ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ - ਸ਼ਹਿਰ ਦੇ ਬਾਨੀ ਤੇ ਚੌਥੀ ਪਾਤਸ਼ਾਹੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਅਕਾਲ ਤਖ਼ਤ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿੱਚ ਸਜਾਇਆ ਗਿਆ। ਇਸ ਮੌਕੇ ਹੈਲੀਕਾਪਟਰ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨਗਰ ਕੀਰਤਨ ’ਤੇ ਗੁਲਾਬ ਦੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ।
ਨਗਰ ਕੀਰਤਨ ਦੇ ਸਬੰਧ ਵਿੱਚ ਅਰਦਾਸ ਉਪਰੰਤ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਕੀਤਾ। ਸੰਗਤ ਨੇ ਫੁੱਲਾਂ ਦੀ ਵਰਖਾ ਕਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਨਗਰ ਕੀਰਤਨ ਅੰਮ੍ਰਿਤਸਰ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ਤੋਂ ਲੰਘਿਆ, ਵੱਖ-ਵੱਖ ਥਾਵਾਂ ’ਤੇ ਸੰਗਤ ਨੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪੇ ਦੇ ਕੇ ਸ਼ਰਧਾ ਪ੍ਰਗਟਾਈ। ਘੰਟਾ ਘਰ ਪਲਾਜ਼ਾ ਵਿੱਚ ਪੰਜਾਬ ਪੁਲੀਸ ਵੱਲੋਂ ਗੁਰੂ ਗ੍ਰੰਥ ਸਾਹਿਬ ਨੂੰ ਸਲਾਮੀ ਦਿੱਤੀ ਗਈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਅਕਾਲ ਤਖ਼ਤ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਵਾਲੇ, ਡੀਸੀਪੀ ਪਰਮਿੰਦਰ ਸਿੰਘ ਭੰਡਾਲ ਹਾਜ਼ਰ ਸਨ।
ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅਖੰਡ ਪਾਠ ਸ਼ੁਰੂ਼
ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਸਬੰਧੀ ਅੱਜ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅਖੰਡ ਪਾਠ ਸ਼ੁਰੂ ਕੀਤੇ ਗਏ ਜਿਸ ਦੇ ਭੋਗ 30 ਅਕਤੂਬਰ ਨੂੰ ਪਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 29 ਅਕਤੂਬਰ ਨੂੰ ਰਾਤ 7 ਵਜੇ ਤੋਂ ਦੇਰ ਰਾਤ ਤੱਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਕੀਰਤਨ ਦਰਬਾਰ ਹੋਵੇਗਾ। 30 ਅਕਤੂਬਰ ਨੂੰ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸਾਰਾ ਦਿਨ ਧਾਰਮਿਕ ਦੀਵਾਨ ਸਜਣਗੇ ਤੇ ਕਵੀ ਦਰਬਾਰ ਹੋਵੇਗਾ। 30 ਅਕਤੂਬਰ ਨੂੰ ਸੁੰਦਰ ਜਲੌਅ ਸਜਾਏ ਜਾਣਗੇ ਅਤੇ ਰਾਤ ਨੂੰ ਦੀਪਮਾਲਾ ਵੀ ਕੀਤੀ ਜਾਵੇਗੀ।