ਬੀ.ਜੇ.ਪੀ. ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਲੜੇਗੀ ਚੋਣ: ਹਰਜੀਤ ਗਰੇਵਾਲ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਨਸ਼ਿਆਂ ਅਤੇ ਅਮਨ-ਕਾਨੂੰਨ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਿਆ

ਬੀ.ਜੇ.ਪੀ. ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਲੜੇਗੀ ਚੋਣ: ਹਰਜੀਤ ਗਰੇਵਾਲ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਨਸ਼ਿਆਂ ਅਤੇ ਅਮਨ-ਕਾਨੂੰਨ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਿਆ

ਚੰਡੀਗੜ੍ਹ, 14 ਸਤੰਬਰ (ਪੰਜਾਬੀ ਰਾਈਟਰ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਸੋਮਵਾਰ ਨੂੰ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਹੀ ਚੋਣ ਲੜੇਗੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਵਿਸ਼ਾ ਨਹੀਂ ਹੈ ਕਿਉਂਕਿ ਉਹ ਹੁਣ ਇੱਕ ਸੰਵਿਧਾਨਕ ਅਹੁਦੇ ’ਤੇ ਹਨ। ਸਾਬਕਾ ਬਰਨਾਲਾ ਜ਼ਿਲ੍ਹਾ ਭਾਜਪਾ ਪ੍ਰਧਾਨ ਯਾਦਵਿੰਦਰ ਸਿੰਘ ‘ਸ਼ੰਟੀ’ ਦੇ ਦਫ਼ਤਰ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗਰੇਵਾਲ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ‘ਬੰਦੀ ਸਿੰਘਾਂ’ ਦੇ ਮੁੱਦੇ ’ਤੇ, ਖ਼ਾਸ ਕਰਕੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿੱਚ ਦੋਸ਼ੀ ਠਹਿਰਾਏ ਗਏ ਬਲਵੰਤ ਸਿੰਘ ਰਾਜੋਆਣਾ ਦਾ ਜ਼ਿਕਰ ਕਰਦਿਆਂ ਗਰੇਵਾਲ ਨੇ ਕਿਹਾ ਕਿ ਰਾਸ਼ਟਰਪਤੀ ਵੱਲੋਂ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਿਆ ਜਾ ਸਕਦਾ ਹੈ, ਪਰ ਇਸ ਸਬੰਧੀ ਸੂਬਾ ਸਰਕਾਰ ਨੂੰ ਬੇਨਤੀ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਸਬੰਧਤ ਵਿਅਕਤੀ ਵੱਲੋਂ ਰਹਿਮ ਦੀ ਅਪੀਲ ਦਾਇਰ ਕੀਤੀ ਜਾਣੀ ਚਾਹੀਦੀ ਹੈ ਅਤੇ ਗੁਨਾਹ ਲਈ ਪਛਤਾਵਾ ਹੋਣਾ ਚਾਹੀਦਾ ਹੈ। ਗਰੇਵਾਲ ਨੇ ਬਿਜਲੀ ਕੱਟਾਂ ਅਤੇ ਵਧਦੇ ਕਰਜ਼ੇ ਨੂੰ ਲੈ ਕੇ ਸੂਬਾ ਸਰਕਾਰ ਦੀ ਆਲੋਚਨਾ ਕੀਤੀ ਅਤੇ ਦੋਸ਼ ਲਾਇਆ ਕਿ ਉਹ ਬਿਨਾਂ ਵਜ੍ਹਾ ਕੇਂਦਰ ਸਰਕਾਰ ’ਤੇ ਦੋਸ਼ ਮੜ੍ਹ ਰਹੀ ਹੈ। ਉਨ੍ਹਾਂ ਨੇ ਹਿੰਦੂਆਂ ਅਤੇ ਸਿੱਖਾਂ ’ਤੇ ਕਥਿਤ ਅੱਤਿਆਚਾਰਾਂ ਨੂੰ ਲੈ ਕੇ ਪਾਕਿਸਤਾਨ ਦੀ ਵੀ ਆਲੋਚਨਾ ਕੀਤੀ। ਨਸ਼ਿਆਂ ਦੀ ਸਮੱਸਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ’ਤੇ ਗਰੇਵਾਲ ਨੇ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਦੋਸ਼ ਲਾਇਆ ਕਿ ਪੁਲੀਸ ਦਾ ਸਿਆਸੀਕਰਨ ਕਰ ਦਿੱਤਾ ਗਿਆ ਹੈ। ਹਾਲਾਂਕਿ, ਉਨ੍ਹਾਂ ਨੇ ਅਤਿਵਾਦ ਨਾਲ ਨਜਿੱਠਣ ਵਿੱਚ ਨਿਭਾਈ ਭੂਮਿਕਾ ਲਈ ਪੁਲੀਸ ਦੀ ਸ਼ਲਾਘਾ ਵੀ ਕੀਤੀ।