ਦੀਵਾਲੀ ਵਾਲੇ ਦਿਨ ਪਰਵਿੰਦਰ ਝੋਟਾ ਦਾ ਸਸਕਾਰ; ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਦੀਵਾਲੀ ਵਾਲੇ ਦਿਨ ਪਰਵਿੰਦਰ ਝੋਟਾ ਦਾ ਸਸਕਾਰ; ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਵੱਡੇ ਪੁੱਤਰ ਤੇ ਪਿਤਾ ਨੇ ਚਿਤਾ ਨੂੰ ਅਗਨੀ ਦਿੱਤੀ; ਬੁਲਾਰਿਆਂ ਨੇ ਸਮੇਂ-ਸਮੇਂ ਦੀਆਂ ਸਰਕਾਰਾਂ ’ਤੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰਨ ਦੇ ਲਾਏ ਦੋਸ਼ 
ਮਾਨਸਾ, 8 ਨਵੰਬਰ (ਪੰਜਾਬੀ ਰਾਈਟਰ)- ਨਸ਼ਿਆਂ ਖ਼ਿਲਾਫ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਅੱਜ ਦੀਵਾਲੀ ਵਾਲੇ ਦਿਨ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਚਕੇਰੀਆਂ ਸੜ੍ਹਕ ’ਤੇ ਸਥਿਤ ਖੇਤ ਵਿੱਚ ਹੋਏ ਸਸਕਾਰ ਮੌਕੇ ਵੱਡੀ ਗਿਣਤੀ ਵਿੱਚ ਲੋਕ, ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਮੌਜੂਦ ਸਨ। ਪਰਵਿੰਦਰ ਝੋਟਾ ਦੇ ਵੱਡੇ ਪੁੱਤਰ ਅਤੇ ਉਨ੍ਹਾਂ ਦੇ ਪਿਤਾ ਨੇ ਚਿਤਾ ਨੂੰ ਅਗਨੀ ਦਿੱਤੀ। ਇਸ ਮੌਕੇ ਮਾਹੌਲ ਬੇਹੱਦ ਭਾਵੁਕ ਹੋ ਗਿਆ ਅਤੇ ਲੋਕਾਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ। ਸਸਕਾਰ ਤੋਂ ਪਹਿਲਾਂ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਅਤੇ ਨਸ਼ਾ ਤਸਕਰਾਂ ਨੂੰ ਮਿਲ ਰਹੀ ਕਥਿਤ ਸਿਆਸੀ ਸਰਪ੍ਰਸਤੀ ਦਾ ਮੁੱਦਾ ਉਠਾਇਆ। ਉਨ੍ਹਾਂ ਦੋਸ਼ ਲਾਇਆ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਨਸਾ ਤਸਕਰਾਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਥਾਂ ਉਨ੍ਹਾਂ ਦੀ ਪੁਸਤਪਨਾਹੀ ਕੀਤੀ ਹੈ। ਬੁਲਾਰਿਆਂ ਨੇ ਕਿਹਾ ਕਿ ਪਰਵਿੰਦਰ ਝੋਟਾ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਅਤੇ ਨੌਜਵਾਨਾਂ ਨੂੰ ਇਸ ਅਲਾਮਤ ਤੋਂ ਬਚਾਉਣ ਲਈ ਆਵਾਜ਼ ਉਠਾਈ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਦੀ ਮੌਤ ਦੇ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਮੌਕੇ ਬੁਲਾਰਿਆਂ ਨੇ ਨਸ਼ਿਆਂ ਖ਼ਿਲਾਫ਼ ਸੰਘਰਸ਼ ਜਾਰੀ ਰੱਖਣ ਦਾ ਸੱਦਾ ਵੀ ਦਿੱਤਾ। ਇਸ ਤੋਂ ਪਹਿਲਾਂ ਏ.