ਪੰਜਾਬ ਵਿਚ ਹਰਿਆ ਭਰਿਆ ਘੁੱਗ ਵਸਦਾ ਮਾਣਮੱਤਾ ਸੂਬਾ ਹੈ ਪਰ ਇਸ ਉੱਪਰ ਰਾਜ ਕਰਨ ਵਾਲੇ ਸਿਆਸਤਦਾਨਾਂ ਨੇ ਹਮੇਸ਼ਾ ਹੀ ਪੰਜਾਬ ਨੂੰ ਲੱੁਟਣ ਉੱਤੇ ਹੀ ਟੇਕ ਧਰੀ ਰੱਖੀ। ਜਦੋਂ ਸੱਤਾਧਾਰੀ ਸਿਆਸਤਦਾਨਾਂ ਨੂੰ ਆਪਣੀਆਂ ਤਨਖਾਹਾਂ ਤੇ ਭੱਤੇ ਵਧਾਉਣ ਦੀ ਲੋੜ ਲੱਗੀ ਤਾਂ ਕਦੇ ਵੀ ਖਜ਼ਾਨਾ ਖਾਲੀ ਨਹੀਂ ਹੋਇਆ ਪਰ ਜਦੋਂ ਲੋਕਾਂ ਦੀ ਗੱਲ ਆਈ ਤਾਂ ਹਮੇਸ਼ਾ ਪੰਜਾਬ ਦਾ ਖਜ਼ਾਨਾ ਖਾਲੀ ਹੀ ਰਿਹਾ। ਸਭ ਤੋਂ ਵੱਧ ਪੰਜਾਬ ਦਾ ਖਜ਼ਾਨਾ ਖਾਲੀ ਹੋਣ ਦਾ ਢੰਡੋਰਾ 9 ਸਾਲ ਖਜ਼ਾਨਾ ਮੰਤਰੀ ਰਹੇ ਮਨਪ੍ਰੀਤ ਬਾਦਲ ਵਲੋਂ ਪਿੱਟਿਆ ਗਿਆ। ਪੰਜਾਬ ਦੇ ਲੋਕਾਂ ਨੇ ਦੋਵਾਂ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਨੂੰ ਹਰਾਉਂਦਿਆਂ ਬਦਲਾਅ ਦੀ ਆਸ ਨਾਲ ਆਮ ਆਦਮੀ ਪਾਰਟੀ ਨੂੰ ਜਿਤਾਇਆ। ਮੁੱਖ ਮੰਤਰੀ ਦੀ ਕੁਰਸੀ ਉੱਤੇ ਬੈਠਦਿਆਂ ਹੀ ਭਗਵੰਤ ਮਾਨ ਨੇ ਕਈ ਫੈਸਲੇ ਲਏ, ਉਹਨਾਂ ਵਿਚੋਂ ਕਈ ਜਲਦਬਾਜ਼ੀ ’ਚ ਲਏ ਫੈਸਲੇ ਵਾਪਸ ਵੀ ਲੈਣੇ ਪਏ ਪਰ ਲੱਗਦਾ ਹੈ ਕਿ ਹੌਲੀ ਹੌਲੀ ਉਹਨਾਂ ਵਿਚ ਪ੍ਰਪੱਕ ਸਿਆਸਤਦਾਨਾਂ ਵਾਲੀ ਸੂਝ ਬੂਝ ਆ ਰਹੀ ਹੈ। ਉਹਨਾਂ ਵਲੋਂ ਸਭ ਤੋਂ ਪਹਿਲਾਂ ਭਿ੍ਰਸ਼ਟ ਸਿਆਸਤਦਾਨਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤੋਂ ਹਰ ਪੰਜਾਬੀ ਖੁਸ਼ ਹੈ। ਇਸ ਮੁਹਿੰਮ ਦੇ ਤਹਿਤ ਉਸ ਵਲੋਂ ਹੁਣ ਆਪਣੀ ਸੂਈ ਪੰਜਾਬ ਖਜ਼ਾਨੇ ਨੂੰ ਹਮੇਸ਼ਾ ਖਾਲੀ ਕਹਿਣ ਅਤੇ ਖੁਦ ਮੌਜਾਂ ਲੁੱਟਣ ਵਾਲੇ ਸਿਆਸਤਦਾਨ ਮਨਪ੍ਰੀਤ ਸਿੰਘ ਬਾਦਲ ਵੱਲ ਕੀਤੀ ਗਈ ਹੈ। ਬੀਤੇ ਦਿਨੀਂ ਮਨਪ੍ਰੀਤ ਸਿੰਘ ਬਾਦਲ ਵਲੋਂ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿਚ ਉਸ ਨੇ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਸੀ ਕਿ ਭਗਵੰਤ ਮਾਨ ਵਿਚ ਜਿੰਨਾ ਵੀ ਜ਼ੋਰ ਹੈ ਮੇਰੇ ਖਿਲਾਫ ਲਗਾ ਲਵੇ ਕਿਤੇ ਉਹਦੇ ਦਿਲ ਵਿਚ ਨਾ ਰਹਿ ਜਾਵੇ ਕਿ ਉਹ ਮੁੱਖ ਮੰਤਰੀ ਬਣਿਆ ਸੀ ਤੇ ਮਨਪ੍ਰੀਤ ਸਿੰਘ ਬਾਦਲ ਦਾ ਕੁਝ ਵਿਗਾੜ ਨਹੀਂ ਸਕਿਆ। ਇੱਥੇ ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਕਾਂਗਰਸ ਵਿਚੋਂ ਹੁੰਦਾ ਹੋਇਆ ਮਨਪ੍ਰੀਤ ਸਿੰਘ ਬਾਦਲ ਹੁਣ ਭਾਰਤੀ ਜਨਤਾ ਪਾਰਟੀ ਦਾ ‘ਜੁਝਾਰੂ’ ਆਗੂ ਬਣ ਚੱੁਕਾ ਹੈ।
