ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦਾ ਆਖਰੀ ਦਿਨ ਅੱਜ ਹੰਗਾਮਾ ਭਰਪੂਰ ਰਿਹਾ। ਵਿਰੋਧੀ ਧਿਰ ਦੇ ਰੌਲੇ-ਰੱਪੇ ਦੌਰਾਨ ਹੀ ਚਾਰ ਅਹਿਮ ਬਿੱਲ ਸਰਬਸੰਮਤੀ ਨਾਲ ਪਾਸ ਕਰ ਦਿੱਤੇ ਗਏ। ਮੁੱਖ ਵਿਰੋਧੀ ਧਿਰ ਕਾਂਗਰਸ ਨੇ ਸੈਸ਼ਨ ਦੇ ਪਹਿਲੇ ਦਿਨ ਸੰਜਮ ਵਰਤਣ ਮਗਰੋਂ ਅੱਜ ਇਜਲਾਸ ਦੀ ਸਮਾਪਤੀ ਵਾਲੇ ਦਿਨ ਆਪਣੀ ਹੋਂਦ ਦਾ ਅਹਿਸਾਸ ਕਰਾਉਂਦੇ ਹੋਏ ਨਾਅਰੇਬਾਜ਼ੀ ਕਰਕੇ ਸਦਨ ’ਚੋਂ ਵਾਕਆਊਟ ਕੀਤਾ। ਵਿਰੋਧੀ ਧਿਰ ਨੇ ਅਮਨ-ਕਾਨੂੰਨ ਦੀ ਵਿਵਸਥਾ ’ਤੇ ਚਰਚਾ ਲਈ ਸੈਸ਼ਨ ਦੀ ਮਿਆਦ ਵਧਾਉਣ ਦੀ ਮੰਗ ਨੂੰ ਲੈ ਕੇ ਸੱਤਾਧਾਰੀ ਧਿਰ ਨੂੰ ਨਿਸ਼ਾਨੇ ’ਤੇ ਲਿਆ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਿੱਲ ਪਾਸ ਹੋਣ ਮਗਰੋਂ ਦੋ ਦਿਨਾ ਸੈਸ਼ਨ ਅਣਮਿਥੇ ਸਮੇਂ ਲਈ ਉਠਾ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਅੱਜ ਸਦਨ ’ਚੋਂ ਗ਼ੈਰਹਾਜ਼ਰ ਰਹੇ। ਜਿਵੇਂ ਹੀ ਧਿਆਨ ਦਿਵਾਊ ਮਤਿਆਂ ਦੀ ਸਮਾਪਤੀ ਹੋਈ ਤਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੈਸ਼ਨ ਦਾ ਸਮਾਂ ਵਧਾਉਣ ਦੀ ਮੰਗ ਕਰਦਿਆਂ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ’ਤੇ ਸਦਨ ’ਚ ਚਰਚਾ ਕੀਤੀ ਜਾਣੀ ਲਾਜ਼ਮੀ ਹੈ। ਉਨ੍ਹਾਂ ਇਤਰਾਜ਼ ਕੀਤਾ ਕਿ ਗ਼ੈਰ ਸਰਕਾਰੀ ਮਤੇ ਬਾਰੇ ਵੀ ਸਦਨ ਵਿਚ ਕੁੱਝ ਨਹੀਂ ਦੱਸਿਆ ਗਿਆ। ਇਸ ਦੌਰਾਨ ਗਾਇਕ ਗਿੱਪੀ ਗਰੇਵਾਲ ਨੂੰ ਮਿਲ ਰਹੀਆਂ ਧਮਕੀਆਂ ਦਾ ਵੀ ਜ਼ਿਕਰ ਕੀਤਾ ਗਿਆ। ਸਦਨ ਵਿਚ ਜਦੋਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ‘ਜਾਇਦਾਦ ਦਾ ਤਬਾਦਲਾ (ਪੰਜਾਬ ਸੋਧਨਾ) ਬਿੱਲ-2023’ ਪੇਸ਼ ਕਰ ਰਹੇ ਸਨ ਤਾਂ ਵਿਰੋਧੀ ਧਿਰ ਦੇ ਆਗੂ ਸਪੀਕਰ ਦੇ ਆਸਣ ਅੱਗੇ ਆ ਗਏ ਅਤੇ ਉਨ੍ਹਾਂ ਖ਼ਿਲਾਫ਼ ਬੋਲਣ ਲੱਗ ਪਏ। ਵਾਕਆਊਟ ਸਮੇਂ ਵਿਰੋਧੀ ਧਿਰ ਜੱਕੋ-ਤੱਕੀ ਵਿਚ ਦਿਖੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਕੁਝ ਸਾਥੀ ਵਿਧਾਇਕਾਂ ਨਾਲ ਹਲਕੀ ਨਾਅਰੇਬਾਜ਼ੀ ਕਰਨ ਮਗਰੋਂ ਵਾਕਆਊਟ ਕਰ ਗਏ ਜਦੋਂ ਕਿ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਰਾਜਾ ਵੜਿੰਗ ਤੋਂ ਇਲਾਵਾ ਕੁੱਝ ਹੋਰ ਕਾਂਗਰਸੀ ਵਿਧਾਇਕ ਸਦਨ ’ਚ ਬੈਠੇ ਰਹੇ। ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਹਲਕੇ ਵਿਚ ਅੱਜ ਕੱਪੜੇ ਵੇਚਣ ਵਾਲਿਆਂ ’ਤੇ ਹੋਏ ਹਮਲੇ ਦੇ ਸਬੰਧ ’ਚ ਸਰਕਾਰ ਨੂੰ ਘੇਰਿਆ। ਰੰਧਾਵਾ ਦੀ ਅਗਵਾਈ ਹੇਠ ਮਗਰੋਂ ਬਾਕੀ ਕਾਂਗਰਸੀ ਵਿਧਾਇਕ ਵੀ ਵਾਕਆਊਟ ਕਰ ਗਏ। ਭਾਜਪਾ ਵਿਧਾਇਕ ਅਸ਼ਵਨੀ ਕੁਮਾਰ, ਕਾਂਗਰਸੀ ਵਿਧਾਇਕ ਸੰਦੀਪ ਜਾਖੜ, ਬਸਪਾ ਵਿਧਾਇਕ ਡਾ. ਨਛੱਤਰ ਪਾਲ ਅਤੇ ਅਕਾਲੀ ਵਿਧਾਇਕ ਡਾ. ਸੁਖਵਿੰਦਰ ਸੁੱਖੀ ਬਿੱਲ ਪਾਸ ਹੋਣ ਮੌਕੇ ਸਦਨ ’ਚ ਹਾਜ਼ਰ ਸਨ। ਪੰਜਾਬ ਵਿਧਾਨ ਸਭਾ ਨੇ ਸਦਨ ਵਿਚ ਚਾਰ ਅਹਿਮ ਬਿੱਲ ਸਰਬਸੰਮਤੀ ਨਾਲ ਪਾਸ ਕੀਤੇ ਹਨ। ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਿੰਨ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ (ਪੰਜਾਬ ਸੋਧਨਾ) ਬਿੱਲ-2023, ਰਜਿਸਟ੍ਰੇਸ਼ਨ (ਪੰਜਾਬ ਸੋਧਨਾ) ਬਿੱਲ-2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧਨਾ) ਬਿੱਲ-2023 ਸ਼ਾਮਲ ਹਨ। ਇਸੇ ਤਰ੍ਹਾਂ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਚੌਥਾ ਬਿੱਲ ਪੰਜਾਬ ਕੈਨਾਲ ਐਂਡ ਡਰੇਨੇਜ ਬਿੱਲ-2023 ਪੇਸ਼ ਕੀਤਾ ਗਿਆ। ਕਾਂਗਰਸੀ ਵਿਧਾਇਕ ਸੰਦੀਪ ਜਾਖੜ ਨੇ ‘ਪੰਜਾਬ ਕੈਨਾਲ ਅਤੇ ਡਰੇਨੇਜ ਬਿੱਲ 2023’ ’ਤੇ ਆਪਣਾ ਵਿਰੋਧ ਦਰਜ ਕਰਾਉਂਦਿਆਂ ਮੰਗ ਕੀਤੀ ਕਿ ਇਸ ਬਿੱਲ ਨੂੰ ਲੈ ਕੇ ਕਿਸਾਨਾਂ ਅਤੇ ਵਿਧਾਇਕਾਂ ਦੇ ਮਨਾਂ ਵਿਚ ਕੁੱਝ ਸ਼ੰਕੇ ਹਨ ਜਿਨ੍ਹਾਂ ਨੂੰ ਦੂਰ ਕਰਨ ਵਾਸਤੇ ਸਦਨ ਦੀ ਇੱਕ ਕਮੇਟੀ ਬਣਾ ਦਿੱਤੀ ਜਾਵੇ। ਅਕਾਲੀ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਸਪਸ਼ਟ ਕੀਤਾ ਕਿ ਉਹ ਵਿੱਤੀ ਬਿੱਲਾਂ ਨੂੰ ਇਸ ਕਰਕੇ ਸਹਿਮਤੀ ਦੇ ਰਹੇ ਹਨ ਕਿਉਂਕਿ ਪੰਜਾਬ ਸਿਰ ਚੜ੍ਹੇ ਵਿੱਤੀ ਬੋਝ ਨੂੰ ਘਟਾਇਆ ਜਾਣਾ ਚਾਹੀਦਾ ਹੈ।
.jpg)
.jpg)
.jpg)

.jpg)



















.jpg)































.jpg)

























.jpg)

.jpg)



















