ਸੰਦੀਪ ਪਾਠਕ ਨੇ ਪੰਜਾਬ ਦੇ ਫ਼ੰਡ ਰੋਕਣ ਦਾ ਮੁੱਦਾ ਰਾਜ ਸਭਾ ਵਿੱਚ ਚੁੱਕਿਆ

ਸੰਦੀਪ ਪਾਠਕ ਨੇ ਪੰਜਾਬ ਦੇ ਫ਼ੰਡ ਰੋਕਣ ਦਾ ਮੁੱਦਾ ਰਾਜ ਸਭਾ ਵਿੱਚ ਚੁੱਕਿਆ

ਚੰਡੀਗੜ੍ਹ (ਟਨਸ): ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਨੇ ਅੱਜ ਸੰਸਦ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਫ਼ੰਡ ਰੋਕਣ ਦਾ ਮੁੱਦਾ ਚੁੱਕਿਆ। ਉਨ੍ਹਾਂ ਸਾਰੇ ਰੋਕੇ ਗਏ ਫੰਡ ਜਾਰੀ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲ ਪੰਜਾਬ ਦੇ ਆਰਡੀਐੱਫ (ਪੇਂਡੂ ਵਿਕਾਸ ਫੰਡ) ਦੇ 5500 ਕਰੋੜ ਰੁਪਏ ਬਕਾਇਆ ਹਨ ਜਿਨ੍ਹਾਂ ਦੀ ਵਰਤੋਂ ਪੰਜਾਬ ਦੀਆਂ ਮੰਡੀਆਂ ਅਤੇ ਦਿਹਾਤੀ ਖੇਤਰ ਦੀਆਂ ਸੜਕਾਂ ਦੇ ਨਿਰਮਾਣ ਤੇ ਸਾਂਭ-ਸੰਭਾਲ ਲਈ ਕੀਤੀ ਜਾਂਦੀ ਹੈ। ਪਾਠਕ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਫ਼ੰਡ ਦੀ ਵਰਤੋਂ ਹੋਰ ਕੰਮਾਂ ਲਈ ਕੀਤੀ ਸੀ ਪਰ ਹੁਣ ਪੰਜਾਬ ਵਿੱਚ ਨਵੀਂ ਸਰਕਾਰ ਨੇ ਫੰਡ ਸਿਰਫ਼ ਮੰਡੀਆਂ ਅਤੇ ਪੇਂਡੂ ਸੜਕਾਂ ਲਈ ਹੀ ਖ਼ਰਚਣ ਵਾਸਤੇ ਨਵੇਂ ਕਾਨੂੰਨ ਬਣਾਏ ਹਨ। ਇਸ ਲਈ ਕੇਂਦਰ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਤੋਂ ਇਹ ਫ਼ੰਡ ਜਾਰੀ ਕਰਨਾ ਚਾਹੀਦਾ ਹੈ। ਰਾਜ ਸਭਾ ਮੈਂਬਰ ਨੇ ਕਿਹਾ ਕਿ ਐੱਨਐੱਚਐੱਮ (ਨੈਸ਼ਨਲ ਹੈਲਥ ਮਿਸ਼ਨ) ਦੇ 621 ਕਰੋੜ ਦੇ ਫ਼ੰਡ ਕੇਂਦਰ ਵੱਲ ਬਕਾਇਆ ਪਏ ਹਨ। ਕੇਂਦਰ ਦਾ ਦਾਅਵਾ ਹੈ ਕਿ ਇਹ ਫ਼ੰਡ ਆਮ ਆਦਮੀ ਕਲੀਨਿਕਾਂ ਲਈ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ’ਤੇ ਸੂਬਾ ਸਰਕਾਰ ਆਪਣੇ ਫ਼ੰਡ ਖ਼ਰਚ ਕਰ ਰਹੀ ਹੈ ਅਤੇ ਉਹ ਬਿਨਾਂ ਵਜ੍ਹਾ ਹੀ ਫ਼ੰਡ ਰੋਕ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਕੁੱਲ 8,000 ਕਰੋੜ ਰੁਪਏ ਦੇ ਫ਼ੰਡ ਰੋਕ ਰੱਖੇ ਹਨ ਜਿਨ੍ਹਾਂ ਨੂੰ ਤੁਰੰਤ ਜਾਰੀ ਕੀਤਾ ਜਾਣਾ ਚਾਹੀਦਾ ਹੈ।