
ਮੁੱਖ ਮੰਤਰੀ ਨੇ ਜਹਾਨਖੇਲਾਂ ਵਿੱਚ 2490 ਪੁਲੀਸ ਮੁਲਾਜ਼ਮਾਂ ਦੀ ਪਾਸਿੰਗ-ਆਊਟ ਪਰੇਡ ਤੋਂ ਸਲਾਮੀ ਲਈ
ਹੁਸ਼ਿਆਰਪੁਰ,(ਪੰਜਾਬੀ ਰਾਈਟਰ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਹਾਨਖੇਲਾਂ ਵਿੱਚ ਨਵੇਂ ਰੰਗਰੂਟਾਂ ਦੀ ਪਾਸਿੰਗ-ਆਊਟ ਪਰੇਡ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ’ਤੇ ਗੈਂਗਸਟਰਾਂ, ਸਮੱਗਲਰਾਂ, ਅਪਰਾਧੀਆਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਸੂਬੇ ਵਿੱਚੋਂ ਇਨ੍ਹਾਂ ਦਾ ਸਫ਼ਾਇਆ ਕਰ ਦਿੱਤਾ ਜਾਵੇਗਾ। ਸੂਬਾ ਸਰਕਾਰ ਨੇ ਪੰਜਾਬ ਪੁਲੀਸ ਵਿੱਚ 10,000 ਨਵੇਂ ਸਿਪਾਹੀਆਂ ਦੀ ਭਰਤੀ ਕਰਨ ਦਾ ਵੀ ਫ਼ੈਸਲਾ ਕੀਤਾ ਹੈ। ਇਸ ਭਰਤੀ ਲਈ ਜਲਦੀ ਹੀ ਕੈਬਨਿਟ ਵੱਲੋਂ ਹਰੀ ਝੰਡੀ ਦੇ ਦਿੱਤੀ ਜਾਵੇਗੀ। ਪੁਲੀਸ ਰੰਗਰੂਟ ਟ੍ਰੇਨਿੰਗ ਸੈਂਟਰ ਜਹਾਨਖੇਲਾਂ ਵਿੱਚ ਅੱਜ 2490 ਸਿਪਾਹੀਆਂ ਦੀ ਪਾਸਿੰਗ-ਆਊਟ ਪਰੇਡ ਹੋਈ। ਇਨ੍ਹਾਂ ਵਿੱਚ 498 ਮਹਿਲਾਵਾਂ ਸਨ ਜਿਨ੍ਹਾਂ ਨੇ ਮੁੱਖ ਮੰਤਰੀ ਨੂੰ ਸਲਾਮੀ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜ ਪੁਲੀਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਵੀ ਸੌਂਪੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੇ ਸੰਤ, ਪੀਰ, ਸ਼ਹੀਦ, ਮਹਾਨ ਖਿਡਾਰੀ ਅਤੇ ਜਰਨੈਲ ਪੈਦਾ ਕੀਤੇ ਹਨ। ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਸਮੱਗਲਰਾਂ, ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਨੇ ਸੂਬੇ ਨੂੰ ਆਪਣਾ ਅੱਡਾ ਬਣਾ ਲਿਆ ਸੀ। ਹੁਣ ‘ਆਪ’ ਸਰਕਾਰ ਨੇ ਇਨ੍ਹਾਂ ਨੂੰ ਨੱਥ ਪਾਉਣ ਲਈ ਮੁਹਿੰਮ ਵਿੱਢੀ ਹੈ ਅਤੇ ਇਹ ਜਲਦ ਹੀ ਸਲਾਖਾਂ ਪਿੱਛੇ ਹੋਣਗੇ।
ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਬਿਲਕੁਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ। ਨਸ਼ਿਆਂ ਦੀ ਸਪਲਾਈ ਚੇਨ ਤੋੜ ਕੇ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ। ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਮੁਲਾਜ਼ਮ ਨਸ਼ਿਆਂ ਵਿਰੁੱਧ ਜੰਗ ਦਾ ਅਹਿਮ ਹਿੱਸਾ ਬਣਨਗੇ।
