ਪਰਵਿੰਦਰ ਝੋਟਾ ਕਤਲ ਮਾਮਲੇ ’ਚ ਮਾਨਸਾ ਦੇ ਡੀ.ਐੱਸ.ਪੀ. ਅਤੇ ਡਰੱਗ ਇੰਸਪੈਕਟਰ ਮੁਅੱਤਲ

ਪਰਵਿੰਦਰ ਝੋਟਾ ਕਤਲ ਮਾਮਲੇ ’ਚ ਮਾਨਸਾ ਦੇ ਡੀ.ਐੱਸ.ਪੀ. ਅਤੇ ਡਰੱਗ ਇੰਸਪੈਕਟਰ ਮੁਅੱਤਲ

ਮਾਨਸਾ, 21 ਅਕਤੂਬਰ (ਪੰਜਾਬੀ ਰਾਈਟਰ)- ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਮਾਨਸਾ ਵਿੱਚ ਇੱਕ ਮੈਡੀਕਲ ਦੁਕਾਨ ਮਾਲਕ ਅਸ਼ਵਨੀ ਵੱਲੋਂ ਉਸ ਦੀ ਦੁਕਾਨ ’ਤੇ ਕਥਿਤ ਤੌਰ ’ਤੇ ਗੋਲੀ ਮਾਰ ਕੇ ਕੀਤੇ ਗਏ ਕਤਲ ਦੇ ਅੱਠ ਦਿਨਾਂ ਬਾਅਦ ਪੰਜਾਬ ਸਰਕਾਰ ਨੇ ਅੱਜ ਦੇਰ ਸ਼ਾਮ ਮਾਨਸਾ ਦੇ ਡੀ.ਐੱਸ.ਪੀ. ਹਰਜਿੰਦਰ ਸਿੰਘ ਗਿੱਲ ਅਤੇ ਸਥਾਨਕ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਮਾਨਸਾ ਸਿਟੀ-2 ਦੀ ਐੱਸ.ਐੱਚ.ਓ. ਇੰਸਪੈਕਟਰ ਬੇਅੰਤ ਕੌਰ ਨੂੰ 15 ਅਕਤੂਬਰ ਨੂੰ ਪ੍ਰਬੰਧਕੀ ਆਧਾਰ ’ਤੇ ਮੁਅੱਤਲ ਕਰ ਦਿੱਤਾ ਗਿਆ ਸੀ। ਇਹ ਕਾਰਵਾਈ ਸੂਬਾ ਸਰਕਾਰ ਦੇ ਪੈਨਲ, ਝੋਟਾ ਦੇ ਪਰਿਵਾਰ ਅਤੇ ਐਕਸ਼ਨ ਕਮੇਟੀ ਦੇ ਮੈਂਬਰਾਂ ਵਿਚਕਾਰ ਦੂਜੇ ਗੇੜ ਦੀ ਗੱਲਬਾਤ ਤੋਂ ਬਾਅਦ ਹੋਈ ਹੈ। ਪੈਨਲ ਵਿੱਚ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਵਿਸ਼ੇਸ਼ ਸਕੱਤਰ ਅਪਨੀਤ ਰਿਆਤ, ਫ਼ਰੀਦਕੋਟ ਦੇ ਡਿਵੀਜ਼ਨਲ ਕਮਿਸ਼ਨਰ ਕੰਵਲਪ੍ਰੀਤ ਬਰਾੜ, ਮਾਨਸਾ ਦੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਡੀ.ਆਈ.ਜੀ. ਬਠਿੰਡਾ ਰੇਂਜ ਹਰਜੀਤ ਸਿੰਘ ਅੱਜ ਸ਼ਾਮ ਇੱਥੇ ਜ਼ਿਲ੍ਹਾ ਪਰਿਸ਼ਦ ਕੰਪਲੈਕਸ ਵਿਖੇ ਸ਼ਾਮਲ ਸਨ। ਝੋਟਾ ਦੇ ਪਿਤਾ ਭੀਮ ਸਿੰਘ ਦਾ ਦੋਸ਼ ਹੈ ਕਿ ਪਰਵਿੰਦਰ ਝੋਟਾ ਨੇ 13 ਅਕਤੂਬਰ ਨੂੰ ਇੱਕ ਬਜ਼ੁਰਗ ਵਿਅਕਤੀ, ਜਿਸ ਨੇ ਕਥਿਤ ਤੌਰ ’ਤੇ ਉੱਥੋਂ ਨਸ਼ੀਲੀਆਂ ਦਵਾਈਆਂ ਖਰੀਦੀਆਂ ਸਨ, ਨਾਲ ਕੈਮਿਸਟ ਦੀ ਦੁਕਾਨ ’ਤੇ ਜਾਣ ਤੋਂ ਪਹਿਲਾਂ ਡੀ.