ਕਿਸਾਨਾਂ ਵੱਲੋਂ ਮੋਦੀ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਦਾ ਐਲਾਨ

ਕਿਸਾਨਾਂ ਵੱਲੋਂ ਮੋਦੀ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਦਾ ਐਲਾਨ

ਨਵੀਂ ਦਿੱਲੀ- ਇੱਥੋਂ ਦੇ ਰਾਮਲੀਲਾ ਮੈਦਾਨ ਵਿੱਚ ਅੱਜ ਦੇਸ਼ ਦੇ 18 ਰਾਜਾਂ ਤੋਂ ਆਏ ਹਜ਼ਾਰਾਂ ਦੀ ਗਿਣਤੀ ’ਚ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੇ ‘ਕਿਸਾਨ-ਮਜ਼ਦੂਰ ਮਹਾਪੰਚਾਇਤ’ ਵਿੱਚ ਹਿੱਸਾ ਲਿਆ ਜਿੱਥੇ ਖੇਤੀ ਖੇਤਰ ਨਾਲ ਸਬੰਧਤ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਵਿਰੋਧ ਤਿੱਖਾ ਕਰਨ ਤੇ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਸੰਘਰਸ਼ ਜਾਰੀ ਰੱਖਣ ਦਾ ਮਤਾ ਪਾਸ ਕੀਤਾ ਗਿਆ। ਕੇਂਦਰ ਸਰਕਾਰ ਵੱਲੋਂ ਤਿੰਨ ਵਿਵਾਦਤ ਖੇਤੀ ਕਾਨੂੰਨ ਰੱਦ ਕੀਤੇ ਜਾਣ ਤੋਂ ਬਾਅਦ 2021 ’ਚ ਦਿੱਲੀ ਦੀਆਂ ਹੱਦਾਂ ’ਤੇ ਅੰਦੋਲਨ ਖਤਮ ਹੋਣ ਮਗਰੋਂ ਕੌਮੀ ਰਾਜਧਾਨੀ ’ਚ ਕਿਸਾਨਾਂ ਦਾ ਇਹ ਸਭ ਤੋਂ ਵੱਡਾ ਇਕੱਠ ਦੱਸਿਆ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਖੇਤੀ, ਖੁਰਾਕ ਸੁਰੱਖਿਆ, ਜ਼ਮੀਨ ਤੇ ਲੋਕਾਂ ਦੀ ਰੋਜ਼ੀ-ਰੋਟੀ ਬਚਾਉਣ ਲਈ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਅਹਿਦ ਲਿਆ। ਮਤੇ ਅਨੁਸਾਰ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਉਨ੍ਹਾਂ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਵੀ ਆਪਣਾ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਆਗੂਆਂ ਨੇ ਲਖੀਮਪੁਰ ਖੀਰੀ ਤੋਂ ਅਜੈ ਮਿਸ਼ਰਾ ਟੇਨੀ ਨੂੰ ਟਿਕਟ ਦੇਣ ਦੇ ਵਿਰੋਧ ਵਿੱਚ ਸਾਰੇ ਪਿੰਡਾਂ ਵਿੱਚ 23 ਮਾਰਚ ਨੂੰ ‘ਪੈਸੇ ਅਤੇ ਸ਼ਕਤੀ ਦੇ ਖਤਰੇ ਤੋਂ ਲੋਕਤੰਤਰ ਬਚਾਓ ਦਿਵਸ’ ਮਨਾਉਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਪੰਜਾਬ ਦੀ ਖਨੌਰੀ ਹੱਦ ’ਤੇ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਘਟਨਾ ਦੀ ਜਾਂਚ ਦੀ ਵੀ ਮੰਗ ਕੀਤੀ।