ਚੈਕਿੰਗ ਦੌਰਾਨ ਬੀਡੀਪੀਓ ਸਣੇ ਸਮੁੱਚਾ ਸਟਾਫ਼ ਗ਼ੈਰਹਾਜ਼ਰ

ਚੈਕਿੰਗ ਦੌਰਾਨ ਬੀਡੀਪੀਓ ਸਣੇ ਸਮੁੱਚਾ ਸਟਾਫ਼ ਗ਼ੈਰਹਾਜ਼ਰ

ਗੁਰਦਾਸਪੁਰ,(ਪੰਜਾਬੀ ਰਾਈਟਰ)- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਗੁਰਦਾਸਪੁਰ ਦੇ ਦਫ਼ਤਰ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਬੀਡੀਪੀਓ ਸਣੇ ਸਮੁੱਚਾ ਸਟਾਫ ਗ਼ੈਰਹਾਜ਼ਰ ਸੀ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਬੀਡੀਪੀਓ ਸਣੇ ਗ਼ੈਰਹਾਜ਼ਰ ਸਟਾਫ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕਰ ਕੇ ਜੁਆਬ ਮੰਗਿਆ ਗਿਆ ਹੈ।

ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਸਰਕਾਰੀ ਤੰਤਰ ਨੂੰ ਚੁਸਤ-ਦਰੁਸਤ ਰੱਖਣ ਲਈ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਇਹ ਵਿਸ਼ੇਸ਼ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਸਵੇਰੇ 9.10 ਵਜੇ ਬੀਡੀਪੀਓ ਦਫ਼ਤਰ ਗੁਰਦਾਸਪੁਰ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਬੀਡੀਪੀਓ ਸਣੇ ਦਫ਼ਤਰ ਦਾ ਸਮੁੱਚਾ ਸਟਾਫ਼ ਗ਼ੈਰਹਾਜ਼ਰ ਸੀ। ਦਫ਼ਤਰ ਵਿੱਚ ਉਸ ਸਮੇਂ ਸਿਰਫ਼ ਇੱਕ ਮਨਰੇਗਾ ਵਰਕਰ ਹੀ ਹਾਜ਼ਰ ਮਿਲਿਆ। ਉਨ੍ਹਾਂ ਦੱਸਿਆ ਕਿ ਬੀਡੀਪੀਓ ਸਣੇ ਗ਼ੈਰਹਾਜ਼ਰ ਸਟਾਫ਼ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜੇ ਉਨ੍ਹਾਂ ਦੇ ਜੁਆਬ ਤਸੱਲੀਬਖ਼ਸ਼ ਨਾ ਹੋਏ ਤਾਂ ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਲਈ ਉੱਚ ਅਧਿਕਾਰੀਆਂ ਨੂੰ ਲਿਖਿਆ ਜਾਵੇਗਾ। ਸਮੂਹ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਮੇਂ ਸਿਰ ਆਪਣੇ ਦਫ਼ਤਰਾਂ ਵਿੱਚ ਪਹੁੰਚ ਕੇ ਲੋਕਾਂ ਦੇ ਮਸਲਿਆਂ ਦਾ ਹੱਲ ਕਰਨ। ਉਨ੍ਹਾਂ ਕਿਹਾ ਕਿ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਏ ਆਮ ਨਾਗਰਿਕਾਂ, ਖ਼ਾਸ ਕਰ ਕੇ ਬਜ਼ੁਰਗਾਂ ਤੇ ਔਰਤਾਂ ਨੂੰ ਪੂਰਾ ਸਤਿਕਾਰ ਦਿੱਤਾ ਜਾਵੇ ਅਤੇ ਨਿਯਮਾਂ ਅਨੁਸਾਰ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ।