ਧਮਕੀਆਂ ਮੈਨੂੰ ਲੋਕ ਸੇਵਾ ਤੋਂ ਰੋਕ ਨਹੀਂ ਸਕਦੀਆਂ: ਮਾਨ

ਧਮਕੀਆਂ ਮੈਨੂੰ ਲੋਕ ਸੇਵਾ ਤੋਂ ਰੋਕ ਨਹੀਂ ਸਕਦੀਆਂ: ਮਾਨ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੁਲੀਸ ਮੁਖੀ ਨੂੰ ਲੰਘੇ ਦਿਨ ਕੁਝ ਕੱਟੜਪੰਥੀ ਤਾਕਤਾਂ ਵੱਲੋਂ ਦਿੱਤੀ ਗਈ ਜਾਨੋਂ ਮਾਰਨ ਦੀ ਧਮਕੀ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰ ਰਹੇ ਹਨ ਅਤੇ ਕਿਸੇ ਦੀਆਂ ਧਮਕੀਆਂ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਤੋਂ ਰੋਕ ਨਹੀਂ ਸਕਦੀਆਂ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹਵਿੱਚ ਇੱਕ ਸਮਾਗਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਤਿੰਨ ਕਰੋੜ ਲੋਕਾਂ ਦੀ ਸੁਰੱਖਿਆ ਲਈ ਕੰਮ ਕਰ ਰਹੀ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਗੈਂਗਸਟਰਾਂ ਤੇ ਮਾੜੇ ਅਨਸਰਾਂ ਨੂੰ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਸੂਬੇ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉਨ੍ਹਾਂ ਦੀ ਸਰਕਾਰ ਇਨ੍ਹਾਂ ਸਮਾਜ ਵਿਰੋਧੀ ਤਾਕਤਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ, ਜਿਸ ਦਾ 550 ਕਿਲੋਮੀਟਰ ਦਾ ਇਲਾਕਾ ਸਰਹੱਦ ਦੇ ਨਾਲ ਲਗਦਾ ਹੈ। ਇਸੇ ਕਰਕੇ ਸੂਬਾ ਸਰਕਾਰ ਨੂੰ ਅੰਦਰੂਨੀ ਤੇ ਬਾਹਰੀ ਦੋਵੇਂ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਅੱਗੇ ਝੁਕੇ ਬਿਨਾਂ ਅਜਿਹੀਆਂ ਧਮਕੀਆਂ ਦਾ ਬਹਾਦਰੀ ਨਾਲ ਸਾਹਮਣਾ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖ਼ਿਲਾਫ਼ ਸਾਜ਼ਿਸ਼ਾਂ ਰਚਣ ਵਾਲੇ ਕੁਝ ਲੋਕ ਵਿਦੇਸ਼ਾਂ ’ਚ ਪਨਾਹ ਲੈ ਚੁੱਕੇ ਹਨ ਪਰ ਪੰਜਾਬ ਸਰਕਾਰ ਉਨ੍ਹਾਂ ਨੂੰ ਵਾਪਸ ਲਿਆਉਣ ਤੇ ਗੁਨਾਹਗਾਰਾਂ ਨੂੰ ਸਜ਼ਾ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਅਜਿਹੇ ਘਿਨਾਉਣੇ ਅਪਰਾਧੀਆਂ ਨੂੰ ਦੇਸ਼ ਵਾਪਸ ਲਿਆ ਕੇ ਦੇਸ਼ ਦੇ ਕਾਨੂੰਨ ਅਨੁਸਾਰ ਸਜ਼ਾਵਾਂ ਦਿੱਤੀਆਂ ਜਾਣ।ਉਨ੍ਹਾਂ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਨਿਸ਼ਾਨੇ ’ਤੇ ਲੈਂਦਿਆਂ ਉਨ੍ਹਾਂ ਨੂੰ ‘ਭਗੌੜਾ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਜਦੋਂ ਬਿਜਲੀ ਮੰਤਰੀ ਤਾਂ ਅਹੁਦਾ ਮਿਲਿਆ ਤਾਂ ਉਹ ਛੱਡ ਕੇ ਚਲੇ ਗਏ ਪਰ ਅੱਜ ਜਦੋਂ ਸੂਬਾ ਸਰਕਾਰ ਵੱਲੋਂ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦੇ ਜਾ ਰਹੇ ਹਨ ਤਾਂ ਉਹ ਲੋਕਾਂ ਨੂੰ ਗੁਮਰਾਹ ਕਰਨ ਦੀਆਂ ਗਲਤ ਬਿਆਨ ਦੇ ਰਹੇ ਹਨ। ਸ੍ਰੀ ਮਾਨ ਨੇ ਕਿਹਾ ‘ਥੋੜ੍ਹਾ ਗਿਆਨ ਖ਼ਤਰਨਾਕ ਹੈ’। ਇਸ ਲਈ ਨਵਜੋਤ ਸਿੰਘ ਸਿੱਧੂ ਨੂੰ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਪੜਤਾਲ ਕਰਨੀ ਚਾਹੀਦੀ ਹੈ।‘ਆਪ’ ਤੇ ਕਾਂਗਰਸ ਵੱਲੋਂ ਕੌਮੀ ਪੱਧਰ ’ਤੇ ਇੰਡੀਆ ਗੱਠਜੋੜ ਤਹਿਤ ਇਕੱਠੇ ਚੋਣਾਂ ਲੜਨ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਦੋਵਾਂ ਪਾਰਟੀਆਂ ਨੇ ਚੰਡੀਗੜ੍ਹ ਮੇਅਰ ਦੀ ਚੋਣ ’ਚ ਗੱਠਜੋੜ ਦਾ ਨੀਂਹ ਪੱਥਰ ਵੀ ਰੱਖ ਦਿੱਤਾ ਹੈ ਪਰ ਪੰਜਾਬ ਵਿੱਚ ‘ਆਪ’ ਤੇ ਕਾਂਗਰਸ ਵਿਚਕਾਰ ਗੱਠਜੋੜ ਸਿਰੇ ਚੜ੍ਹਦਾ ਦਿਖਾਈ ਨਹੀਂ ਦੇ ਰਿਹਾ ਹੈ। ਅੱਜ ਇਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ‘ਆਪ’ ਹੂੰਝਾ ਫੇਰ ਜਿੱਤ ਹਾਸਲ ਕਰੇਗੀ।ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ 18 ਜਨਵਰੀ ਤੋਂ ਗੋਆ ਦੇ ਤਿੰਨ ਦਿਨਾਂ ਦੌਰੇ ’ਤੇ ਜਾਣਗੇ। ਈਡੀ ਨੇ ਇਸੇ ਦਿਨ ਲਈ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਦੀ ਜਾਂਚ ਦੇ ਸਬੰਧ ’ਚ ਸੰਮਨ ਭੇਜਿਆ ਹੋਇਆ ਹੈ। ਦਿੱਲੀ ਤੇ ਪੰਜਾਬ ਮਗਰੋਂ ਗੋਆ ਉਹ ਰਾਜ ਹੈ ਜਿੱਥੋਂ ਦੀ ਵਿਧਾਨ ਸਭਾ ’ਚ ‘ਆਪ’ ਦੇ ਦੋ ਵਿਧਾਇਕ ਜਿੱਤੇ ਹੋਏ ਹਨ। ਦਿੱਲੀ ਹਾਈ ਕਮਾਂਡ ਦੇ ਸੂਤਰਾਂ ਨੇ ਦੱਸਿਆ ਕਿ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਰਾਘਵ ਚੱਢਾ ਤੇ ਸੰਦੀਪ ਪਾਠਕ ਨਾਲ 18 ਤੋਂ 20 ਜਨਵਰੀ ਤੱਕ ਸਾਹਿਲੀ ਰਾਜ ਵਿੱਚ ਰਹਿਣਗੇ। ‘ਆਪ’ ਦੇ ਸੀਨੀਅਰ ਨੇਤਾ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਉਣ ਵਾਲੇ ਪਾਰਟੀ ਦੇ ਗੋਆ ਦੇ ਵਿਧਾਇਕਾਂ ਅਤੇ ਰਾਜ ਦੇ ਹੋਰ ਵਰਕਰਾਂ ਤੇ ਵਾਲੰਟੀਅਰਾਂ ਨਾਲ ਮੁਲਾਕਾਤ ਕਰਨਗੇ।