ਐੱਨ.ਆਈ. ਨਾਲ ਗੱਲਬਾਤ ਕਰਦਿਆਂ ਪਰਿਵਾਰ ਨੇ ਝੋਟਾ ਨੂੰ ਇੱਕ ਅਜਿਹਾ ‘ਯੋਧਾ’ ਦੱਸਿਆ ਜਿਸ ਨੇ ਪੰਜਾਬ ਦੇ ਲੋਕਾਂ ਅਤੇ ਸਮਾਜ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਝੋਟਾ ਦੀ ਕੁਰਬਾਨੀ ਨੌਜਵਾਨਾਂ ਲਈ ਨਸ਼ਿਆਂ ਵਿਰੁੱਧ ਲੜਨ ਦੀ ਪ੍ਰੇਰਨਾ ਬਣਨੀ ਚਾਹੀਦੀ ਹੈ। ਅੰਤਿਮ ਸੰਸਕਾਰ ਦੀਆਂ ਤਿਆਰੀਆਂ ਕਰਦਿਆਂ ਇੱਕ ਪਰਿਵਾਰਕ ਮੈਂਬਰ ਨੇ ਕਿਹਾ, “ਸਾਡਾ ਯੋਧਾ ਆ ਰਿਹਾ ਹੈ। ਆਮ ਤੌਰ ’ਤੇ ਲੋਕ ਸੋਗ ਮਨਾਉਂਦੇ ਹਨ, ਪਰ ਸਾਨੂੰ ਮਾਣ ਮਹਿਸੂਸ ਹੋ ਰਿਹਾ ਹੈ। ਅਸੀਂ ਉਸ ਕੌਮ ਨਾਲ ਸਬੰਧ ਰੱਖਦੇ ਹਾਂ ਜਿਨ੍ਹਾਂ ਨੂੰ ਚਰਖੜੀਆਂ ’ਤੇ ਚਾੜ੍ਹਿਆ ਗਿਆ, ਦੇਗਾਂ ਵਿੱਚ ਉਬਾਲਿਆ ਗਿਆ ਅਤੇ ਆਰਿਆਂ ਨਾਲ ਚੀਰਿਆ ਗਿਆ। ਉਹ ਸਾਡਾ ਯੋਧਾ ਹੈ।’’
ਇੱਕ ਹੋਰ ਰਿਸ਼ਤੇਦਾਰ ਜਸਪਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ‘ਸ਼ਹੀਦ’ ਦਾ ਦਰਜਾ ਦਿੱਤਾ ਗਿਆ ਹੈ, ਇਸ ਲਈ ਸਤਿਕਾਰ ਵਜੋਂ ਉਨ੍ਹਾਂ ’ਤੇ ਫੁੱਲ ਬਰਸਾਏ ਜਾਣਗੇ। ਉੱਥੇ ਹੀ ਜਦੋਂ ਪਰਵਿੰਦਰ ਝੋਟਾ ਦੀ ਮਿ੍ਰਤਕ ਦੇਹ ਧਰਨਾ ਸਥਾਨ ’ਤੇ ਲਿਆਂਦੀ ਜਾ ਰਹੀ ਸੀ ਤਾਂ ਲੋਕਾਂ ਨੇ ਰਾਹ ਵਿਚ ਫੁੱਲਾਂ ਦੀ ਵਰਖਾ ਕੀਤੀ ਤੇ ਲੋਕਾਂ ਦਾ ਵੱਡਾ ਕਾਫਲਾ ਪਰਵਿੰਦਰ ਝੋਟਾ ਦੀ ਦੇਹ ਲਿਜਾਣ ਵਾਲੇ ਵਾਹਨ ਦੇ ਪਿੱਛੇ ਤੁਰਿਆ। ਇਸ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫੌਜੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਦੀਵਾਲੀ ਦੇ ਪਵਿੱਤਰ ਮੌਕੇ ਹਰ ਨੌਜਵਾਨ ਨਸ਼ਿਆਂ ਨੂੰ ਤਿਆਗਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਵੇ। ਉਨ੍ਹਾਂ ਕਿਹਾ ਕਿ ਇਹੀ ਉਨ੍ਹਾਂ ਦੇ ਪੁੱਤਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੌਕੇ ਸ਼ਾਂਤੀ ਬਣਾਈ ਰੱਖਣ।