ਪੰਜਾਬ ਸਰਕਾਰ ਸੂਬੇ ਵਿੱਚ ਸੌ ਹੋਰ ਆਮ ਆਦਮੀ ਕਲੀਨਿਕ ਖੋਲ੍ਹੇਗੀ

ਪੰਜਾਬ ਸਰਕਾਰ ਸੂਬੇ ਵਿੱਚ ਸੌ ਹੋਰ ਆਮ ਆਦਮੀ ਕਲੀਨਿਕ ਖੋਲ੍ਹੇਗੀ

ਚੰਡੀਗੜ੍ਹ-ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਵਿੱਚ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ’ਚ ਹੁਣ ਤੱਕ 664 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿਥੇ 84 ਜ਼ਰੂਰੀ ਦਵਾਈਆਂ ਅਤੇ 40 ਤੋਂ ਵੱਧ ਟੈਸਟਾਂ ਦੀ ਸਹੂਲਤ ਮੁਫਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ 100 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ ਜਿਸ ਨਾਲ ਹਰੇਕ ਪੰਜਾਬੀ ਨੂੰ ਆਪਣੇ ਘਰ ਦੇ ਨਜ਼ਦੀਕ ਵਧੀਆ ਸਿਹਤ ਸਹੂਲਤਾਂ ਮਿਲ ਸਕਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਵਰਦਾਨ ਸਾਬਤ ਹੋ ਰਹੇ ਹਨ। ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ 80 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਚੁੱਕੇ ਹਨ। ਇਨ੍ਹਾਂ ਕਲੀਨਿਕਾਂ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ ਹੈ ਜਿਸ ਨਾਲ ਆਮ ਆਦਮੀ ਨੂੰ ਬਹੁਤ ਫਾਇਦਾ ਹੋਇਆ ਹੈ।ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਨਵੇਂ ਬਣ ਰਹੇ ਮੈਡੀਕਲ ਕਾਲਜਾਂ ਨੂੰ ਚਾਲੂ ਕਰਨ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਸੂਬੇ ਵਿੱਚ ਸਿਰਫ ਤਿੰਨ ਮੈਡੀਕਲ ਕਾਲਜ ਖੁੱਲ੍ਹੇ ਹਨ। ਹੁਣ ਆਉਂਦੇ ਇੱਕ ਸਾਲ ਵਿੱਚ ਸੂਬੇ ਵਿੱਚ ਪੰਜ ਹੋਰ ਮੈਡੀਕਲ ਕਾਲਜ ਖੋਲ੍ਹੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਇਕ-ਇਕ ਮੈਡੀਕਲ ਕਾਲਜ ਖੋਲ੍ਹਣ ਲਈ ਕੰਮ ਕਰ ਰਹੀ ਹੈ ਅਤੇ ਇਸ ਕੰਮ ਨੂੰ ਇਕ ਸਾਲ ਵਿੱਚ ਪੂਰਾ ਕੀਤਾ ਜਾਵੇਗਾ। ਇਸ ਨਾਲ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਇਲਾਜ ਅਤੇ ਡਾਕਟਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਵਿੱਚ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਹਰ ਤਰ੍ਹਾਂ ਨਾਲ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਸੂਬਾ ਸਰਕਾਰ ਦਾ ਪ੍ਰਮੁੱਖ ਖੇਤਰ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।