ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ, ਇਨਸਾਫ ਦੀ ਮੰਗ ਨੇ ਫ਼ੜਿਆ ਜ਼ੋਰ

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ, ਇਨਸਾਫ ਦੀ ਮੰਗ ਨੇ ਫ਼ੜਿਆ ਜ਼ੋਰ

ਮਾਨਸਾ ਤੋਂ ਉੱਠੀ ਆਵਾਜ਼ ਪੰਜਾਬ ਭਰ ਵਿੱਚ ਗੂੰਜੀ; ਕਿਸਾਨ ਜਥੇਬੰਦੀਆਂ, ਸਿਆਸੀ ਪਾਰਟੀਆਂ ਅਤੇ ਸਮਾਜਿਕ ਸੰਗਠਨ ਸਮਰਥਨ ਵਿੱਚ ਨਿੱਤਰੇ
ਚੰਡੀਗੜ੍ਹ/ਮਾਨਸਾ, 15 ਅਕਤੂਬਰ (ਪੰਜਾਬੀ ਰਾਈਟਰ) ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਭਰਵਾਂ ਹੁੰਗਾਰਾ ਮਿਲਿਆ। ਮਾਨਸਾ ਵਿੱਚ ਦਿਨ-ਦਿਹਾੜੇ ਹੋਈ ਗੋਲੀਬਾਰੀ ਦੀ ਘਟਨਾ ਨੇ ਪੰਜਾਬ ਦੀ ਸਿਆਸਤ ਅਤੇ ਸਮਾਜਿਕ ਹਲਕਿਆਂ ਵਿੱਚ ਤਿੱਖਾ ਰੋਸ ਪੈਦਾ ਕਰ ਦਿੱਤਾ ਹੈ। ਇਨਸਾਫ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ, ਵੱਖ-ਵੱਖ ਸਿਆਸੀ ਪਾਰਟੀਆਂ, ਮੁਲਾਜਮ ਸੰਗਠਨਾਂ ਅਤੇ ਸਮਾਜਿਕ ਜਥੇਬੰਦੀਆਂ ਨੇ ਬੰਦ ਦੇ ਸੱਦੇ ਦੀ ਹਮਾਇਤ ਕੀਤੀ। 
ਕਈ ਥਾਵਾਂ ’ਤੇ ਬਾਜ਼ਾਰ ਬੰਦ, ਸੜ੍ਹਕਾਂ ’ਤੇ ਰੋਸ ਪ੍ਰਦਰਸ਼ਨ
ਪੰਜਾਬ ਬੰਦ ਦੌਰਾਨ ਮਾਨਸਾ ਸਮੇਤ ਕਈ ਇਲਾਕਿਆਂ ਵਿੱਚ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹੇ। ਵੱਖ-ਵੱਖ ਥਾਵਾਂ ’ਤੇ ਪ੍ਰਦਰਸਨਕਾਰੀਆਂ ਨੇ ਸਰਕਾਰ ਵਿਰੁੱਧ ਨਾਅਰੇਬਾਜੀ ਕਰਦਿਆਂ ਨਸ਼ਿਆਂ ਦੀ ਵਿਕਰੀ ’ਤੇ ਰੋਕ ਲਾਉਣ ਅਤੇ ਕਤਲ ਦੇ ਮਾਮਲੇ ਵਿੱਚ ਨਿਰਪੱਖ ਜਾਂਚ ਦੀ ਮੰਗ ਕੀਤੀ। ਕੁਝ ਇਲਾਕਿਆਂ ਵਿੱਚ ਸੜ੍ਹਕਾਂ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਈ। ਹਾਲਾਂਕਿ ਬੰਦ ਦਾ ਅਸਰ ਹਰ ਜ਼ਿਲ੍ਹੇ ਵਿੱਚ ਇੱਕੋ ਜਿਹਾ ਨਹੀਂ ਰਿਹਾ ਅਤੇ ਕਈ ਥਾਵਾਂ ’ਤੇ ਇਸ ਨੂੰ ਮਿਲਿਆ ਹੁੰਗਾਰਾ ਵੱਖ-ਵੱਖ ਦਰਜਿਆਂ ਦਾ ਰਿਹਾ। 
ਰਿਪੋਰਟਾਂ ਅਨੁਸਾਰ ਬੰਦ ਦਾ ਸੱਦਾ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਦਿੱਤਾ ਗਿਆ ਸੀ। ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਐਂਬੂਲੈਂਸਾਂ ਸਮੇਤ ਐਮਰਜੈਂਸੀ ਸੇਵਾਵਾਂ ਲਈ ਰਸਤਾ ਖੁੱਲ੍ਹਾ ਰੱਖਣ ਦੀ ਅਪੀਲ ਕੀਤੀ ਗਈ। ਪੁਲਿਸ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਪ੍ਰਬੰਧ ਕੀਤੇ ਗਏ। 
ਕੀ ਹੈ ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ?
ਪਰਵਿੰਦਰ ਸਿੰਘ ਝੋਟਾ ਮਾਨਸਾ ਵਿੱਚ ਨਸ਼ਿਆਂ ਦੀ ਕਥਿਤ ਗੈਰਕਾਨੂੰਨੀ ਵਿਕਰੀ ਵਿਰੁੱਧ ਆਵਾਜ਼ ਉਠਾਉਣ ਕਰਕੇ ਚਰਚਾ ਵਿੱਚ ਰਹੇ ਸਨ। ਰਿਪੋਰਟਾਂ ਮੁਤਾਬਕ 13 ਅਕਤੂਬਰ ਨੂੰ ਇੱਕ ਮੈਡੀਕਲ ਸਟੋਰ ’ਤੇ ਨਸ਼ੀਲੇ ਪਦਾਰਥਾਂ ਦੀ ਕਥਿਤ ਵਿਕਰੀ ਨੂੰ ਲੈ ਕੇ ਹੋਏ ਟਕਰਾਅ ਦੌਰਾਨ ਗੋਲੀਬਾਰੀ ਹੋਈ, ਜਿਸ ਵਿੱਚ ਝੋਟਾ ਦੀ ਮੌਤ ਹੋ ਗਈ ਅਤੇ ਉਨ੍ਹਾਂ ਦੇ ਚਾਰ ਸਾਥੀ ਜ਼ਖ਼ਮੀ ਹੋਏ।
ਘਟਨਾ ਦੀ ਵੀਡੀਓ ਅਤੇ ਇਸ ਨਾਲ ਜੁੜੀਆਂ ਖਬਰਾਂ ਸਾਹਮਣੇ ਆਉਣ ਤੋਂ ਬਾਅਦ ਮਾਨਸਾ ਵਿੱਚ ਲੋਕਾਂ ਦਾ ਗੁੱਸਾ ਵਧ ਗਿਆ। ਮੁਲਜਮ ਵਜੋਂ ਨਾਮਦ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਤੋਂ ਗਿ੍ਰਫਤਾਰ ਕੀਤੇ ਜਾਣ ਦੀ ਰਿਪੋਰਟ ਹੈ। ਪੁਲਿਸ ਨੇ ਮਾਮਲੇ ਵਿੱਚ ਦੋ ਵਿਅਕਤੀਆਂ ਵਿਰੁੱਧ ਐੱਫ.ਆਈ.ਆਰ. ਦਰਜ ਕੀਤੀ ਹੈ। ਦੋਸ਼ਾਂ ਦੀ ਅੰਤਿਮ ਸੱਚਾਈ ਦਾ ਨਿਰਣਾ ਜਾਂਚ ਅਤੇ ਅਦਾਲਤੀ ਕਾਰਵਾਈ ਰਾਹੀਂ ਹੋਵੇਗਾ। 
ਪਰਿਵਾਰ ਵੱਲੋਂ ਇਨਸਾਫ ਮਿਲਣ ਤੱਕ ਸਸਕਾਰ ਨਾ ਕਰਨ ਦਾ ਫੈਸਲਾ
ਝੋਟਾ ਦੇ ਪਿਤਾ ਭੀਮ ਸਿੰਘ ਨੇ ਪਰਿਵਾਰ ਵੱਲੋਂ ਇਨਸਾਫ਼ ਮਿਲਣ ਤੱਕ ਦੇਹ ਦਾ ਸਸਕਾਰ ਨਾ ਕਰਨ ਦਾ ਐਲਾਨ ਕੀਤਾ। ਪਰਿਵਾਰ ਦੀਆਂ ਮੁੱਖ ਮੰਗਾਂ ਵਿੱਚ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਸੌਂਪਣਾ, ਪੋਸਟਮਾਰਟਮ ਪੀ.ਜੀ.ਆਈ. ਚੰਡੀਗੜ੍ਹ ਦੇ ਡਾਕਟਰਾਂ ਦੇ ਪੈਨਲ ਤੋਂ ਕਰਵਾਉਣਾ ਅਤੇ ਸਰਕਾਰ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨਾ ਸ਼ਾਮਲ ਹੈ।
ਸਿਆਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਦੀ ਹਮਾਇਤ
ਪੰਜਾਬ ਬੰਦ ਦੇ ਸੱਦੇ ਨੂੰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਸਮੇਤ ਵੱਖ-ਵੱਖ ਸਿਆਸੀ ਧਿਰਾਂ ਦੀ ਹਮਾਇਤ ਮਿਲੀ। ਸੰਯੁਕਤ ਕਿਸਾਨ ਮੋਰਚਾ, ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਮੁਲਾਜ਼ਮ ਸੰਗਠਨਾਂ ਨੇ ਵੀ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਦਾ ਸਮਰਥਨ ਕੀਤਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਬੰਦ ਦੀ ਹਮਾਇਤ ਕਰਦਿਆਂ ਆਪਣੇ ਦਫ਼ਤਰ ਅਤੇ ਅਦਾਰੇ ਬੰਦ ਰੱਖਣ ਦਾ ਐਲਾਨ ਕੀਤਾ ਸੀ। ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲਿਆਂ ਨਾਲ ਖੜ੍ਹਨ ਅਤੇ ਝੋਟਾ ਦੇ ਪਰਿਵਾਰ ਨੂੰ ਹਰ ਸੰਭਵ ਸਹਿਯੋਗ ਦੇਣ ਦੀ ਗੱਲ ਕਹੀ। 
ਪੁਲਿਸ ਦੀ ਕਾਰਵਾਈ ਅਤੇ ਸਰਕਾਰ ’ਤੇ ਸਵਾਲ
ਮਾਮਲੇ ਵਿੱਚ ਪੁਲਿਸ ਦੀ ਕਾਰਗੁਜਾਰੀ ਨੂੰ ਲੈ ਕੇ ਵੀ ਸਵਾਲ ਉੱਠੇ ਹਨ। ਤਾਜਾ ਰਿਪੋਰਟਾਂ ਮੁਤਾਬਕ ਮਾਨਸਾ ਦੇ ਸਿਟੀ-2 ਥਾਣੇ ਦੀ ਐੱਸਐੱਚਓ ਇੰਸਪੈਕਟਰ ਬੇਅੰਤ ਕੌਰ ਨੂੰ ਪ੍ਰਸ਼ਾਸਨਿਕ ਆਧਾਰ ’ਤੇ ਮੁਅੱਤਲ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਦੇ ਨਾਲ-ਨਾਲ ਹਥਿਆਰ ਦੇ ਲਾਇਸੈਂਸ ਅਤੇ ਹੋਰ ਸੰਬੰਧਿਤ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।