ਜੰਮੂ ਕਸ਼ਮੀਰ ’ਚ ਅਤਿਵਾਦ ਵਿਰੋਧੀ ਅਪਰੇਸ਼ਨ ਮਜ਼ਬੂਤ ਕਰਨ ਦੀ ਹਦਾਇਤ

ਜੰਮੂ ਕਸ਼ਮੀਰ ’ਚ ਅਤਿਵਾਦ ਵਿਰੋਧੀ ਅਪਰੇਸ਼ਨ ਮਜ਼ਬੂਤ ਕਰਨ ਦੀ ਹਦਾਇਤ

ਨਵੀਂ ਦਿੱਲੀ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਅੱਜ ਅਧਿਕਾਰੀਆਂ ਨੂੰ ਅਤਿਵਾਦ ਵਿਰੋਧੀ ਅਪਰੇਸ਼ਨਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਅਤਿਵਾਦ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੁਰੱਖਿਆ ਏਜੰਸੀਆਂ ਨੂੰ ਜੰਮੂ-ਕਸ਼ਮੀਰ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਢੁੱਕਵੀਂ ਤਾਇਨਾਤੀ ਦੀ ਸਲਾਹ ਦਿੰਦਿਆਂ ਸ਼ਾਹ ਨੇ ਅਤਿਵਾਦ ਵਿਰੋਧੀ ਅਪਰੇਸ਼ਨਾਂ ਦੌਰਾਨ ਤੈਅ ਪ੍ਰਕਿਰਿਆਵਾਂ ਦੀ ਪਾਲਣਾ ਕਰਨ ’ਤੇ ਜ਼ੋਰ ਵੀ ਦਿੱਤਾ।ਇੱਕ ਅਧਿਕਾਰਤ ਤਰਜਮਾਨ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਇਹ ਨਿਰਦੇਸ਼ ਇੱਥੇ ਉੱਤਰੀ ਬਲਾਕ ਵਿੱਚ ਹੋਈ ਉੱਚ ਪੱਧਰੀ ਮੀਟਿੰਗ ਵਿੱਚ ਦਿੱਤੇ, ਜਿਸ ਵਿੱਚ ਉਨ੍ਹਾਂ ਨੇ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਸਥਿਤੀ ਦੀ ਨਜ਼ਰਸਾਨੀ ਕੀਤੀ। ਮੀਟਿੰਗ ਵਿੱਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਚੀਫ ਆਫ ਆਰਮੀ ਸਟਾਫ ਜਨਰਲ ਮਨੋਜ ਪਾਂਡੇ ਅਤੇ ਖੁਫ਼ੀਆ ਤੇ ਹੋਰ ਸੁਰੱਖਿਆ ਏਜੰਸੀਆਂ ਦੇ ਅਧਿਕਾਰੀ ਸ਼ਾਮਲ ਹੋਏ। ਮੀਟਿੰਗ ਦੌਰਾਨ ਸ਼ਾਹ ਨੇ ਜੰਮੂ-ਕਸ਼ਮੀਰ ਵਿੱਚੋਂ ਅਤਿਵਾਦ ਦਾ ਖ਼ਤਰਾ ਖਤਮ ਕਰਨ ਲਈ ਸੁਰੱਖਿਆ ਏਜੰਸੀਆਂ ਦੀ ਯੋਜਨਾ ਦੀ ਸਮੀਖਿਆ ਕੀਤੀ। ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਪ੍ਰਣਾਲੀ ਦੇ ਕੰਮਕਾਜ ਅਤੇ ਸਮੁੱਚੀ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਤਿਵਾਦ ਵਿਰੋਧੀ ਮੁਹਿੰਮਾਂ ਨੂੰ ਮਜ਼ਬੂਤ ਕਰਨ ਦਾ ਨਿਰਦੇਸ਼ ਦਿੱਤਾ ਅਤੇ ਅਤਿਵਾਦ ਦੇ ਢਾਂਚੇ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਤਰਜਮਾਨ ਮੁਤਾਬਕ ਗ੍ਰਹਿ ਮੰਤਰੀ ਨੇ ਸੁਰੱਖਿਆ ਏਜੰਸੀਆਂ ਨੂੰ ਢੁੱਕਵੀਂ ਤਾਇਨਾਤੀ ਦੀ ਸਲਾਹ ਵੀ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਅਤਿਵਾਦ ਨੂੰ ਬਰਦਾਸ਼ਤ ਨਾ ਕਰਨ ਦੀ ਪਹੁੰਚ ਬਰਕਰਾਰ ਰੱਖੇਗੀ। ਦੱਸਣਯੋਗ ਹੈ ਕਿ ਇਹ ਮੀਟਿੰਗ ਪੁਣਛ ਜ਼ਿਲ੍ਹੇ ’ਚ ਪੰਦਰਾਂ ਦਿਨ ਪਹਿਲਾਂ ਦਹਿਸ਼ਤਗਰਦਾਂ ਵੱਲੋਂ ਘਾਤ ਲਾ ਕੇ ਕੀਤੇ ਹਮਲੇ ਤੋਂ ਬਾਅਦ ਹੋਈ ਹੈ। ਹਮਲੇ ’ਚ ਵਿੱਚ ਸੈਨਾ ਦੇ ਪੰਜ ਜਵਾਨ ਮਾਰੇ ਗਏ ਸਨ। ਹਮਲੇ ਤੋਂ ਇੱਕ ਦਿਨ ਬਾਅਦ ਸੈਨਾ 21 ਦਸੰਬਰ ਨੂੰ 27 ਤੋਂ 42 ਸਾਲ ਦੀ ਉਮਰ ਦੇ ਤਿੰਨਾਂ ਆਮ ਨਾਗਰਿਕਾਂ ਨੂੰ ਪੁੱਛ-ਪੜਤਾਲ ਲਈ ਲੈ ਕੇ ਗਈ ਸੀ, ਜਿਨ੍ਹਾਂ ਦੀਆਂ ਬਾਅਦ ਵਿੱਚ ਲਾਸ਼ਾਂ ਮਿਲੀਆਂ ਸਨ। ਇਸ ਮਗਰੋਂ ਇਲਾਕੇ ’ਚ ਤਣਾਅ ਫੈਲ ਗਿਆ ਸੀ। -ਪੀਟੀਆਈ