ਮੁੱਖ ਮੰਤਰੀ ਨੇ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਬਾਰੇ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਬਾਰੇ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ

ਚੰਡੀਗੜ੍ਹ,(ਪੰਜਾਬੀ ਰਾਈਟਰ)- ਪੰਜਾਬ ਦੀ ਖ਼ਬਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਸਬੰਧੀ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਮਿਲਣੀ 12 ਅਪਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਹੋਵੇਗੀ।

ਮੁੱਖ ਮੰਤਰੀ ਨੇ ਆਪਣੀ ਰਿਹਾਇਸ਼ ਉੱਤੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਕਿਸਾਨ ਮਿਲਣੀ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਲਵਾਈ ਘੱਟ ਪਾਣੀ ਦੀ ਖ਼ਪਤ ਵਾਲੀਆਂ ਤਕਨੀਕਾਂ ਰਾਹੀਂ ਕਰਨ ਬਾਰੇ ਜਾਣੂੰ ਕਰਵਾਇਆ ਜਾਵੇਗਾ। ਇਸ ਦੌਰਾਨ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਵਾਨਤ ਵੱਧ ਝਾੜ ਵਾਲੀਆਂ ਕਿਸਮਾਂ ਦੀ ਵਰਤੋਂ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਉਤੇ ਜ਼ੋਰ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇਗਾ ਕਿ ਅਕਤੂਬਰ ਵਿੱਚ ਝੋਨਾ ਵੇਚਣ ਵੇਲੇ ਵੱਧ ਨਮੀ ਹੋਣ ਕਾਰਨ ਕਿਸਾਨਾਂ ਨੂੰ ਆਉਂਦੀਆਂ ਦਿੱਕਤਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਝੋਨੇ ਦੀ ਲਵਾਈ ਅਗੇਤੀ ਕਰਦਿਆਂ ਪਹਿਲੀ ਜੂਨ ਤੋਂ ਕਰਵਾਉਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਜ਼ੋਨਾਂ ਵਿੱਚ ਵੰਡ ਕੇ ਝੋਨੇ ਦੀ ਲਵਾਈ ਯਕੀਨੀ ਬਣਾਈ ਜਾਵੇਗੀ, ਜਿਸ ਲਈ ਪੰਜਾਬ ਸਰਕਾਰ ਲੋੜੀਂਦੇ ਪ੍ਰਬੰਧ ਤੇ ਯੋਜਨਾਬੰਦੀ ਕਰ ਰਹੀ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਲਵਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬੇ ਨੂੰ ਜ਼ੋਨਾਂ ਵਿੱਚ ਵੰਡਿਆ ਜਾਵੇਗਾ। ਜ਼ੋਨਾਂ ਦੇ ਹਿਸਾਬ ਨਾਲ ਝੋਨੇ ਦੀ ਲਵਾਈ ਲਈ ਜਲਦੀ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ ਤਾਂ ਕਿ ਕਿਸਾਨ ਇਸ ਤੋਂ ਫਾਇਦਾ ਲੈ ਸਕਣ।