ਰਾਜ ਸਭਾ ਮੈਂਬਰਾਂ ਦੇ ਦਲ-ਬਦਲੀ ਮਾਮਲੇ ’ਤੇ ਮੁੱਖ ਮੰਤਰੀ ਮਾਨ ਅੱਜ ਰਾਸ਼ਟਰਪਤੀ ਨੂੰ ਮਿਲਣਗੇ ਵਿਧਾਇਕਾਂ ਦੇ ਕਾਫ਼ਲੇ ਸਮੇਤ ਦਿੱਲੀ ਰਵਾਨਾ; Recall ਕਰਨ ਦੀ ਰੱਖਣਗੇ ਮੰਗ

ਰਾਜ ਸਭਾ ਮੈਂਬਰਾਂ ਦੇ ਦਲ-ਬਦਲੀ ਮਾਮਲੇ ’ਤੇ ਮੁੱਖ ਮੰਤਰੀ ਮਾਨ ਅੱਜ ਰਾਸ਼ਟਰਪਤੀ ਨੂੰ ਮਿਲਣਗੇ ਵਿਧਾਇਕਾਂ ਦੇ ਕਾਫ਼ਲੇ ਸਮੇਤ ਦਿੱਲੀ ਰਵਾਨਾ; Recall ਕਰਨ ਦੀ ਰੱਖਣਗੇ ਮੰਗ

ਚੰਡੀਗੜ੍ਹ,(ਪੰਜਾਬੀ ਰਾਈਟਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਸਾਰੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਸੜਕੀ ਮਾਰਗ ਰਾਹੀਂ ਦਿੱਲੀ ਲਈ ਰਵਾਨਾ ਹੋ ਗਏ ਹਨ। ਮੁੱਖ ਮੰਤਰੀ ਵੱਲੋਂ ਰਾਸ਼ਟਰਪਤੀ ਨਾਲ ਭਾਜਪਾ ਵਿੱਚ ਸ਼ਾਮਿਲ ਹੋਣ ਵਾਲੇ ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ, ਰਾਜਿੰਦਰ ਗੁਪਤਾ, ਹਰਭਜਨ ਸਿੰਘ, ਵਿਕਰਮਜੀਤ ਸਿੰਘ ਸਾਹਨੀ ਵਿਰੁੱਧ ਗੱਲਬਾਤ ਕੀਤੀ ਜਾਵੇਗੀ। ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਰਾਘਵ ਚੱਢਾ, ਸੰਦੀਪ ਪਾਠਕ ਅਤੇ ਹਰਭਜਨ ਸਿੰਘ ਵਰਗੇ ਆਗੂਆਂ ਨੇ ਪੰਜਾਬ ਦੇ ਲੋਕਾਂ ਦੇ ਫਤਵੇ ਅਤੇ ਪਾਰਟੀ ਨਾਲ ਗ਼ਦਦਾਰੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਵੱਲੋਂ ਪਿਛਲੇ ਦਿਨੀ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਦਾ ਪੱਲਾ ਫੜ ਲਿਆ ਸੀ। ਇਸ ਸਬੰਧੀ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਦੇ ਚੇਅਰਮੈਨ ਨੂੰ ਲਿਖਤੀ ਪੱਤਰ ਵੀ ਲਿਖਿਆ ਗਿਆ ਸੀ ਪਰ ਇਸ ਦੇ ਬਾਵਜੂਦ ਰਾਜ ਸਭਾ ਦੇ ਚੇਅਰਮੈਨ ਨੇ ਸੱਤ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਬਾਰੇ ਪੱਤਰ ਜਾਰੀ ਕਰ ਦਿੱਤਾ ਹੈ।

ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਸੀ ਤਾਂ ਰਾਸ਼ਟਰਪਤੀ ਵੱਲੋਂ ਅੱਜ ਪੰਜ ਮਈ ਨੂੰ ਦੁਪਹਿਰੇ 12 ਵਜੇ ਦਾ ਸਮਾਂ ਦਿੱਤਾ ਗਿਆ ਹੈ। ਹਾਲਾਂਕਿ ਰਾਸ਼ਟਰਪਤੀ ਵੱਲੋਂ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਤੋਂ ਪਹਿਲਾਂ ਰਾਜ ਸਭਾ ਮੈਂਬਰ ਰਾਘਵ ਚੱਢਾ ਸਣੇ ਤਿੰਨ ਰਾਜਸਭਾ ਮੈਂਬਰਾਂ ਨੂੰ ਮੁਲਾਕਾਤ ਕਰਨ ਲਈ ਸਮਾਂ ਦੇ ਦਿੱਤਾ ਹੈ। ਇਸ ਮੁਲਾਕਾਤ ਨੂੰ ਲੈ ਕੇ ਵੀ ਕਈ ਤਰ੍ਹਾਂ ਦੇ ਚਰਚੇ ਚੱਲ ਰਹੇ ਹਨ।