ਬਹਿਰੀਨ ਵਾਲੀ ਬੀਬੀ ਤੇ ਅਮਰਜੀਤ ਚਾਵਲਾ ਮਾਮਲੇ ਦੀ ਰਿਪੋਰਟ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕੱਲ ਕਰਨਗੇ ਜਨਤਕ

ਬਹਿਰੀਨ ਵਾਲੀ ਬੀਬੀ ਤੇ ਅਮਰਜੀਤ ਚਾਵਲਾ ਮਾਮਲੇ ਦੀ ਰਿਪੋਰਟ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕੱਲ ਕਰਨਗੇ ਜਨਤਕ

ਸ੍ਰੀ ਅੰਮ੍ਰਿਤਸਰ ਸਾਹਿਬ, 5 ਅਕਤੂਬਰ (ਪੰਜਾਬੀ ਰਾਈਟਰ)- ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਰਿਪੋਰਟ ਭਲਕੇ 12 ਵਜੇ ਜਨਤਕ ਕੀਤੀ ਜਾਵੇਗੀ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸਾਂਝੀ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਅਤੇ ਸੰਜੀਦਾ ਮਾਮਲਾ ਹੈ। ਇਸ ਕਰਕੇ ਜਾਂਚ ਕਮੇਟੀ ਨੂੰ ਸਮਾਂਬੱਧ ਤਰੀਕੇ ਨਾਲ ਕੰਮ ਕਰਦਿਆਂ 15 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਦੇਣ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਕਮੇਟੀ ਨੇ ਮਾਮਲੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੀ ਘੋਖ ਕਰਨ ਤੋਂ ਬਾਅਦ ਆਪਣੀ ਰਿਪੋਰਟ ਤਿਆਰ ਕੀਤੀ ਹੈ। ਇਸ ਰਿਪੋਰਟ ਦੇ ਆਧਾਰ ’ਤੇ ਜੋ ਵੀ ਤੱਥ ਅਤੇ ਜਾਣਕਾਰੀ ਸਾਹਮਣੇ ਆਵੇਗੀ, ਉਸ ਨੂੰ ਲੋਕਾਂ ਅਤੇ ਮੀਡੀਆ ਸਾਹਮਣੇ ਰੱਖਿਆ ਜਾਵੇਗਾ। ਜਾਣਕਾਰੀ ਅਨੁਸਾਰ ਬਹਿਰੀਨ ਵਾਲੀ ਬੀਬੀ ਵੱਲੋਂ ਲਾਏ ਗਏ ਦੋਸ਼ਾਂ ਦੇ ਮਾਮਲੇ  ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਪੰਜ ਮੈਂਬਰੀ ਜਾਂਚ ਕਮੇਟੀ ਆਪਣੀ ਮੁੱਢਲੀ ਜਾਂਚ ਰਿਪੋਰਟ ਭਲਕੇ ਛੇ ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪੇਗੀ। 
ਇਸ ਬੀਬੀ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ’ਤੇ ਗੰਭੀਰ ਦੋਸ਼ ਲਾਏ ਗਏ ਸਨ ਅਤੇ ਇਸ ਮਾਮਲੇ ਵਿੱਚ ਪੁਲੀਸ ਕੇਸ ਵੀ ਦਰਜ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਅਕਾਲ ਤਖਤ ਦੇ ਵਧੀਕ ਮੁੱਖ ਗ੍ਰੰਥੀ ਨੂੰ ਸੇਵਾਵਾਂ ਤੋਂ ਫ਼ਾਰਗ ਕੀਤਾ ਜਾ ਚੁੱਕਾ ਹੈ ਅਤੇ ਇੱਕ ਹੋਰ ਕਰਮਚਾਰੀ ਨੂੰ ਮੁਅੱਤਲ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਦਾ ਅਸਤੀਫਾ ਵੀ ਪ੍ਰਵਾਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਅਤੇ ਜਾਂਚ ਕਮੇਟੀ ਦੇ ਕੋਆਰਡੀਨੇਟਰ ਬਲਵਿੰਦਰ ਸਿੰਘ ਕਾਹਲਵਾਂ ਨੇ ਅੱਜ ਦਿੱਤੀ। ਉਹਨਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਤੱਥਾਂ ਦੇ ਆਧਾਰ ’ਤੇ ਨਿਰਪੱਖ ਜਾਂਚ ਲਈ ਗਠਿਤ ਕੀਤੀ ਗਈ ਚਾਰ ਮੈਂਬਰੀ ਜਾਂਚ ਕਮੇਟੀ ਆਪਣੀ ਮੁੱਢਲੀ ਰਿਪੋਰਟ ਭਲਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪੇਗੀ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿਚ ਜਾਂਚ ਕਮੇਟੀ ਵੱਲੋਂ ਸਬੰਧਤ ਤੱਥਾਂ, ਦਸਤਾਵੇਜ਼ਾਂ ਅਤੇ ਵੱਖ-ਵੱਖ ਪੱਖਾਂ ਨੂੰ ਗੰਭੀਰਤਾ ਨਾਲ ਘੋਖਦਿਆਂ ਪੂਰੀ ਜ਼ਿੰਮੇਵਾਰੀ ਅਤੇ ਨਿਰਪੱਖਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦਾ ਮੁੱਖ ਉਦੇਸ਼ ਕਿਸੇ ਵਿਅਕਤੀ ਜਾਂ ਪੱਖ ਦੀ ਗੱਲ ਕਰਨਾ ਨਹੀਂ, ਸਗੋਂ ਮਾਮਲੇ ਨਾਲ ਸਬੰਧਤ ਅਸਲ ਤੱਥ ਪੇਸ਼ ਕਰਨਾ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਹਿਲਾਂ ਹੀ ਕਿਸੇ ਤਰ੍ਹਾਂ ਦਾ ਨਤੀਜਾ ਕੱਢਣਾ, ਇਕਪਾਸੜ ਧਾਰਨਾ ਬਣਾਉਣਾ ਜਾਂ ਬਿਨਾਂ ਤੱਥਾਂ ਦੇ ਬਿਆਨਬਾਜ਼ੀ ਕਰਨਾ ਨਾ ਤਾਂ ਉਚਿਤ ਹੈ ਅਤੇ ਨਾ ਹੀ ਕਿਸੇ ਗੰਭੀਰ ਮਾਮਲੇ ਦੀ ਜਾਂਚ ਪ੍ਰਕਿਰਿਆ ਦੇ ਅਨੁਕੂਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਸੱਚ ਸਾਹਮਣੇ ਆਉਣ ਤੋਂ ਪਹਿਲਾਂ ਕੀਤੀ ਜਾਣ ਵਾਲੀ ਬਿਆਨਬਾਜ਼ੀ ਨਾ ਸਿਰਫ਼ ਮਾਮਲੇ ਨੂੰ ਹੋਰ ਉਲਝਾਉਂਦੀ ਹੈ, ਸਗੋਂ ਸਿੱਖ ਸੰਸਥਾਵਾਂ, ਗੁਰੂ ਘਰ ਅਤੇ ਸਿੱਖ ਸ਼ਖ਼ਸੀਅਤਾਂ ਦੇ ਵਕਾਰ ਨੂੰ ਵੀ ਠੇਸ ਪਹੁੰਚਾਉਂਦੀ ਹੈ।
ਪੁਲੀਸ ਵੱਲੋਂ ਵੀ ਮਾਮਲੇ ਦੀ ਜਾਂਚ ਜਾਰੀ
ਦੂਜੇ ਪਾਸੇ ਇਸ ਮਾਮਲੇ ਵਿੱਚ ਪੁਲੀਸ ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ। ਸ੍ਰੀ ਆਨੰਦਪੁਰ ਸਾਹਿਬ ਪੁਲੀਸ ਨੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੋਇਆ ਹੈ ਅਤੇ ਜਾਂਚ ਦਾ ਦਾਇਰਾ ਵਧਾਉਂਦਿਆਂ ਕੁਝ ਹੋਰ ਵਿਅਕਤੀਆਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦੀ ਮੰਗ ਵੀ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਸੀ ਕਿ ਜੇ ਸਰਕਾਰ ਇਸ ਮੰਗ ਨੂੰ ਪ੍ਰਵਾਨ ਨਹੀਂ ਕਰਦੀ ਤਾਂ ਸ਼੍ਰੋਮਣੀ ਕਮੇਟੀ ਦਾ ਵਫ਼ਦ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ। ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਸੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਜਾਂਚ ਕਮੇਟੀ ਆਪਣਾ ਕੰਮ ਜਾਰੀ ਰੱਖੇਗੀ ਅਤੇ ਉਸ ਦੀ ਰਿਪੋਰਟ ਜਨਤਕ ਕੀਤੀ ਜਾਵੇਗੀ।