ਐੱਸ.ਪੀ. ਨਾਲ ਗੱਲ ਕੀਤੀ ਸੀ। ਭੀਮ ਨੇ ਇਹ ਵੀ ਦਾਅਵਾ ਕੀਤਾ ਕਿ ਘਟਨਾ ਦੇ ਸਮੇਂ ਝੋਟਾ ਦੁਆਰਾ ਰਿਕਾਰਡ ਕੀਤੇ ਗਏ ਫੇਸਬੁੱਕ ਲਾਈਵ ਵੀਡੀਓ ਵਿੱਚ ਡੀ.ਐੱਸ.ਪੀ. ਦਾ ਜ਼ਿਕਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਕਤਲ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਕਰ ਰਹੇ ਪਰਿਵਾਰ ਅਤੇ ਐਕਸ਼ਨ ਕਮੇਟੀ ਨੇ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਖ਼ਿਲਾਫ਼ ਪਿਛਲੇ ਸਮੇਂ ’ਚ ਨਸ਼ਿਆਂ ਦਾ ਲਾਇਸੈਂਸ ਮੁਅੱਤਲ ਕਰਨ ਦੇ ਬਾਵਜੂਦ ਰੱਦ ਨਾ ਕਰਨ ਬੱਦਲੇ ਕਾਰਵਾਈ ਦੀ ਮੰਗ ਕੀਤੀ ਸੀ। ਜ਼ਿਕਰਯੋਗ ਹੈ ਕਿ 15 ਅਕਤੂਬਰ ਨੂੰ ਭੀੜ ਵੱਲੋਂ ਮੈਡੀਕਲ ਸਟੋਰ ਨੂੰ ਢਾਹ ਦਿੱਤਾ ਗਿਆ ਸੀ ਅਤੇ ਬਾਅਦ ਵਿੱਚ ਡਰੱਗ ਲਾਇਸੈਂਸ ਵੀ ਰੱਦ ਕਰ ਦਿੱਤਾ ਗਿਆ ਸੀ।
ਝੋਟਾ ਦੇ ਕਤਲ ਦੇ ਇਨਸਾਫ਼ ਦੀ ਮੰਗ ਕਰ ਰਹੀ ਐਕਸ਼ਨ ਕਮੇਟੀ ਮੁੱਖ ਮੰਤਰੀ ਅਤੇ ਡੀ.ਜੀ.ਪੀ. ਦੇ ਅਸਤੀਫ਼ੇ ਦੇ ਨਾਲ-ਨਾਲ ਕਤਲ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕਰ ਰਹੀ ਹੈ। ਇਸ ਨੇ ਜ਼ਿਲ੍ਹਾ ਡਰੱਗ ਇੰਸਪੈਕਟਰ, ਐੱਸ.ਐੱਸ.ਪੀ., ਡੀ.ਐੱਸ.ਪੀ. ਅਤੇ ਸਬੰਧਤ ਐੱਸ.ਐੱਚ.ਓ. ਨੂੰ ਬਰਖ਼ਾਸਤ ਕਰਨ ਤੋਂ ਇਲਾਵਾ ਜਵਾਬਦੇਹ ਪਾਏ ਜਾਣ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਅਤੇ ਐੱਫ਼.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ ਹੈ। ਇੱਕ ਹੋਰ ਪ੍ਰਮੁੱਖ ਮੰਗ ਇਹ ਹੈ ਕਿ ਪੋਸਟਮਾਰਟਮ ਦੀ ਜਾਂਚ ਪੀ.ਜੀ.ਆਈ.ਐੱਮ.ਈ.ਆਰ., ਚੰਡੀਗੜ੍ਹ ਦੇ ਡਾਕਟਰਾਂ ਦੇ ਪੈਨਲ ਤੋਂ ਕਰਵਾਈ ਜਾਵੇ।