ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਫ਼ਰਿਜ਼ਨੋ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਸਬੰਧੀ ਵਿਸ਼ੇਸ਼ ਸਮਾਗਮ ਕਰਵਾਏ

ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਫ਼ਰਿਜ਼ਨੋ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਸਬੰਧੀ ਵਿਸ਼ੇਸ਼ ਸਮਾਗਮ ਕਰਵਾਏ

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਤੇ ਗੁਰਦੁਆਰਾ ਸਾਹਿਬ ਦਾ ਸਾਲਾਨਾ ਸਥਾਪਨਾ ਦਿਵਸ 27, 28 ਤੇ 29 ਨਵੰਬਰ ਨੂੰ ਮਨਾਇਆ ਜਾਵੇਗਾ
ਨਵੇਂ ਦਰਬਾਰ ਹਾਲ ਦਾ ਨੀਂਹ ਪੱਥਰ 27 ਨਵੰਬਰ ਨੂੰ ਰੱਖਿਆ ਜਾਵੇਗਾ

ਫ਼ਰਿਜ਼ਨੋ (ਕੁਲਵੀਰ ਹੇਅਰ)- ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਪਵਿੱਤਰ ਤਿਉਹਾਰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਫ਼ਰਿਜ਼ਨੋ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਧਾਰਮਿਕ ਸਮਾਗਮ ਕਰਵਾਏ ਗਏ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ, ਜਿਸ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸਜਾਏ ਗਏ ਕੀਰਤਨ ਦੀਵਾਨਾਂ ਦੌਰਾਨ ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਰਾਮ ਸਿੰਘ ਜੀ, ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਰਸੀਆ, ਭਾਈ ਸੁਖਚੈਨ ਸਿੰਘ, ਭਾਈ ਮਨਿੰਦਰ ਸਿੰਘ ਰਸੀਆ, ਆਂਚਲ ਸਿੰਘ ਹੇਅਰ, ਸ੍ਰੀ ਰਾਮ ਆਸਰਾ ਅਤੇ ਰਾਜ ਬਰਾੜ ਨੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ ਇਤਿਹਾਸ ਨਾਲ ਜੋੜਿਆ। ਸ਼ਾਮ ਸਮੇਂ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਵਿਸ਼ੇਸ਼ ਕੀਰਤਨ ਦਰਬਾਰ ਸਜਾਇਆ ਗਿਆ ਅਤੇ ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਵੀ ਕੀਤੀ ਗਈ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਅਮਰ ਦੜੌਚ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਚਾਰਦੀਵਾਰੀ ਦਾ ਕਾਰਜ ਕਾਫ਼ੀ ਹੱਦ ਤੱਕ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬ ਦੇ ਬਾਕੀ ਰਹਿੰਦੇ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਵੱਧ ਤੋਂ ਵੱਧ ਮਾਇਕ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਫ਼ਰਿਜ਼ਨੋ ਦੀ ਸਥਾਪਨਾ 27 ਨਵੰਬਰ 2005 ਨੂੰ ਹੋਈ ਸੀ। ਇਸ ਸਾਲ ਗੁਰਦੁਆਰਾ ਸਾਹਿਬ ਦਾ ਸਾਲਾਨਾ ਸਥਾਪਨਾ ਦਿਵਸ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 27, 28 ਅਤੇ 29 ਨਵੰਬਰ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸੇ ਮੌਕੇ ਗੁਰਦੁਆਰਾ ਸਾਹਿਬ ਦੇ ਨਵੇਂ ਦਰਬਾਰ ਹਾਲ ਦਾ ਨੀਂਹ ਪੱਥਰ 27 ਨਵੰਬਰ, ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਰੱਖਿਆ ਜਾਵੇਗਾ। ਇਸ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 29 ਨਵੰਬਰ, ਦਿਨ ਐਤਵਾਰ ਨੂੰ ਭੋਗ ਪਾਏ ਜਾਣਗੇ।
ਸਮਾਗਮ ਦੌਰਾਨ ਸੰਗਤਾਂ ਨੇ ਸਾਰਾ ਦਿਨ ਗੁਰਬਾਣੀ ਕਥਾ-ਕੀਰਤਨ ਦਾ ਆਨੰਦ ਮਾਣਿਆ ਅਤੇ ਗੁਰੂ ਘਰ ਵਿਖੇ ਵੱਖ-ਵੱਖ ਸੇਵਾਵਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਲੰਗਰ ਦੀ ਸੇਵਾ ਸ੍ਰੀ ਸ਼ਿਵ ਚਰਨ ਦੇ ਸਪੁੱਤਰ ਡਾ. ਸੁਰਦੀਪ ਸਿੰਘ (ਡੀ.ਡੀ.ਐੱਸ.) ਵੱਲੋਂ ਫ਼ਰਿਜ਼ਨੋ ਵਿਖੇ ਆਪਣਾ ਇੱਕ ਹੋਰ ਨਵਾਂ ਦੰਦਾਂ ਦਾ ਕਲੀਨਿਕ ਖੋਲ੍ਹਣ ਦੀ ਖੁਸ਼ੀ ਵਿੱਚ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਕਰਵਾਈ ਗਈ। ਸਮੁੱਚੇ ਸਮਾਗਮ ਦੌਰਾਨ ਸਟੇਜ ਦੀ ਸੇਵਾ ਸ੍ਰੀ ਕੁਲਦੀਪ ਸਿੰਘ ਬੰਗੜ ਨੇ ਬਾਖੂਬੀ ਨਿਭਾਈ।