‘ਆਪ’ ਨੇ ਮੁਲਾਜ਼ਮ ਪੱਕੇ ਕਰਨ ਦਾ ਮਤਾ ਅਮਲ ’ਚ ਨਹੀਂ ਲਿਆਂਦਾ: ਚੰਨੀ

‘ਆਪ’ ਨੇ ਮੁਲਾਜ਼ਮ ਪੱਕੇ ਕਰਨ ਦਾ ਮਤਾ ਅਮਲ ’ਚ ਨਹੀਂ ਲਿਆਂਦਾ: ਚੰਨੀ

ਜਲੰਧਰ, -ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਬਣੇ ਤਾਂ ਉਹ ਹਰੇਕ ਮੁਲਾਜ਼ਮ ਦੇ ਨਾਲ ਖੜ੍ਹੇ ਸੀ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਵਿਧਾਨ ਸਭਾ ਵਿੱਚ ਕਾਨੂੰਨ ਵੀ ਪਾਸ ਕਰਵਾਇਆ ਸੀ ਪਰ ਮੌਜੂਦਾ ਸਰਕਾਰ ਨੇ ਇਸ ਨੂੰ ਲਾਗੂ ​​ਨਹੀਂ ਕੀਤਾ, ਜਿਸ ਕਾਰਨ ਅਜੇ ਤੱਕ ਮੁਲਾਜ਼ਮ ਪੱਕੇ ਨਹੀਂ ਕੀਤੇ ਗਏ। ਸ੍ਰੀ ਚੰਨੀ ਨੇ ਕਿਹਾ ਕਿ ਜਦੋਂ ਸੂਬੇ ਵਿੱਚ ਉਨ੍ਹਾਂ ਦੀ ਸਰਕਾਰ ਆਵੇਗੀ ਤਾਂ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਗਾਰੰਟੀ ਹੈ ਕਿ ਕਾਂਗਰਸ ਸਰਕਾਰ ਆਉਣ ’ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਿੱਥੇ ਵੀ ਜਾਂਦੇ ਹਨ, ਉੱਥੇ ਮੁਲਾਜ਼ਮ ਯੂਨੀਅਨ ਦੇ ਆਗੂਆਂ ਦੀ ਨਿਗਰਾਨੀ ਰੱਖੀ ਜਾਂਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਮੁੱਖ ਮੰਤਰੀ ਆਪਣੇ ਹੀ ਮੁਲਾਜ਼ਮਾਂ ਤੋਂ ਡਰਦੇ ਹਨ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਪੰਜਾਬ ਨੂੰ ਕੁਝ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੇ ਰਹੇ। ਉਨ੍ਹਾਂ ਨੂੰ ਕੇਂਦਰ ਨੇ ਵਾਰ-ਵਾਰ ਕਿਸਾਨਾਂ ਖ਼ਿਲਾਫ਼ ਸਖ਼ਤੀ ਕਰਨ ਲਈ ਕਿਹਾ ਪਰ ਕਿਸੇ ਕਿਸਾਨ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ।
                                                                                              ਸ਼ਾਹਕੋਟ (ਗੁਰਮੀਤ ਸਿੰਘ ਖੋਸਲਾ): ਹਲਕਾ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਅੱਜ ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ ਹਲਕੇ ਦੇ ਅੱਧੀ ਦਰਜਨ ਪਿੰਡਾਂ ਵਿੱਚ ਚੋਣ ਰੈਲੀਆਂ ਕੀਤੀਆਂ। ਸ਼ਾਹਕੋਟ, ਮਲਸੀਆਂ, ਕਾਕੜਾ, ਮਹੇੜੂ, ਬਾਲੋਕੀ ਅਤੇ ਬਘੇਲਾ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਮਾਨ ਸਰਕਾਰ ਨੂੰ ਤਾਨਾਸ਼ਾਹ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਮਿਲੀਭੁਗਤ ਨਾਲ ਹੀ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਸ੍ਰੀ ਚੰਨੀ ਨੇ ਮੋਦੀ ਅਤੇ ਮਾਨ ’ਤੇ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕਰਨ ਦਾ ਵੀ ਦੋਸ਼ ਲਾਇਆ। ਉਨ੍ਹਾਂ ਆਪਣੇ ਤਿੰਨ ਮਹੀਨੇ ਦੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਕੀਤੇ ਲੋਕ ਭਲਾਈ ਦੇ ਕੰਮਾਂ ਦਾ ਵੇਰਵਾ ਦਿੰਦਿਆਂ ਪਾਰਟੀ ਲਈ ਵੋਟ ਪਾਉਣ ਦੀ ਅਪੀਲ ਕੀਤੀ। ਚੋਣ ਰੈਲੀਆਂ ਨੂੰ ਬਲਕੌਰ ਸਿੰਘ, ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਅਤੇ ਕਈ ਹੋਰ ਸਥਾਨਕ ਆਗੂਆਂ ਨੇ ਵੀ ਸੰਬੋਧਨ ਕੀਤਾ।