‘ਆਮ ਆਦਮੀ ਪਾਰਟੀ’ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 31 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ!

‘ਆਮ ਆਦਮੀ ਪਾਰਟੀ’ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 31 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ!

ਪਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਲੰਬੀ ਤੋਂ ਖੁੱਡੀਆਂ ਦਾ ਪੱਤਾ ਕੱਟਿਆ
ਚੰਡੀਗੜ੍ਹ, 12 ਨਵੰਬਰ (ਪੰਜਾਬੀ ਰਾਈਟਰ)- ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਰਗਰਮੀਆਂ ਤੇਜ਼ ਕਰਦਿਆਂ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤਾਜ਼ਾ ਸੂਚੀ ਵਿੱਚ ਪਾਰਟੀ ਵੱਲੋਂ 31 ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਪਣੀ ਕਾਰਗੁਜ਼ਾਰੀ ਦੇ ਆਧਾਰ ’ਤੇ ਹੀ ਵੋਟਾਂ ਮੰਗੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਕਾਰਜਕਾਲ ਦੌਰਾਨ ਇਤਿਹਾਸਕ ਕੰਮ ਕੀਤੇ ਹਨ, ਜਿਨ੍ਹਾਂ ਨੂੰ ਲੈ ਕੇ ਉਹ ਲੋਕਾਂ ਵਿੱਚ ਜਾਣਗੇ ਅਤੇ ਪੰਜਾਬ ਵਿੱਚ ਮੁੜ ਤੋਂ ਸਰਕਾਰ ਬਣਾਉਣਗੇ। ਪਾਰਟੀ ਵੱਲੋਂ ਜਾਰੀ ਪਹਿਲੀ ਸੂਚੀ ਵਿੱਚ ਕਈ ਮੌਜੂਦਾ ਵਿਧਾਇਕਾਂ ਅਤੇ ਸੀਨੀਅਰ ਆਗੂਆਂ ’ਤੇ ਮੁੜ ਭਰੋਸਾ ਜਤਾਇਆ ਗਿਆ ਸੀ। ਉਸ ਸੂਚੀ ਵਿੱਚ ਸਭ ਤੋਂ ਅਹਿਮ ਨਾਮ ਮੁੱਖ ਮੰਤਰੀ ਭਗਵੰਤ ਮਾਨ ਦਾ ਸੀ, ਜਿਨ੍ਹਾਂ ਨੂੰ ਉਨ੍ਹਾਂ ਦੇ ਮੌਜੂਦਾ ਵਿਧਾਨ ਸਭਾ ਹਲਕੇ ਧੂਰੀ ਤੋਂ ਹੀ ਮੁੜ ਉਮੀਦਵਾਰ ਐਲਾਨਿਆ ਗਿਆ ਸੀ। ਦੂਜੀ ਸੂਚੀ ਜਾਰੀ ਹੋਣ ਨਾਲ ਆਮ ਆਦਮੀ ਪਾਰਟੀ ਨੇ ਹੁਣ ਤੱਕ ਕੁੱਲ 71 ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ, ਜਿਸ ਨਾਲ ਸੂਬੇ ਵਿੱਚ ਚੋਣ ਮਾਹੌਲ ਪੂਰੀ ਤਰ੍ਹਾਂ ਭਖ਼ ਗਿਆ ਹੈ।
2 ਸੰਸਦ ਮੈਂਬਰਾਂ ਅਤੇ 4 ਮਹਿਲਾ ਉਮੀਦਵਾਰਾਂ ਨੂੰ ਦਿੱਤੀ ਟਿਕਟ
ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 31 ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ ਜਾਰੀ ਕਰਦਿਆਂ ਦੋ ਸੰਸਦ ਮੈਂਬਰਾਂ ਅਤੇ ਚਾਰ ਮਹਿਲਾ ਉਮੀਦਵਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਫ਼ਗਵਾੜਾ ਤੋਂ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ ਤੋਂ ਚੋਣ ਲੜਨਗੇ।
ਇਸ ਸੂਚੀ ਵਿੱਚ ਲੰਬੀ ਹਲਕੇ ਤੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਥਾਂ ਉਨ੍ਹਾਂ ਦੇ ਭਤੀਜੇ ਰਣਧੀਰ ਸਿੰਘ ਧੀਰਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਦੂਜੀ ਸੂਚੀ ਵਿੱਚ ਚਾਰ ਮਹਿਲਾ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਕੀਤਾ ਗਿਆ ਹੈ। ਜਗਰਾਉਂ ਤੋਂ ਸਰਵਜੀਤ ਕੌਰ ਮਾਣੂੰਕੇ, ਸ਼ੁਤਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਵਿਧਾਇਕਾ ਵਨਿੰਦਰ ਕੌਰ ਲੂੰਬਾ, ਰਾਜਾਸਾਂਸੀ ਤੋਂ ਸੋਨੀਆ ਮਾਨ ਅਤੇ ਫ਼ਿਲੌਰ ਤੋਂ ਹਰਜੋਤ ਕੌਰ ਲੋਹਟੀਆ ਚੋਣ ਮੈਦਾਨ ਵਿੱਚ ਨਿੱਤਰਨਗੀਆਂ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 71 ਹੋ ਗਈ ਹੈ। ਜ਼ਿਕਰਯੋਗ ਹੈ ਕਿ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ 31 ਅਕਤੂਬਰ ਨੂੰ ਜਾਰੀ ਕੀਤੀ ਗਈ ਸੀ।