ਪੁਲੀਸ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਅੰਜਾਮ ਤੱਕ ਲਿਜਾਣ ਦੇ ਹੁਕਮ

ਪੁਲੀਸ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਅੰਜਾਮ ਤੱਕ ਲਿਜਾਣ ਦੇ ਹੁਕਮ

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਸੂਬੇ ਦੇ ਸੀਨੀਅਰ ਪੁਲੀਸ ਅਧਿਕਾਰੀਆਂ, ਪੁਲੀਸ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲੀਸ ਮੁਖੀਆਂ ਨਾਲ ਮੀਟਿੰਗ ਦੌਰਾਨ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਅੰਜਾਮ ਤੱਕ ਲਿਜਾਣ ਦੇ ਆਦੇਸ਼ ਦਿੱਤੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਸ਼ਿਆਂ ਖ਼ਿਲਾਫ਼ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਮੁਕੰਮਲ ਤੌਰ ਉਤੇ ਲਾਗੂ ਕਰਨ ਲਈ ਆਖਿਆ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਪੁਲੀਸ ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪਹਿਲਾਂ ਹੀ ਤੋੜ ਦਿੱਤਾ ਹੈ ਅਤੇ ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹ ’ਚ ਡੱਕਿਆ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੁਲੀਸ ਨੂੰ ਤਸਕਰਾਂ ਵੱਲੋਂ ਨਸ਼ਾ ਤਸਕਰੀ ਦੇ ਪੈਸੇ ਨਾਲ ਬਣਾਈ ਜਾਇਦਾਦ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਅਧਿਕਾਰੀਆਂ ਨੂੰ ਬਿਨਾਂ ਕਿਸੇ ਦਬਾਅ ਦੇ ਦਲੇਰੀ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਫੈਸਲਾਕੁਨ ਜੰਗ ਵਿੱਢੀ ਹੋਈ ਹੈ ਅਤੇ ਸੂਬੇ ਵਿੱਚੋਂ ਇਸ ਲਾਹਣਤ ਦਾ ਖੁਰਾ-ਖੋਜ ਮਿਟਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਉਤੇ ਪਹਿਰਾ ਦੇਣਾ ਪੁਲੀਸ ਅਫਸਰਾਂ ਦੀ ਤਰਜੀਹ ਹੋਣੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੰਗਠਿਤ ਅਪਰਾਧ ਵਿਰੁੱਧ ਸਖ਼ਤ ਕਾਰਵਾਈ ਤੇ ਫਿਰੌਤੀ ਦੇ ਮਾਮਲੇ ਰੋਕਣ ਤੇ ਸੁਲਝਾਉਣ ਉਤੇ ਵਧੇਰੇ ਧਿਆਨ ਦਿੱਤਾ ਜਾਵੇ। ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਜ਼ਿਲ੍ਹਿਆਂ ਦੇ ਦੌਰੇ ਕਰਨ ਦੇ ਆਦੇਸ਼ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਮਸਲੇ ਸੁਲਝਾਉਣ ਚਾਹੀਦੇ ਹਨ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਭਰ ਦੇ ਭੀੜ-ਭੜੱਕੇ ਵਾਲੇ ਇਲਾਕਿਆਂ ਤੇ ਖਾਸ ਕਰਕੇ ਬਾਜ਼ਾਰਾਂ ’ਚ ਚੌਕਸੀ ਵਧਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਦੁਸ਼ਮਣ ਤਾਕਤਾਂ ਨੂੰ ਨੱਥ ਪਾ ਕੇ ਸੂਬੇ ਦੀ ਅਮਨ-ਸਾਂਤੀ ਕਾਇਮ ਰੱਖਣਾ ਸਮੇਂ ਦੀ ਲੋੜ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਦੇ ਅਧਿਕਾਰ ਖੇਤਰ ਵਾਲੇ ਇਲਾਕਿਆਂ ਵਿੱਚ ਕਿਸੇ ਤਰ੍ਹਾਂ ਦੀ ਗੈਰ-ਕਾਨੂੰਨੀ ਮਾਈਨਿੰਗ ਹੈ ਤਾਂ ਉਸ ਨੂੰ ਤੁਰੰਤ ਰੋਕਿਆ ਜਾਵੇ।