ਕਰਨਲ ਦੀ ਕੁੱਟਮਾਰ ਮਾਮਲੇ ’ਚ ਪਰਿਵਾਰ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਕਰਨਲ ਦੀ ਕੁੱਟਮਾਰ ਮਾਮਲੇ ’ਚ ਪਰਿਵਾਰ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ,(ਪੰਜਾਬੀ ਰਾਈਟਰ)-ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਬਾਹਰ ਪੁਲੀਸ ਮੁਲਾਜ਼ਮਾਂ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਇਨਸਾਫ ਦੀ ਮੰਗ ਲਈ ਕਰਨਲ ਦਾ ਪਰਿਵਾਰ ਸੋਮਵਾਰ ਨੂੰ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਿਆ। ਦੱਸਿਆ ਜਾਂਦਾ ਹੈ ਕਿ ਇਸ ਮੌਕੇ ਜਿਥੇ ਪਰਿਵਾਰ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਦੁਹਰਾਈ, ਉਥੇ ਮੁੱਖ ਮੰਤਰੀ ਨੇ ਪਰਿਵਾਰ ਨੂੰ ਨਿਰਪੱਖ ਜਾਂਚ ਕਰਾਉਣ ਤੇ ਇਨਸਾਫ਼ ਦਿਵਾਉਣ ਦਾ ਯਕੀਨ ਦਿਵਾਇਆ ਹੈ।

ਇਹ ਮੁਲਾਕਾਤ ਮੁੱਖ ਮੰਤਰੀ ਦੀ ਇਥੇ ਸਥਿਤ ਸਰਕਾਰੀ ਰਿਹਾਇਸ਼ ਵਿਚ ਹੋਈ। ਇਸ ਸਬੰਧ ਵਿਚ ਪਟਿਆਲਾ ਤੋਂ ਚੰਡੀਗੜ੍ਹ ਪੁੱਜਣ ਵਾਲਿਆਂ ਵਿਚ ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ, ਉਹਨਾਂ ਦੇ ਪਰਿਵਾਰਿਕ ਮੈਂਬਰ ਅਤੇ ਉਨ੍ਹਾਂ ਦੇ ਹਮਾਇਤੀ ਸ਼ਾਮਲ ਸਨ।

ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਵਿੰਦਰ ਕੌਰ ਬਾਠ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਮਲੇ ਦੀ ਜਾਂਚ ਲਈ ਚੌਥੀ ਵਾਰ ਸਿੱਟ ਬਦਲੀ ਗਈ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਕਿਵੇਂ ਕਰਨਲ ਦੀ ਕੁੱਟਮਾਰ ਦੇ ਮਾਮਲੇ ਵਿੱਚ ਪੁਲੀਸ ਮੁਲਾਜ਼ਮਾਂ ਨੂੰ ਬਚਾਉਣ ਲੱਗੀ ਹੋਈ ਹੈ।

ਉਨ੍ਹਾਂ ਮੰਗ ਕੀਤੀ ਕਿ ਐਸਐਸਪੀ ਪਟਿਆਲਾ ਡਾ. ਨਾਨਕ ਸਿੰਘ ਨੂੰ ਬਦਲਿਆ ਜਾਵੇ। ਉਹਨਾਂ ਕਿਹਾ ਕਿ ਉਹਨਾਂ ਨੂੰ ਪੰਜਾਬ ਪੁਲੀਸ ਤੋਂ ਇਨਸਾਫ ਮਿਲਣ ਦਾ ਭਰੋਸਾ ਨਹੀਂ ਹੈ। ਇਸ ਲਈ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਤੋਂ ਕਰਵਾਈ ਜਾਵੇ।