ਮਨਪ੍ਰੀਤ ਬਾਦਲ ਦੇ ਇਸ ਬਿਆਨ ਨੂੰ ਨਿਸ਼ਾਨ ਬਣਾਉਂਦਿਆਂ ਮੁੱਖ ਮੰਤਰੀ ਭਗਵੰਤਨ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਭਾਵੇਂ ਦੇਸ਼ ਨੇ 1947 ਵਿੱਚ ਬਰਤਾਨਵੀ ਹਾਕਮਾਂ ਦੀ ਗੁਲਾਮੀ ਤੋਂ ਆਜ਼ਾਦੀ ਹਾਸਲ ਕਰ ਲਈ ਸੀ ਪਰ ਦੇਸ਼ ਭਗਤਾਂ ਅਤੇ ਮਹਾਨ ਸ਼ਹੀਦਾਂ ਦੇ ਸੁਪਨੇ ਕਦੇ ਵੀ ਸਾਕਾਰ ਨਹੀਂ ਹੋਏ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬੇ ਵਿਚ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਲੋਕਾਂ ਨੂੰ ਦੋਵੇਂ ਹੱਥੀਂ ਲੁੱਟਿਆ ਅਤੇ ਉਨ੍ਹਾਂ ਉੱਤੇ ਬੇਰਿਹਮੀ ਨਾਲ ਜ਼ੁਲਮ ਢਾਹਿਆ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਇਨ੍ਹਾਂ ਜਾਬਰ ਲੀਡਰਾਂ ਨੂੰ ਬਾਹਰ ਦਾ ਰਾਹ ਦਿਖਾਇਆ ਜਾਵੇ ਜਿਸ ਲਈ ਆਜ਼ਾਦੀ ਦੇ ਸੰਘਰਸ਼ ਦੀ ਦੂਜੀ ਲਹਿਰ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ।
ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਆਜ਼ਾਦੀ ਸੰਘਰਸ਼ ਵਿਚ ਮਹਿਲਾਂ ਜਾਂ ਆਲੀਸ਼ਾਨ ਘਰਾਂ ਵਿਚ ਰਹਿਣ ਵਾਲਿਆਂ ਜਾਂ ਆਪਣੇ ਆਪ ਨੂੰ ‘ਕਾਕਾ ਜੀ’ ਤੇ ‘ਬੀਬਾ ਜੀ’ ਕਹਾਉਣ ਵਾਲਿਆਂ ਨੂੰ ਸਿਆਸੀ ਤੌਰ ’ਤੇ ਗੁੰਮਨਾਮੀ ਵਿਚ ਧੱਕ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਂ ਇਹੀ ਮੰਗ ਕਰਦਾ ਹੈ ਕਿਉਂਕਿ ਅਜਿਹਾ ਕਰਨ ਨਾਲ ਹੀ ਸ਼ਹੀਦਾਂ ਦੇ ਸੁਪਨੇ ਪੂਰੇ ਕੀਤੇ ਜਾ ਸਕਦੇ ਹਨ ਅਤੇ ਸਭ ਲਈ ਬਰਾਬਰ ਅਧਿਕਾਰਾਂ ਵਾਲੇ ਭਾਰਤ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਮੌਕਾਪ੍ਰਸਤ ਨੇਤਾ ਕਦੇ ਵੀ ਲੋਕਾਂ ਦੇ ਪੱਖ ਵਿੱਚ ਨਹੀਂ ਖੜ੍ਹੇ ਸਗੋਂ ਇਹ ਲੋਕ ਉਸੇ ਧਿਰ ਦੇ ਕਲਾਵੇ ਵਿਚ ਚਲੇ ਜਾਂਦੇ ਹਨ, ਜਿੱਥੇ ਏਨਾ ਦਾ ਆਪਣਾ ਫਾਇਦਾ ਹੁੰਦਾ ਹੋਵੇ, ਚਾਹੇ ਮੁਗਲ ਸ਼ਾਸ਼ਕ ਹੋਣ, ਬਰਤਾਨਵੀ ਹਾਕਮ, ਕਾਂਗਰਸ ਅਤੇ ਚਾਹੇ ਭਾਜਪਾ ਹੋਵੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਸੂਬੇ ਅਤੇ ਇਸ ਦੇ ਲੋਕਾਂ ਨਾਲੋਂ ਆਪਣੇ ਨਿੱਜੀ ਹਿੱਤਾਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ, “ਹਾਲ ਹੀ ਵਿੱਚ ਭਾਜਪਾ ਦੇ ਇਕ ਵਫ਼ਦ ਜਿਸ ਨੇ ਕੁਝ ਮੁੱਦਿਆਂ ਨੂੰ ਲੈ ਕੇ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ, ਵਿੱਚ ਉਹ ਸਾਰੇ ਦਲ-ਬਦਲੂ ਸ਼ਾਮਲ ਸਨ ਜੋ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਭਾਜਪਾ ਦਾ ਕੋਈ ਵੀ ਪੁਰਾਣਾ ਨੇਤਾ ਇਸ ਵਫ਼ਦ ਦਾ ਹਿੱਸਾ ਨਹੀਂ ਸੀ ਜਿਸ ਦੀ ਅਗਵਾਈ ਭਗਵਾਂ ਪਾਰਟੀ ਦੇ ਨਵੇਂ ਪ੍ਰਧਾਨ ਕਰ ਰਹੇ ਸਨ। ਇੱਥੋਂ ਤੱਕ ਕਿ ਵਫ਼ਦ ਦੀ ਅਗਵਾਈ ਸੁਨੀਲ ਜਾਖੜ ਨੇ ਕੀਤੀ, ਜੋ ਖੁਦ ਕਿਸੇ ਸਮੇਂ ਸੂਬਾ ਕਾਂਗਰਸ ਦੇ ਪ੍ਰਧਾਨ ਸਨ ਪਰ ਹਾਲ ਹੀ ਵਿੱਚ ਇਸ ਅਹੁਦੇ ਲਈ ਆਪਣੀ ਵਫ਼ਾਦਾਰੀ ਬਦਲ ਚੁੱਕੇ ਹਨ।”
ਇਸ ਦੇ ਨਾਲ ਹੀ ਸੀ.ਐੱਮ. ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਪੰਜਾਬ ਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਲੋਕਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ ਤਾਂ ਕਿ ਬਾਕੀਆਂ ਨੂੰ ਵੀ ਸਬਕ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਸਾਲ 2022 ਵਿੱਚ ਸੂਬੇ ਵਿੱਚ ਆਮ ਆਦਮੀ ਦੀ ਸਰਕਾਰ ਬਣਨ ਨਾਲ ਇਸ ਲਹਿਰ ਨੂੰ ਦੇਖ ਚੁੱਕਾ ਹੈ।
ਇੱਕ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਜਿਨ੍ਹਾਂ ਨੇ ਉਨ੍ਹਾਂ ਨੂੰ ਸਿਆਸਤ ਵਿੱਚ ਲਿਆਂਦਾ ਸੀ, ਖ਼ਿਲਾਫ਼ ਵੀ ਬੇਨਿਯਮੀਆਂ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਜਾ ਕੇ ਸੂਬੇ ਦੀ ਸੇਵਾ ਕਰਨ ਦੀ ਸਹੁੰ ਚੁੱਕੀ ਸੀ ਪਰ ਉਹ ਆਪਣਾ ਵਾਅਦਾ ਪੂਰਾ ਕਰਨ ਦੀ ਬਜਾਏ ਇਸ ਨੂੰ ਭੁੱਲ ਗਏ ਅਤੇ ਅਹੁਦੇ ਦੀ ਖਾਤਰ ਪਹਿਲਾਂ ਕਾਂਗਰਸ ਵਿੱਚ ਅਤੇ ਹੁਣ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਸੂਬੇ ਦੇ ਲੋਕਾਂ ਨਾਲ ਗੱਦਾਰੀ ਕਰਦਾ ਹੈ, ਉਸ ਨੂੰ ਆਪਣੇ ਗੁਨਾਹਾਂ ਦਾ ਖਮਿਆਜ਼ਾ ਭੁਗਤਣਾ ਪਵੇਗਾ।
