ਅਕਾਲ ਤਖ਼ਤ ਸਾਹਿਬ ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਅਕਾਲ ਤਖ਼ਤ ਸਾਹਿਬ ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਜਥੇਦਾਰ ਤੇ ਸਿੱਖ ਸੰਸਥਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ਦਾ ਮਾਮਲਾ; ਸੰਗਤ ਨੂੰ ਵਿਧਾਇਕ ਨਾਲ ਸਾਂਝ ਨਾ ਰੱਖਣ ਦੀ ਹਦਾਇਤ

ਸ੍ਰੀ ਅੰਮਿ੍ਰਤਸਰ ਸਾਹਿਬ, 16 ਅਕਤੂਬਰ (ਪੰਜਾਬੀ ਰਾਈਟਰ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਨੇ ਆਦੇਸ਼ ਜਾਰੀ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਪਾਇਲ (ਲੁਧਿਆਣਾ) ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਤਨਖ਼ਾਹੀਆ ਕਰਾਰ ਦਿੱਤਾ ਹੈ। ਇਹ ਕਾਰਵਾਈ ਉਨ੍ਹਾਂ ਵੱਲੋਂ ਪਿਛਲੇ ਦਿਨੀਂ ਜਥੇਦਾਰ ਅਤੇ ਸਿੱਖ ਸੰਸਥਾਵਾਂ ਬਾਰੇ ਕੀਤੀਆਂ ਅਪਮਾਨਜਨਕ ਟਿੱਪਣੀਆਂ ਕਾਰਨ ਕੀਤੀ ਗਈ ਹੈ। ਇਸ ਮੌਕੇ ਸੰਗਤ ਨੂੰ ਵੀ ਹਦਾਇਤ ਕੀਤੀ ਗਈ ਕਿ ਉਹ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਸਾਂਝ ਰੱਖਣ ਤੋਂ ਗੁਰੇਜ਼ ਕਰੇ। ਜਾਣਕਾਰੀ ਅਨੁਸਾਰ ਅਕਾਲ ਤਖ਼ਤ ਦੀ ਫ਼ਸੀਲ ਤੋਂ ਗਿਆਸਪੁਰਾ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਸਿੱਖ ਸੰਗਤ ਨੂੰ ਵੀ ਆਦੇਸ਼ ਕੀਤਾ ਹੈ ਕਿ ਉਸ ਨਾਲ ਸਾਂਝ ਨਾ ਰੱਖਣ। ਇਹ ਫ਼ੈਸਲੇ ਅੱਜ ਪੰਜ ਸਿੰਘ ਸਾਹਿਬਾਨ ਦੀ ਅਕਾਲ ਤਖ਼ਤ ਵਿਖੇ ਬਾਅਦ ਦੁਪਹਿਰ ਹੋਈ ਇੱਕ ਇਕੱਤਰਤਾ ਵਿੱਚ ਕੀਤੇ ਗਏ ਹਨ। ਇਸ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਪਰਮਜੀਤ ਸਿੰਘ ਹਾਜ਼ਰ ਹਨ। ਇਸ ਤੋਂ ਪਹਿਲਾਂ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ 12 ਅਕਤੂਬਰ ਨੂੰ ਵਾਪਰੀ ਘਟਨਾ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਵਿਖੇ ਸਪਸ਼ਟੀਕਰਨ ਸੌਂਪਿਆ ਸੀ ਜਿਸ ਵਿੱਚ ਉਨ੍ਹਾਂ ਨੇ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਲਾਏ ਗਏ ਦੋਸ਼ਾਂ ਤੋਂ ਕਿਨਾਰਾ ਕੀਤਾ ਸੀ।