ਪਟਿਆਲਾ; ਪਟਿਆਲਾ ਵਾਸੀ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਬੇਟੇ ਦੀ ਕੁੱਟਮਾਰ ਦੀ ਜਾਂਚ ਲਈ ਸਰਕਾਰ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ (ਸਿਟ) ਅੱਜ ਦੂਜੀ ਵਾਰ ਪਟਿਆਲਾ ਪੁੱਜੀ। ਇਸ ਦੌਰਾਨ ਭਾਵੇਂ ਕਰਨਲ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਸਿੱਟ ਕੋਲ ਹਾਜ਼ਰ ਨਾ ਹੋਇਆ ਪਰ ਜਾਂਚ ਟੀਮ ਦੇ ਮੈਂਬਰਾਂ ਨੇ ਘਟਨਾ ਸਥਾਨ ਦਾ ਦੌਰਾ ਕਰਕੇ ਕੁਝ ਸਬੂਤ ਵੀ ਇਕੱਤਰ ਕੀਤੇ ਹਨ। ਸਿਟ ਮੁਤਾਬਕ ਘਟਨਾਕ੍ਰਮ ਨਾਲ ਸਬੰਧਤ ਸੀਸੀਟੀਵੀ ਫੁਟੇਜ ਘੋਖਣ ਲਈ ਸੈਂਟਰਲ ਫੋਰੈਂਸਿਕ ਸਾਇੰਸ ਲੈਬ ਕੋਲ ਭੇਜੀ ਗਈ ਹੈ। ਸਿਟ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਘਟਨਾਕ੍ਰਮ ਨਾਲ ਸਬੰਧਤ ਜੇ ਕਿਸੇ ਕੋਲ ਕੋਈ ਵੀ ਵੀਡੀਓ ਫੁਟੇਜ ਜਾਂ ਹੋਰ ਕੋਈ ਜਾਣਕਾਰੀ ਹੋਵੇ ਤਾਂ ਉਹ 2 ਅਪਰੈਲ ਨੂੰ ਸਰਕਟ ਹਾਊਸ ਪਟਿਆਲਾ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਸਾਂਝੀ ਕਰ ਸਕਦਾ ਹੈ। ਇਸ ਸਬੰਧੀ ਸਿਟ ਵੱਲੋਂ ਫੋਨ ਨੰਬਰ 75083-00342 ਵੀ ਜਾਰੀ ਕੀਤਾ ਗਿਆ ਹੈ। ਸਿੱਟ ਮਾਮਲੇ ਨਾਲ ਜੁੜੇ ਸਾਰੇ 12 ਪੁਲੀਸ ਕਰਮੀਆਂ ਨੂੰ ਵੀ ਸੱਦੇਗੀ। ਸਿਟ ਮੁਖੀ ਏਡੀਜੀਪੀ (ਟਰੈਫਿਕ) ਅਮਰਦੀਪ ਰਾਏ, ਹੁਸ਼ਿਆਰਪੁਰ ਦੇ ਐੱਸਐੱਸਪੀ ਸੰਦੀਪ ਮਲਿਕ ਅਤੇ ਮੁਹਾਲੀ ਦੇ ਐੱਸਪੀ ਮਨਪ੍ਰੀਤ ਸਿੰਘ ਕੰਬੋਜ ਨੇ ਘਟਨਾ ਸਥਾਨ ਦਾ ਦੌਰਾ ਕੀਤਾ। ਉਨ੍ਹਾਂ ਨਾਲ ਡੀਐੱਸਪੀ (ਬਾਘਾਪੁਰਾਣਾ) ਦਲਬੀਰ ਸਿੰਘ ਸਿੱਧੂ ਵੀ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏਡੀਜੀਪੀ ਨੇ ਕਿਹਾ ਕਿ ਉਨ੍ਹਾਂ ਰਾਜਿੰਦਰਾ ਹਸਪਤਾਲ ਦੇ ਬਾਹਰ ਸਥਿਤ ਢਾਬੇ ਨੇੜਲੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਸਾਰੇ ਤੱਥਾਂ ਨੂੰ ਇਕੱਠਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਐੱਸਐੱਸਪੀ ਡਾ. ਨਾਨਕ ਸਿੰਘ ਤੋਂ ਵੀ ਪੁੱਛ-ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੜਤਾਲ ਨਿਰਪੱਖ ਢੰਗ ਨਾਲ ਕੀਤੀ ਜਾਵੇਗੀ।