ਦੀਆਂ ਕਾਰਵਾਈਆਂ ਤੋਂ ਡਰਨ ਵਾਲੇ ਨਹੀਂ ਹਨ। ਕਿਸਾਨਾਂ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ਵਿੱਚ ਮਿੱਥੇ ਪ੍ਰੋਗਰਾਮ ਤਹਿਤ ਧਰਨਾ ਦਿੱਤਾ ਜਾਵੇਗਾ ਅਤੇ ਆਪਣੀ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ ਐੱਸਕੇਐੱਮ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਐੱਸਕੇਐੱਮ ਵੱਲੋਂ ਚੰਡੀਗੜ੍ਹ ਵਿੱਚ ਅੱਜ ਲੱਗਣ ਵਾਲੇ ਧਰਨੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਟਰੈਕਟਰ-ਟਰਾਲੀਆਂ ’ਤੇ ਸਵਾਰ ਹੋ ਕੇ ਚੰਡੀਗੜ੍ਹ ਵੱਲ ਕੂਚ ਕੀਤਾ ਜਾਵੇਗਾ। ਸ੍ਰੀ ਲੱਖੋਵਾਲ ਨੇ ਪੰਜਾਬ ਦੇ ਸਾਰੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਬੱਚਿਆਂ ਨੂੰ ਅਪੀਲ ਕੀਤੀ ਕਿ ਉਹ 5 ਮਾਰਚ ਨੂੰ ਚੰਡੀਗੜ੍ਹ ਵਿੱਚ ਪਹੁੰਚਣ। ਉਨ੍ਹਾਂ ਕਿਹਾ ਕਿ ਜਿੱਥੇ ਵੀ ਸਰਕਾਰ ਕਿਸਾਨਾਂ ਦੇ ਕਾਫਲੇ ਰੋਕੇਗੀ, ਕਿਸਾਨ ਬਗੈਰ ਕੋਈ ਟਰੈਫਿਕ ਰੋਕੇ ਸ਼ਾਂਤਮਈ ਢੰਗ ਨਾਲ ਉੱਥੇ ਹੀ ਆਪਣੇ ਧਰਨੇ ਲਗਾ ਲੈਣਗੇ।

ਖੇਤ ਮਜ਼ਦੂਰ ਯੂਨੀਅਨ ਵੱਲੋਂ ਕਿਸਾਨਾਂ ਦੀ ਫੜੋ-ਫੜੀ ਦੀ ਨਿੰਦਾ
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਪੰਜਾਬ ਪੁਲੀਸ ਵੱਲੋਂ ਕਿਸਾਨ ਆਗੂਆਂ ਤੇ ਵਰਕਰਾਂ ਨੂੰ ਹਿਰਾਸਤ ਵਿੱਚ ਲੈਣ ਅਤੇ ਛਾਪੇ ਮਾਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੁਦ ਕਹਿੰਦਾ ਹੁੰਦਾ ਸੀ ਕਿ ਕਿਸਾਨ ਮਜ਼ਦੂਰ ਸੜਕਾਂ ਰੋਕਣ ਦੀ ਥਾਂ ਉਨ੍ਹਾਂ ਸਣੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਦੇ ਲੈਣ, ਪਰ ਹੁਣ ਜਦ ਕਿਸਾਨ ਹੱਕੀ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਚੰਡੀਗੜ੍ਹ ਵਿੱਚ ਧਰਨਾ ਦੇਣ ਜਾ ਰਹੇ ਹਨ ਤਾਂ ਭਗਵੰਤ ਮਾਨ ਨੇ ਪੂਰੀ ਪੁਲੀਸ ਫੋਰਸ ਨੂੰ ਨਾਲ ਲੈ ਕੇ ਕਿਸਾਨ ਧਰਨੇ ਨੂੰ ਤਾਰਪੀਡੋ ਕਰਨ ਦੀ ਯੋਜਨਾ ਬਣਾ ਲਈ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਪੁਲੀਸ ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਰਿਹਾਅ ਕਰੇ ਅਤੇ ਕਿਸਾਨਾਂ ਦੇ ਘਰਾਂ ਵਿੱਚ ਛਾਪੇ ਮਾਰਨੇ ਬੰਦ ਕਰੇ।