ਹਰਿਆਣਾ ਦੇ ਕਿਸਾਨਾਂ ਅਤੇ ਖਾਪ ਪੰਚਾਇਤਾਂ ਵੱਲੋਂ ਕਿਸਾਨੀ ਸੰਘਰਸ਼ ਦਾ ਸਮਰਥਨ

ਹਰਿਆਣਾ ਦੇ ਕਿਸਾਨਾਂ ਅਤੇ ਖਾਪ ਪੰਚਾਇਤਾਂ ਵੱਲੋਂ ਕਿਸਾਨੀ ਸੰਘਰਸ਼ ਦਾ ਸਮਰਥਨ

ਚੰਡੀਗੜ੍ਹ-ਹਰਿਆਣਾ ਸਰਕਾਰ ਵੱਲੋਂ ਕਿਸਾਨੀ ਮੰਗਾਂ ਲਈ ਕਿਸਾਨਾਂ ਨੂੰ ਦਿੱਲੀ ਕੂਚ ਕਰਨ ਤੋਂ ਰੋਕਣ ਲਈ ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ’ਤੇ ਲਗਾਈਆਂ ਗਈਆਂ ਰੋਕਾਂ ਅਤੇ ਪੁਲੀਸ ਵੱਲੋਂ ਅੱਥਰੂ ਗੈਸ ਦੇ ਗੋਲੇ ਸੁੱਟਣ ਤੇ ਹੋਰ ਤਸ਼ੱਦਦ ਕਰਨ ਤੋਂ ਬਾਅਦ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਤੇ ਖਾਪ ਪੰਚਾਇਤਾਂ ਵੀ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਆ ਗਈਆਂ ਹਨ। ਅੱਜ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਬ੍ਰਹਮਸਰੋਵਰ ਪਾਰਕ ਵਿੱਚ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੀ ਅਗਵਾਈ ਹੇਠ ਦੋ ਦਰਜਨ ਦੇ ਕਰੀਬ ਕਿਸਾਨ ਜਥੇਬੰਦੀਆਂ, ਖਾਪ ਪੰਚਾਇਤਾਂ ਤੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਗੁਰਨਾਮ ਸਿੰਘ ਚੜੂਨੀ, ਰਾਕੇਸ਼ ਬੈਂਸ, ਓਪਬੀ ਧਨਖੜ, ਵਰਿੰਦਰ ਹੁੱਡਾ, ਪ੍ਰਦੀਪ ਹੁੱਡਾ ਤੇ ਦੀਦਾਰ ਸਿੰਘ ਨਲਵੀ ਸਣੇ ਕਿਸਾਨ ਆਗੂਆਂ ਨੇ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਤੇ ਹੋਰਨਾਂ ਰੋਕਾਂ ਲਗਾਉਣ ਵਰਗੀਆਂ ਗਤੀਵੀਧੀਆਂ ਦੀ ਨਿਖੇਧੀ ਕੀਤੀ। ਸ੍ਰੀ ਚੜੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਸਮੇਂ ਕਿਸਾਨਾਂ ਦੀਆਂ ਮੰਗਾਂ ਲਿਖਤੀ ਰੂਪ ਵਿੱਚ ਮੰਨੀਆਂ ਸਨ, ਪਰ ਦੋ ਸਾਲ ਬੀਤਣ ਮਗਰੋਂ ਵੀ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਅੰਨਦਾਤਾ ਆਪਣੀਆਂ ਹੱਕੀ ਮੰਗਾਂ ਲਈ ਦਿੱਲੀ ਵਿਖੇ ਮੁੜ ਤੋਂ ਸੰਘਰਸ਼ ਸ਼ੁਰੂ ਕਰਨ ਲਈ ਵੱਧ ਰਿਹਾ ਹੈ ਤਾਂ ਹਰਿਆਣਾ ਪੁਲੀਸ ਵੱਲੋਂ ਵੱਡੀਆਂ-ਵੱਡੀਆਂ ਰੋਕਾਂ ਲਗਾ ਕੇ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲੀਸ ਨੇ 6 ਦਿਨਾਂ ਵਿੱਚ ਹਜ਼ਾਰਾਂ ਅੱਥਰੂ ਗੈਸ ਦੇ ਗੋਲੇ ਕਿਸਾਨਾਂ ’ਤੇ ਸੁੱਟ ਦਿੱਤੇ ਹਨ, ਜਿਸ ਕਰਕੇ ਸੈਂਕੜੇ ਕਿਸਾਨ ਜ਼ਖ਼ਮੀ ਹੋ ਚੁੱਕੇ ਹਨ। ਹਰਿਆਣਾ ਪੁਲੀਸ ਦੀ ਅਜਿਹੀ ਕਾਰਵਾਈ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂ ਰਾਕੇਸ਼ ਬੈਂਸ ਨੇ ਕਿਹਾ ਕਿ ਅੱਜ ਮੀਟਿੰਗ ਵਿੱਚ ਪਹੁੰਚੀਆਂ ਦੋ ਦਰਜਨ ਦੇ ਕਰੀਬ ਕਿਸਾਨ ਜਥੇਬੰਦੀਆਂ, ਖਾਪ ਪੰਚਾਇਤਾਂ ਤੇ ਹੋਰਨਾਂ ਸਮਾਜ ਸੇਵੀ ਜਥੇਬੰਦੀਆਂ ਨੇ ਫੈਸਲਾ ਕੀਤਾ ਕਿ ਉਹ ਸਾਂਝੇ ਤੌਰ ’ਤੇ ਕਿਸਾਨ ਸੰਘਰਸ਼ ਵਿੱਚ ਸ਼ਾਮਲ ਹੋਣਗੀਆਂ। ਇਸ ਦੇ ਨਾਲ ਹੀ ਸਾਰਿਆਂ ਨੇ 22 ਫਰਵਰੀ ਨੂੰ ਈਵੀਐੱਮ ਦੇ ਖ਼ਿਲਾਫ਼ ਸੁਪਰੀਮ ਕੋਰਟ ਦੇ ਵਕੀਲਾਂ ਵੱਲੋਂ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਦੀ ਹਮਾਇਤ ਕਰਨ ਦਾ ਵੀ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਕਾਰ ਹੋਣ ਵਾਲੀ ਮੀਟਿੰਗ ਦੇ ਫੈਸਲੇ ਮਗਰੋਂ ਅੰਦੋਲਨ ਦੀ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।