ਮਾਨ ਨੇ ਕਿਹਾ ਕਿ ਸਰਕਾਰੀ ਖਜ਼ਾਨਾ ਪਹਿਲਾਂ ਵਾਂਗ ਹੁਣ ਖਾਲੀ ਨਹੀਂ ਰਿਹਾ ਸਗੋਂ ਇਸ ਵਿੱਚੋਂ ਇੱਕ-ਇੱਕ ਪੈਸਾ ਆਮ ਆਦਮੀ ਦੀ ਭਲਾਈ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਵਿਆਪਕ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਵਿਸ਼ਵ ਭਰ ਵਿੱਚ ਮੋਹਰੀ ਸੂਬਾ ਬਣ ਕੇ ਉੱਭਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ, “ਸਾਡੀ ਸਰਕਾਰ ਹੜ੍ਹਾਂ ਵਿਚ ਹੋਏ ਨੁਕਸਾਨ ਲਈ ਲੋਕਾਂ ਨੂੰ ਮੁਆਵਜ਼ਾ ਜ਼ਰੂਰ ਦੇਵੇਗੀ, ਭਾਵੇਂ ਉਨ੍ਹਾਂ ਦੀ ਇੱਕ ਮੁਰਗੀ ਜਾਂ ਬੱਕਰੀ ਦਾ ਦੀ ਨੁਕਸਾਨ ਹੀ ਕਿਉਂ ਨਾ ਹੋਇਆ ਹੋਵੇ।” ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਕੇਂਦਰ ਤੋਂ ਭੀਖ ਨਹੀਂ ਮੰਗੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਲ ਲੋਕਾਂ ਨੂੰ ਇਸ ਗੰਭੀਰ ਸੰਕਟ ਵਿੱਚੋਂ ਕੱਢਣ ਲਈ ਲੋੜੀਂਦੇ ਸਾਧਨ ਮੌਜੂਦ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤਾਂ ਲਈ ਕੇਂਦਰ ਸਰਕਾਰ ਤੋਂ ਇਕ ਪੈਸਾ ਵੀ ਨਹੀਂ ਮੰਗੇਗੀ।
ਪੰਜਾਬ ਦੇ ਖਜ਼ਾਨੇ ਬਾਰੇ ਜਿਹੋ ਜਿਹੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੜ੍ਹਕ ਮਾਰੀ ਗਈ ਹੈ ਜੇਕਰ ਉਹ ਸੱਚੀ ਨਿਕਲਦੀ ਹੈ ਤਾਂ ਪੁਰਾਣੀਆਂ ਸਰਕਾਰਾਂ ਦੇ ਮੰਤਰੀਆਂ ਨੂੰ ਜਵਾਬ ਦੇਣਾ ਔਖਾ ਹੋ ਜਾਵੇਗਾ ਜਿਨ੍ਹਾਂ ਨੇ ਹਮੇਸ਼ਾ ਹੀ ਪੰਜਾਬ ਦਾ ਖਜ਼ਾਨਾ ਖਾਲੀ ਹੀ ਕਿਹਾ। ਇਹ ਭਗਵੰਤ ਮਾਨ ਲਈ ਪ੍ਰੀਖਿਆ ਦੀ ਘੜੀ ਹੈ ਕਿਉਂਕਿ ਉਹਨਾਂ ਇਕੱਲਿਆਂ ਹੀ ਕਈ ਪਾਸੀਂ ਜੰਗ ਛੇੜੀ ਹੋਈ ਹੈ ਅਤੇ ਵਿਰੋਧੀਆਂ ਦਾ ਟੋਲਾ ਉਹਨਾਂ ਉੱਪਰ ਸ਼ਬਦੀ ਹਮਲੇ ਲਗਾਤਾਰ ਕਰ ਰਿਹਾ ਹੈ ਅਤੇ ਉਹ ਆਪਣੀ ਕਾਰਵਾਈ ਵੀ ਕਰ ਰਹੇ ਹਨ ਅਤੇ ਵਿਰੋਧੀਆਂ ਨੂੰ ਜਵਾਬ ਵੀ ਦੇ ਰਹੇ ਹਨ। ਜੇਕਰ ਭਗਵੰਤ ਮਾਨ ਨੇ ਆਪਣੀ ਲੈਅ ਫੜੀ ਰੱਖੀ ਤਾਂ ਨਤੀਜੇ ਵਾਕਿਆ ਹੀ ਸਾਰਥਕ ਆਉਣਗੇ ਅਤੇ ਪੰਜਾਬ ਇਹਨਾਂ ਭਿ੍ਰਸ਼ਟ ਲੀਡਰਾਂ ਦੇ ਚੁੰਗਲ ਵਿਚੋਂ ਨਿਕਲ ਜਾਵੇਗਾ। ਆਮੀਨ!
-ਅਰਜਨ ਰਿਆੜ (ਮੁੱਖ ਸੰਪਾਦਕ)
.jpg)
.jpg)
.jpg)
.jpg)




















.jpg)






























.jpg)


























.jpg)

.jpg)



