ਮੁੱਖ ਮੰਤਰੀ ਨੇ ਕਿਹਾ ਕਿ 2022 ਤੋਂ ਲੈ ਕੇ ਹੁਣ ਤੱਕ ਪੁਲੀਸ ਫੋਰਸ ਨੂੰ ਅਪਡੇਟ ਕਰਨ ਲਈ 10,000 ਤੋਂ ਵੱਧ ਨੌਜਵਾਨ ਨਿਯੁਕਤ ਕੀਤੇ ਗਏ ਹਨ। ਲੜਕੀਆਂ ਸਣੇ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ ਨਵੇਂ ਭਰਤੀ ਕੀਤੇ 1597 ਜਵਾਨ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ। ਇਨ੍ਹਾਂ ਨੂੰ 144 ਆਧੁਨਿਕ ਵਾਹਨ ਮੁਹੱਈਆ ਕਰਵਾਏ ਗਏ ਹਨ।
ਮੁੱਖ ਮੰਤਰੀ ਨੇ ਟ੍ਰੇਨਿੰਗ ਦੇ ਵੱਖ-ਵੱਖ ਵਿਸ਼ਿਆਂ ’ਚ ਅੱਵਲ ਰਹਿਣ ਵਾਲੇ ਰੰਗਰੂਟਾਂ ਦਾ ਵੀ ਸਨਮਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ 155 ਏਕੜ ਵਿੱਚ ਫੈਲਿਆ ਜਹਾਨਖੇਲਾਂ ਕੈਂਪਸ ਅਤਿ-ਆਧੁਨਿਕ ਸਿਖਲਾਈ ਸਹੂਲਤਾਂ ਨਾਲ ਲੈਸ ਹੈ। ਇਸ ਸਦਕਾ ਹੀ ਦੂਜੇ ਸੂਬਿਆਂ ਦੀਆਂ ਫੋਰਸਾਂ ਇੱਥੇ ਪੁਲੀਸ ਸਿਖਲਾਈ ਲੈਣ ਲਈ ਆਉਂਦੀਆਂ ਹਨ।
ਫੁੱਟਪਾਊ ਤਾਕਤਾਂ ਦੇ ਮਨਸੂਬੇ ਨਾਕਾਮ ਕੀਤੇ ਜਾਣਗੇ: ਮੁੱਖ ਮੰਤਰੀ
ਮੁੱਖ ਮੰਤਰੀ ਨੇ ਫੁੱਟਪਾਊ ਤਾਕਤਾਂ ਨੂੰ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੇ ਫ਼ਿਰਕੂ ਤਣਾਅ ਪੈਦਾ ਕਰਨ ਦੇ ਮਨਸੂਬਿਆਂ ਨੂੰ ਨਾਕਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਰ ਕੇ ਦੁਸ਼ਮਣ ਤਾਕਤਾਂ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ’ਚ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੁਣੌਤੀਆਂ ’ਤੇ ਕਾਬੂ ਪਾਉਣ ਲਈ ਇਹ ਜ਼ਰੂਰੀ ਹੈ ਕਿ ਪੁਲੀਸ ਫੋਰਸ ਨੂੰ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਲੋੜਾਂ ਅਨੁਸਾਰ ਅਪਡੇਟ ਕੀਤਾ ਜਾਵੇ। ਨਵੇਂ ਪੁਲੀਸ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਫੋਰਸ ਵਿੱਚ ਨਵੇਂ ਸ਼ਾਮਲ ਕੀਤੇ ਪੁਲੀਸ ਮੁਲਾਜ਼ਮਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਉਪਜਾਊ ਧਰਤੀ ’ਤੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ’ਤੇ ਨਹੀਂ ਉੱਗੇਗਾ।
ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ’ਚ ਯੋਗਦਾਨ ਪਾਉਣ ਰੰਗਰੂਟ: ਡੀਜੀਪੀ
ਇਸ ਮੌਕੇ ਡੀਜੀਪੀ ਗੌਰਵ ਯਾਦਵ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਨਵੇਂ ਰੰਗਰੂਟਾਂ ਨੂੰ ਪੰਜਾਬ ਪੁਲੀਸ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਆਖਿਆ। ਉਨ੍ਹਾਂ ਰੰਗਰੂਟਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿਚ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਵਿਚ ਭਰਪੂਰ ਯੋਗਦਾਨ ਪਾਉਣ।