
ਪਾਰਟੀ ਅੰਦਰ ਅੱਧਾ ਦਰਜਨ ਜ਼ਿਲ੍ਹਿਆਂ ’ਚੋਂ ਉੱਠੇ ਵਿਰੋਧੀ ਸੁਰ; ਪਾਰਟੀ ਵਿਰੋਧੀ ਬਿਆਨ ਅਤੇ ਵੀਡੀਓ ਅਨੁਸ਼ਾਸਨੀ ਕਮੇਟੀ ਨੂੰ ਭੇਜੇ; ਬਾਦਲ ਪਰਿਵਾਰ ਨੇ ਚੁੱਪ ਧਾਰੀ
ਚੰਡੀਗੜ੍ਹ, (ਪੰਜਾਬੀ ਰਾਈਟਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਤਖ਼ਤਾਂ ਦੇ ਜਥੇਦਾਰਾਂ ਨੂੰ ਹਟਾਏ ਜਾਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਕਰੀਬ ਅੱਧਾ ਦਰਜਨ ਹੋਰ ਜ਼ਿਲ੍ਹਿਆਂ ’ਚ ਬਗ਼ਾਵਤੀ ਸੁਰ ਉੱਭਰ ਆਏ ਹਨ ਜਿਸ ਮਗਰੋਂ ਅਕਾਲੀ ਲੀਡਰਸ਼ਿਪ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬਗ਼ਾਵਤ ਠੱਲ੍ਹਣ ਲਈ ਅੱਜ ਦਬਕਾ ਮਾਰਿਆ ਹੈ। ਜਥੇਦਾਰਾਂ ਨੂੰ ਹਟਾਏ ਜਾਣ ਕਰਕੇ ਆਮ ਲੋਕਾਂ ’ਚ ਵੀ ਰੋਸ ਦਿਖਾਈ ਦੇ ਰਿਹਾ ਹੈ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸਾਥੀਆਂ ਵੱਲੋਂ ਬਗ਼ਾਵਤੀ ਤੇਵਰ ਦਿਖਾਏ ਜਾਣ ਮਗਰੋਂ ਪਾਰਟੀ ਵਿਚਲਾ ਸੰਕਟ ਇਕਦਮ ਡੂੰਘਾ ਹੋ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਅੱਜ ਇੱਥੇ ਪਾਰਟੀ ਦੇ ਸੰਸਦੀ ਬੋਰਡ ਦੀ ਮੀਟਿੰਗ ਹੋਈ ਜਿਸ ’ਚ ਪਾਰਟੀ ਅੰਦਰ ਉੱਭਰੇ ਬਗ਼ਾਵਤ ਦੇ ਨਵੇਂ ਮੁੱਦੇ ਨੂੰ ਵਿਚਾਰਿਆ ਗਿਆ। ਬੇਸ਼ੱਕ ਸੰਸਦੀ ਬੋਰਡ ਦੀ ਮੀਟਿੰਗ ਵਿੱਚ ਮਜੀਠੀਆ ਸਮੇਤ ਕਿਸੇ ਵਿਅਕਤੀ ਵਿਸ਼ੇਸ਼ ਖ਼ਿਲਾਫ਼ ਕਾਰਵਾਈ ਕਰਨ ਦਾ ਜ਼ਿਕਰ ਤਾਂ ਨਹੀਂ ਕੀਤਾ ਗਿਆ ਪਰ ਕੁਝ ਪਾਰਟੀ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਫ਼ੈਸਲਿਆਂ ਵਿਰੁੱਧ ਦਿੱਤੇ ਬਿਆਨਾਂ ਤੇ ਵੀਡੀਓਜ਼ ਦਾ ਸਖ਼ਤ ਨੋਟਿਸ ਜ਼ਰੂਰ ਲਿਆ ਗਿਆ ਹੈ। ਮੀਟਿੰਗ ਵਿੱਚ ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ ਅਤੇ ਡਾ. ਦਲਜੀਤ ਸਿੰਘ ਚੀਮਾ ਸ਼ਾਮਲ ਹੋਏ। ਇਨ੍ਹਾਂ ਆਗੂਆਂ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਿਰੋਧੀ ਬਿਆਨ ਅਤੇ ਵੀਡੀਓਜ਼ ਅਨੁਸ਼ਾਸਨੀ ਕਮੇਟੀ ਨੂੰ ਭੇਜੇ ਜਾ ਰਹੇ ਹਨ ਅਤੇ ਸਾਰੇ ਸਬੰਧਿਤਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ। ਉਂਜ ਆਗੂਆਂ ਨੇ ਕਿਹਾ ਕਿ ਹਰ ਕੋਈ ਪਾਰਟੀ ਮੰਚ ’ਤੇ ਆਪਣੇ ਵਿਚਾਰ ਪ੍ਰਗਟ ਕਰਨ ਲਈ ਆਜ਼ਾਦ ਹੈ। ਆਗੂਆਂ ਨੇ ਕਿਹਾ ਕਿ ਕੋਈ ਵੀ ਪਾਰਟੀ ਤੋਂ ਉਪਰ ਨਹੀਂ ਹੈ ਅਤੇ ਉਨ੍ਹਾਂ ਦੇ ਜਵਾਬਾਂ ’ਤੇ ਵਿਚਾਰ ਕਰਨ ਤੋਂ ਬਾਅਦ ਯੋਗਤਾ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ। ਵੇਰਵਿਆਂ ਅਨੁਸਾਰ ਪਾਰਟੀ ਲੀਡਰਸ਼ਿਪ ਨੂੰ ਇਸ ਗੱਲ ਦਾ ਫ਼ਿਕਰ ਹੈ ਕਿ ਜੇ ਆਉਂਦੇ ਦਿਨਾਂ ਵਿਚ ਬਗ਼ਾਵਤੀ ਸੁਰ ਤੇਜ਼ ਹੋ ਜਾਂਦੇ ਹਨ ਤਾਂ ਇਸ ਨੂੰ ਕੰਟਰੋਲ ਕਰਨਾ ਮੁਸ਼ਕਲ ਹੋ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਹਾਲੇ ਚੁੱਪ ਵੱਟੀ ਹੋਈ ਹੈ ਜਦੋਂਕਿ ਮਜੀਠੀਆ ਅਤੇ ਸੁਖਬੀਰ ਦਰਮਿਆਨ ਦਰਾੜ ਵੱਧ ਗਈ ਹੈ।
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ’ਚੋਂ ਅੱਜ ਪਾਰਟੀ ਖ਼ਿਲਾਫ਼ ਧੂੰਆਂ ਉੱਠਿਆ ਹੈ। ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ, ਫ਼ਤਿਹਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਆਦਿ ਨੇ ਅੰਤ੍ਰਿੰਗ ਕਮੇਟੀ ਦੇ ਫ਼ੈਸਲੇ ਨਾਲ ਅਸਹਿਮਤੀ ਜ਼ਾਹਿਰ ਕੀਤੀ ਹੈ। ਲੁਧਿਆਣਾ ਦੇ ਸ਼ਹਿਰੀ ਸੀਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਪੀਏਸੀ ਬਲਜੀਤ ਸਿੰਘ ਛਤਵਾਲ ਨੇ ਅਸਤੀਫ਼ਾ ਦੇ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਜਨਰਲ ਸਕੱਤਰ ਕਰਨੈਲ ਸਿੰਘ ਪੀਰਮੁਹੰਮਦ ਨੇ ਜਥੇਦਾਰਾਂ ਨੂੰ ਹਟਾਏ ਜਾਣ ਵਾਲਾ ਫ਼ੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਹੈ। ਹਲਕਾ ਖਰੜ ਦੇ ਇੰਚਾਰਜ ਤੇ ਪਾਰਟੀ ਦੇ ਜਨਰਲ ਸਕੱਤਰ ਰਣਜੀਤ ਸਿੰਘ ਗਿੱਲ ਅਤੇ ਦੋ ਸਰਕਲ ਪ੍ਰਧਾਨਾਂ ਸਮੇਤ ਦਰਜਨਾਂ ਆਗੂਆਂ ਨੇ ਵਿਰੋਧ ਦਰਜ ਕਰਾਇਆ ਹੈ। ਜ਼ਿਲ੍ਹਾ ਮੋਗਾ ਦੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਬਲਦੇਵ ਸਿੰਘ ਆਦਿ ਨੇ ਜਥੇਦਾਰ ਹਟਾਏ ਜਾਣ ਦੇ ਫ਼ੈਸਲੇ ’ਤੇ ਅਸਹਿਮਤੀ ਦਰਜ ਕਰਾਈ ਹੈ। ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਤੇਜਿੰਦਰ ਸਿੰਘ ਨਿੱਝਰ ਅਤੇ ਪਾਰਟੀ ਦੇ ਕੌਮੀ ਜਥੇਬੰਦਕ ਸਕੱਤਰ ਜਨਰਲ ਅਮਰਜੀਤ ਸਿੰਘ ਸੰਧੂ ਨੇ ਵੀ ਅਸਹਿਮਤੀ ਜ਼ਾਹਿਰ ਕੀਤੀ ਹੈ। ਸੋਈ ਦੇ ਸਾਬਕਾ ਪ੍ਰਧਾਨ ਰੌਬਿਨ ਬਰਾੜ ਨੇ ਵੀ ਇਸ ਫ਼ੈਸਲੇ ਦੀ ਨਿੰਦਾ ਕੀਤੀ ਹੈ।
