ਭਗਵੰਤ ਮਾਨ ਦੇ ਬਿਆਨ ਨੇ ਕੀਤਾ ਸਭ ਨੂੰ ਹੈਰਾਨ, ਜਗਤਾਰ ਹਵਾਰਾ ਦੀ ਰਿਹਾਈ ਨਾਲ ਅਮਨ-ਕਾਨੂੰਨ ਨੂੰ ਖ਼ਤਰਾ ਨਹੀਂ: ਭਗਵੰਤ ਮਾਨ

ਭਗਵੰਤ ਮਾਨ ਦੇ ਬਿਆਨ ਨੇ ਕੀਤਾ ਸਭ ਨੂੰ ਹੈਰਾਨ, ਜਗਤਾਰ ਹਵਾਰਾ ਦੀ ਰਿਹਾਈ ਨਾਲ ਅਮਨ-ਕਾਨੂੰਨ ਨੂੰ ਖ਼ਤਰਾ ਨਹੀਂ: ਭਗਵੰਤ ਮਾਨ

ਚੰਡੀਗੜ੍ਹ, 13 ਅਕਤੂਬਰ (ਪੰਜਾਬੀ ਰਾਈਟਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਨਾਲ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ’ਤੇ ਕੋਈ ਮਾੜਾ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ ਲਈ ਹਰ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਏਗੀ ਅਤੇ ਇਨਸਾਫ਼ ਨੂੰ ਅਣਮਿੱਥੇ ਸਮੇਂ ਲਈ ਲਟਕਾਇਆ ਨਹੀਂ ਜਾਣਾ ਚਾਹੀਦਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦੇਣ ਦੀ ਸੂਰਤ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਦਾ ਭਰੋਸਾ ਕੇਂਦਰ ਸਰਕਾਰ ਅਤੇ ਰਾਜਪਾਲ ਨੂੰ ਦਿੱਤਾ ਹੋਇਆ ਹੈ। ਇਸ ਦੇ ਬਾਵਜੂਦ ਕੇਂਦਰ ਨੇ ਹਾਲੇ ਤੱਕ ਪੈਰੋਲ ਨੂੰ ਮਨਜ਼ੂਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਦੇ ਪੈਰੋਲ ਮਾਮਲੇ ਵੀ ਪੰਜਾਬ ਦੇ ਰਾਜਪਾਲ ਕੋਲ ਉਠਾਏ ਜਾਣਗੇ।
ਮਾਨ ਨੇ ਅੱਜ ਕੌਮੀ ਇਨਸਾਫ਼ ਮੋਰਚੇ ਦੇ ਨੁਮਾਇੰਦਿਆਂ, ਸਿੱਖ ਜਥੇਬੰਦੀਆਂ, ਕਿਸਾਨ ਯੂਨੀਅਨਾਂ ਅਤੇ ਹੋਰ ਧਿਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਬੰਦੀ ਸਿੰਘਾਂ ਦੀ ਜਲਦੀ ਰਿਹਾਈ ਲਈ ਲਗਾਤਾਰ ਅਤੇ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਸਾਰੇ ਮਾਮਲਿਆਂ ਦੀ ਕਾਨੂੰਨੀ ਘੋਖ ਕਰਨ ਲਈ ਕਿਹਾ, ਤਾਂ ਜੋ ਸਹਿਮਤੀ ਨਾਲ ਹੱਲ ਲੱਭਿਆ ਜਾ ਸਕੇ। ਮੁੱਖ ਮੰਤਰੀ ਨੇ ਸਿੱਖ ਜਥੇਬੰਦੀਆਂ ਨੂੰ ਸੰਘਰਸ਼ ਸ਼ਾਂਤਮਈ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਜਾਰੀ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੁਝ ਧਿਰਾਂ ਜਾਣਬੁੱਝ ਕੇ ਅਜਿਹੀਆਂ ਸਰਗਰਮੀਆਂ ਕਰਦੀਆਂ ਹਨ, ਜਿਨ੍ਹਾਂ ਨਾਲ ਸੰਘਰਸ਼ ਨੂੰ ਲੀਹੋਂ ਲਾਹੁਣ ਅਤੇ ਵਿਸ਼ਵ ਪੱਧਰ ’ਤੇ ਸਿੱਖਾਂ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਹੁੰਦੀ ਹੈ। ਪਰ ਹੋਰ ਸਿੱਖ ਜਥੇਬੰਦੀਆਂ ਦਾ ਇਹ ਸਵਾਲ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਵੀ ਬੰਦੀ ਸਿੰਘ ਹੀ ਹਨ ਉਹਨਾਂ ਦੀ ਰਿਹਾਈ ਬਾਰੇ ਵੀ ਭਗਵੰਤ ਮਾਨ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ|