ਧਰਨੇ ’ਚ ਪੁੱਜੇ ਪੰਜਾਬੀ ਗਾਇਕ ਬੱਬੂ ਮਾਨ; ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਧਰਨੇ ’ਚ ਪੁੱਜੇ ਪੰਜਾਬੀ ਗਾਇਕ ਬੱਬੂ ਮਾਨ; ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਪਰਵਿੰਦਰ ਝੋਟੇ ਨੇ ਨਸ਼ੇ ਪ੍ਰਤੀ ਦੁਨੀਆ ਨੂੰ ਜਾਗਰੂਕ ਕਰਨ ਦਾ ਕੰਮ ਕੀਤਾ: ਬੱਬੂ ਮਾਨ
ਮਾਨਸਾ, 18 ਅਕਤੂਬਰ (ਪੰਜਾਬੀ ਰਾਈਟਰ)- ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਅੱਜ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ ਵਿੱਚ ਪਹੁੰਚੇ। ਉਨ੍ਹਾਂ ਨੇ ਪਰਵਿੰਦਰ ਝੋਟਾ ਦੇ ਪਿਤਾ ਫੌਜੀ ਭੀਮ ਸਿੰਘ ਦੇ ਗਲ ਲੱਗ ਕੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਬੋਲਦਿਆਂ ਬੱਬੂ ਮਾਨ ਨੇ ਕਿਹਾ ਕਿ ਅਜਿਹੇ ਹੀਰੇ ਘਰ-ਘਰ ਨਹੀਂ ਜੰਮਦੇ। ਉਨ੍ਹਾਂ ਕਿਹਾ ਕਿ ਪਰਵਿੰਦਰ ਦਾ ਨਸ਼ਿਆਂ ਵਿਰੋਧੀ ਜੰਗ ਵਿੱਚ ਕੁੱਦਣਾ ਆਪਣੇ ਆਪ ਵਿੱਚ ਇੱਕ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼ਹੀਦ ਦਾ ਦਰਜਾ ਮਿਲਿਆ ਹੈ ਅਤੇ ਇਹ ਸਿਰਫ਼ ਉਸਦੀ ਇਕੱਲੇ ਦੀ ਲੜਾਈ ਨਹੀਂ ਸੀ, ਸਗੋਂ ਪੂਰੇ ਪੰਜਾਬ ਦੇ ਲੋਕਾਂ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਦਿ੍ਰੜ੍ਹ ਸੰਕਲਪ ਵਾਲੇ ਨੌਜਵਾਨ ਬਹੁਤ ਘੱਟ ਮਿਲਦੇ ਹਨ, ਜੋ ਦੁਨੀਆ ਨੂੰ ਜਾਗਰੂਕ ਕਰਨ ਦਾ ਕੰਮ ਕਰਦੇ ਹਨ। ਪਰਵਿੰਦਰ ਦੇ ਪਿਤਾ ਦੀ ਹੌਂਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਕਿਹਾ ਕਿ ਬਾਪੂ ਭੀਮ ਸਿੰਘ ਨੇ ਬਹੁਤ ਵੱਡਾ ਜਿਗਰਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਅਸੀਂ ਸਾਖੀਆਂ-ਕਹਾਣੀਆਂ ਵਿੱਚ ਸੁਣਦੇ ਹਾਂ, ਬਾਪੂ ਨੇ ਸਾਬਤ ਕਰ ਦਿੱਤਾ ਹੈ ਕਿ ਅਸਲੀ ਪੰਜਾਬੀ ਅਜਿਹਾ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਉਹ ਨਹੀਂ ਜਿਹੜੇ ਸੋਸ਼ਲ ਮੀਡੀਆ ’ਤੇ ਧੜੇ੍ਹਬੰਦੀਆਂ ਬਣਾ ਕੇ ਇੱਕ-ਦੂਜੇ ਨੂੰ ਗਾਲ੍ਹਾਂ ਕੱਢਣ ਅਤੇ ਬਹਿਸਾਂ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਉਹ ਨੇ ਜਿਹੜੇ ਆਪਣੇ ਘਰ ਤੋਂ ਪਹਿਲਾਂ ਪਿੰਡ ਦਾ, ਫਿਰ ਪੰਜਾਬ ਦਾ ਭਲਾ ਸੋਚਦੇ ਹਨ ਅਤੇ ਦੂਜਿਆਂ ਨੂੰ ਆਪਣੇ ਮਾਂ-ਬਾਪ ਵਾਂਗ ਸਤਿਕਾਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਉਹ ਸਿਰਫ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਇੱਥੇ ਆਏ ਹਨ।