ਨਿਹੰਗ ਜਥੇਬੰਦੀਆਂ ਵੱਲੋਂ ਮੁੱਖ ਸਮਾਗਮ ਦਾ ਵਿਰੋਧ
ਨਿਹੰਗ ਜਥੇਬੰਦੀਆਂ ਅਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ ਨੇ ਨਵੇਂ ਜਥੇਦਾਰ ਦੀ ਦਸਤਾਰਬੰਦੀ ਪ੍ਰੋਗਰਾਮ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਜਥੇਦਾਰਾਂ ਨੂੰ ਹਟਾਏ ਜਾਣ ਦਾ ਫ਼ੈਸਲਾ ਵਾਪਸ ਲਵੇ। ਉਨ੍ਹਾਂ ਕਿਹਾ ਕਿ ਆਨੰਦਪੁਰ ਸਾਹਿਬ ਤੋਂ ਨਿਹੰਗ ਸਿੰਘ ਭਲਕੇ ਅੰਮ੍ਰਿਤਸਰ ਲਈ ਵਹੀਰਾਂ ਘੱਤਣਗੇ। ਇਸੇ ਤਰ੍ਹਾਂ ਦਮਦਮੀ ਟਕਸਾਲ ਜਥਾ ਭਿੰਡਰਾਂ ਦੇ ਮੁੱਖ ਬੁਲਾਰੇ ਗੁਰਦੀਪ ਸਿੰਘ ਨੇ 10 ਮਾਰਚ ਦੇ ਪ੍ਰੋਗਰਾਮਾਂ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਕੇਂਦਰੀ ਸ੍ਰੀ ਸਿੰਘ ਸਭਾ ਚੰਡੀਗੜ੍ਹ ਦੇ ਜਨਰਲ ਸਕੱਤਰ ਖ਼ੁਸ਼ਹਾਲ ਸਿੰਘ ਨੇ ਵੀ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ, ਅੰਤ੍ਰਿੰਗ ਕਮੇਟੀ ਅਤੇ ਪਾਰਟੀ ਦੀ ਵਰਕਿੰਗ ਕਮੇਟੀ ਦਾ ਘਿਰਾਓ ਕੀਤਾ ਜਾਵੇ।
ਦਬਕੇ ਨਾਲ ਹੌਸਲੇ ਨਹੀਂ ਤੋੜੇ ਜਾ ਸਕਦੇ: ਸੀਨੀਅਰ ਆਗੂ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਸੁਰਜੀਤ ਸਿੰਘ ਰੱਖੜਾ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਛੋਟੇਪੁਰ, ਜਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਅਤੇ ਚਰਨਜੀਤ ਸਿੰਘ ਬਰਾੜ ਨੇ ਜਾਰੀ ਬਿਆਨ ’ਚ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਫ਼ੈਸਲੇ ਨਾਲ ਸਾਜ਼ਿਸ਼ੀ ਟੋਲੇ ਦੇ ਚਿਹਰੇ ਨੰਗੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਲੜਾਈ ਕਿਸੇ ਵਿਅਕਤੀ ਵਿਸ਼ੇਸ਼ ਨਾਲ ਨਹੀਂ ਬਲਕਿ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਢਹਿ-ਢੇਰੀ ਕਰਨ ਵਾਲੇ ਲੋਕਾਂ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦਾ ਡਰ ਦਿਖਾ ਕੇ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਲੋਕਾਂ ਦੇ ਹੌਸਲੇ ਨਹੀਂ ਤੋੜ ਸਕਦਾ ਹੈ।