ਡਿਊਟੀ ’ਤੇ ਜਾਂਦੇ ਪੁਲੀਸ ਮੁਲਾਜ਼ਮਾਂ ਦੀ ਬੱਸ ਨੂੰ ਹਾਦਸਾ; ਿਤੰਨ ਮੁਲਾਜ਼ਮ ਹਲਾਕ

ਡਿਊਟੀ ’ਤੇ ਜਾਂਦੇ ਪੁਲੀਸ ਮੁਲਾਜ਼ਮਾਂ ਦੀ ਬੱਸ ਨੂੰ ਹਾਦਸਾ; ਿਤੰਨ ਮੁਲਾਜ਼ਮ ਹਲਾਕ

ਮੁਕੇਰੀਆਂ/ਗੁਰਦਾਸਪੁਰ-ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਪੈਂਦੇ ਕਸਬਾ ਐਮਾ ਮਾਂਗਟ ਕੋਲ ਅੱਜ ਸਵੇਰੇ ਕਰੀਬ 6 ਵਜੇ ਪੁਲੀਸ ਮੁਲਾਜ਼ਮਾਂ ਦੀ ਬੱਸ ਸੜਕ ਕਿਨਾਰੇ ਖੜ੍ਹੇ ਇੱਕ ਟਰਾਲੇ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਤਿੰਨ ਪੁਲੀਸ ਮੁਲਾਜ਼ਮਾਂ ਦੀ ਮੌਤ ਹੋ ਗਈ ਜਿਨ੍ਹਾਂ ਵਿੱਚ ਬੱਸ ਦਾ ਡਰਾਈਵਰ ਤੇ ਇੱਕ ਮਹਿਲਾ ਕਾਂਸਟੇਬਲ ਸ਼ਾਮਲ ਹਨ ਜਦਕਿ 18 ਮੁਲਾਜ਼ਮ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਵਿੱਚੋਂ 9 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਬੱਸ ਚਾਲਕ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਗੋਪੀ (35) ਪੁੱਤਰ ਹਰਦੀਪ ਸਿੰਘ ਵਾਸੀ ਪਿੰਡ ਅਮੀਂਪੁਰ ਤੇ ਕਾਂਸਟੇਬਲ ਸ਼ਾਲੂ ਰਾਣਾ (26) ਪੁੱਤਰੀ ਗਣੇਸ਼ ਵਾਸੀ ਪਿੰਡ ਲਿੱਤਰ ਅਤੇ ਏਐੱਸਆਈ ਹਰਦੇਵ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਨੂੰ ਇੱਕ ਵਾਹਨ ਓਵਰਟੇਕ ਕਰ ਰਿਹਾ ਸੀ ਤੇ ਸੰਘਣੀ ਧੁੰਦ ਕਾਰਨ ਸੜਕ ਕਿਨਾਰੇ ਖੜ੍ਹਿਆ ਟਰਾਲਾ ਦਿਖਾਈ ਨਾ ਦੇਣ ਕਾਰਨ ਇਹ ਹਾਦਸਾ ਵਾਪਰ ਗਿਆ। ਬੱਸ ਵਿੱਚ 7ਵੀਂ, 27ਵੀਂ, 75ਵੀਂ ਅਤੇ 80ਵੀਂ ਬਟਾਲੀਅਨ ਦੇ ਕਰੀਬ 35 ਮੁਲਾਜ਼ਮ ਸਵਾਰ ਸਨ ਜੋ ਇੰਸਪੈਕਟਰ ਤਰਲੋਕ ਸਿੰਘ ਦੀ ਅਗਵਾਈ ਹੇਠ ਗਣਤੰਤਰ ਦਿਵਸ ਦੀਆਂ ਤਿਆਰੀਆਂ ਤਹਿਤ ਗੁਰਦਾਸਪੁਰ ਜ਼ਿਲ੍ਹੇ ’ਚ ਲੱਗੀਆਂ ਡਿਊਟੀਆਂ ਨਿਭਾਉਣ ਲਈ ਜਾ ਰਹੇ ਸਨ। ਜ਼ਖ਼ਮੀਆਂ ਨੂੰ ਮੁਕੇਰੀਆਂ ਤੇ ਦਸੂਹਾ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ ਜਿਥੇ ਨੌ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਵੱਡੇ ਹਸਪਤਾਲਾਂ ਲਈ ਰੈਫ਼ਰ ਕੀਤਾ ਗਿਆ ਹੈ। ਹਾਦਸੇ ਦੀ ਸੂਚਨਾ ਮਿਲਣ ’ਤੇ ਐੱਸਐੱਸਪੀ ਹੁਸ਼ਿਆਰਪੁਰ ਸੁਰਿੰਦਰ ਲਾਂਬਾ ਤੇ ਪੀਏਪੀ ਦੇ ਉੱਚ ਅਧਿਕਾਰੀਆਂ ਨੇ ਸਿਵਲ ਹਸਪਤਾਲ ਮੁਕੇਰੀਆਂ ਪੁੱਜ ਕੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ। ਇਹ ਬੱਸ ਜਲੰਧਰ ਤੋਂ ਗੁਰਦਾਸਪੁਰ ਜਾ ਰਹੀ ਸੀ। ਮੁਕੇਰੀਆਂ ਪੁਲੀਸ ਨੇ ਹਾਦਸੇ ਸਬੰਧੀ ਕੇਸ ਦਰਜ ਕਰ ਲਿਆ ਹੈ। ਹਾਦਸੇ ਦੇ ਜ਼ਖ਼ਮੀਆਂ ਕੁੰਦਨ ਲਾਲ, ਕੁਲਦੀਪ ਸਿੰਘ, ਨਵਦੀਪ ਕੌਰ, ਮਨਪ੍ਰੀਤ ਕੌਰ, ਸੰਜੀਵ ਕੁਮਾਰ (ਏਐੱਸਆਈ), ਮਹਿੰਦਰਪਾਲ, ਬਲਜਿੰਦਰ ਰਾਮ, ਗੁਰਮੀਤ ਸਿੰਘ, ਹਰਦੀਪ ਸਿੰਘ, ਨਰਦੀਪ ਸਿੰਘ, ਹੌਲਦਾਰ ਸੰਜੀਵ ਕੁਮਾਰ, ਜਸਬੀਰ ਸਿੰਘ, ਦਲਜੀਤ ਸਿੰਘ, ਨਵਤੇਜਪਾਲ ਸਿੰਘ ਤੇ ਕਮਲਜੀਤ ਕੌਰ ਨੂੰ ਸਿਵਲ ਹਸਪਤਾਲ ਮੁਕੇਰੀਆਂ ਵਿੱਚ ਤੇ ਏਐੱਸਆਈ ਦਲਵੀਰ ਸਿੰਘ, ਤਿਲਕ ਰਾਜ ਤੇ ਵਿਜੈ ਕੁਮਾਰ ਨੂੰ ਦਸੂਹਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕੁਝ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਜਿਨ੍ਹਾਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਾਸਪੁਰ ਨਾਲ ਸਬੰਧਤ ਦੋਵੇਂ ਪੁਲੀਸ ਮੁਲਾਜ਼ਮਾਂ ਦਾ ਅੰਤਿਮ ਸੰਸਕਾਰ ਦੇਰ ਸ਼ਾਮ ਉਨ੍ਹਾਂ ਦੀ ਰਿਹਾਇਸ਼ ਨੇੜੇ ਸ਼ਮਸ਼ਾਨਘਾਟ ਵਿੱਚ ਕਰ ਦਿੱਤਾ ਗਿਆ। ਇਸ ਮੌਕੇ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਤੇ ਸਿਆਸੀ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਦੱਸਣਯੋਗ ਹੈ ਕਿ ਮ੍ਰਿਤਕ ਗੁਰਪ੍ਰੀਤ ਸਿੰਘ 2008 ਤੋਂ ਪੁਲੀਸ ਫੋਰਸ ਵਿੱਚ ਨੌਕਰੀ ਕਰ ਰਿਹਾ ਸੀ ਜਦਕਿ ਸ਼ਾਲੂ ਰਾਣਾ ਕਰੀਬ ਇੱਕ ਸਾਲ ਪਹਿਲਾਂ ਪੁਲੀਸ ਵਿੱਚ ਭਰਤੀ ਹੋਈ ਸੀ ਅਤੇ ਇਸ ਸਮੇਂ ਪੀ.ਏ.ਪੀ ਵਿੱਚ ਆਪਣੀ ਟਰੇਨਿੰਗ ਪੂਰੀ ਕਰ ਰਹੀ ਸੀ।ਚੰਡੀਗੜ੍ਹ (ਟਨਸ): ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਨੇੜੇ ਸੜਕ ਹਾਦਸੇ ਵਿੱਚ ਹੋਈ ਪੁਲੀਸ ਮੁਲਾਜ਼ਮਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੜਕ ਹਾਦਸੇ ਵਿੱਚ ਪੁਲੀਸ ਮੁਲਾਜ਼ਮਾਂ ਦੀ ਜਾਨ ਜਾਣੀ ਮੰਦਭਾਗੀ ਗੱਲ ਹੈ ਅਤੇ ਇਹ ਸੂਬੇ ਤੇ ਪੀੜਤ ਪਰਿਵਾਰਾਂ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਇਸ ਸਹਾਇਤਾ ਰਾਸ਼ੀ ਵਿੱਚੋਂ ਇਕ-ਇਕ ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਜਾਣਗੇ, ਜਦਕਿ ਇਕ-ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਬੈਂਕ ਵੱਲੋਂ ਕੀਤੀ ਜਾਵੇਗੀ। ਸ੍ਰੀ ਮਾਨ ਨੇ ਕਿਹਾ ਕਿ ਪੁਲੀਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ, ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਤੇ ਪੁਲੀਸ ਮੁਲਾਜ਼ਮਾਂ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਮੁਤਾਬਕ ਹੈ।