ਨਾ ਕਿਸੇ ਮੁਲਜ਼ਮ ਨੂੰ ਤੇ ਨਾ ਕਿਸੇ ਸਾਜ਼ਿਸ਼ ਘਾੜੇ ਨੂੰ ਬਖਸ਼ਾਂਗੇ- ਮੁੱਖ ਮੰਤਰੀ

ਨਾ ਕਿਸੇ ਮੁਲਜ਼ਮ ਨੂੰ ਤੇ ਨਾ ਕਿਸੇ ਸਾਜ਼ਿਸ਼ ਘਾੜੇ ਨੂੰ ਬਖਸ਼ਾਂਗੇ- ਮੁੱਖ ਮੰਤਰੀ

ਚੰਡੀਗੜ੍ਹ, 14 ਅਕਤੂਬਰ (ਪੰਜਾਬੀ ਰਾਈਟਰ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਨਸਾ ’ਚ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸੂਬੇ ਦੇ ਡੀ.ਜੀ.ਪੀ. ਗੌਰਵ ਯਾਦਵ ਨੂੰ ਸਖ਼ਤ ਨਿਰਦੇਸ਼ ਵੀ ਦਿੱਤੇ ਹਨ ਕਿ ਇਸ ਮਾਮਲੇ ਦੀ ਤਹਿ ਤੱਕ ਜਾਂਚ ਕੀਤੀ ਜਾਵੇ। ਅੱਜ ਇੱਕ ਵੀਡੀਓ ਸੁਨੇਹੇ ’ਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲੀਸ ਇਸ ਕੇਸ ਦੀ ਜਾਂਚ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ ਅਤੇ ਜੇਕਰ ਇਸ ਹੱਤਿਆ ਪਿੱਛੇ ਕੋਈ ਸਾਜਿਸ਼ ਵੀ ਸਾਹਮਣੇ ਆਈ, ਤਾਂ ਉਸ ਸਾਜਿਸ਼ਘਾੜੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਹਮਦਰਦੀ ਜਾਹਿਰ ਕਰਦਿਆਂ ਕਿਹਾ ਕਿ ਇੱਕ ਜਵਾਨ ਪੁੱਤ ਦੇ ਚਲੇ ਜਾਣ ਦਾ ਬਹੁਤ ਦੁੱਖ ਹੈ ਅਤੇ ਅਜਿਹੀ ਘਟਨਾ ਵਾਪਰਨੀ ਨਹੀਂ ਚਾਹੀਦੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਹੱਤਿਆ ਦੇ ਮੁੱਖ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਜ਼ੀਰੋ ਟੌਲਰੈਂਸ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਦੀ ਪੁਸ਼ਤਪਨਾਹੀ ਨਹੀਂ ਕਰਦੀ ਹੈ ਅਤੇ ਨਾ ਹੀ ਕਦੇ ਕੀਤੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਮਨ-ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕਰਦਿਆਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ’ਤੇ ਭਰੋਸਾ ਕਰਨ ਅਤੇ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ’ਤੇ ਯਕੀਨ ਨਾ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਤਰ੍ਹਾਂ ਦੇ ਨਸ਼ੇ, ਚਾਹੇ ਉਹ ਮੈਡੀਕਲ/ਕੈਮੀਕਲ ਨਸ਼ਾ ਹੈ ਅਤੇ ਚਾਹੇ ਕੋਈ ਹੋਰ ਨਸ਼ਾ ਹੈ, ਦੇ ਖ਼ਿਲਾਫ਼ ਪੂਰੀ ਤਰ੍ਹਾਂ ਲੜ ਰਹੀ ਹੈ। ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਛੇੜਿਆ ਹੋਇਆ ਹੈ।