ਭਾਈ ਅੰਮਿ੍ਰਤਪਾਲ ਸਿੰਘ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਦਿੱਲੀ ਲਿਆਂਦਾ

ਭਾਈ ਅੰਮਿ੍ਰਤਪਾਲ ਸਿੰਘ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਦਿੱਲੀ ਲਿਆਂਦਾ

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਭਲਕੇ ਪੰਜਾਬ ਲਿਆਂਦਾ ਜਾਵੇਗਾ
ਨਵੀਂ ਦਿੱਲੀ, 20 ਨਵੰਬਰ (ਪੰਜਾਬੀ ਰਾਈਟਰ)- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਅੰਮਿ੍ਰਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾ ਰਿਹਾ ਹੈ। ਅਦਾਲਤ ਵੱਲੋਂ ਦਿੱਤੀ ਗਈ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਤਹਿਤ ਉਹ 21 ਨਵੰਬਰ ਨੂੰ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ।
ਸੱਤ ਵਾਹਨਾਂ ਦੇ ਕਾਫ਼ਲੇ ਰਾਹੀਂ ਹਵਾਈ ਅੱਡੇ ਪੁੱਜੇ ਸੰਸਦ ਮੈਂਬਰ
ਅੰਮਿ੍ਰਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਕਰੀਬ 15 ਕਿਲੋਮੀਟਰ ਦੂਰ ਸਥਿਤ ਹਵਾਈ ਅੱਡੇ ਤੱਕ ਸੱਤ ਵਾਹਨਾਂ ਦੇ ਕਾਫ਼ਲੇ ਵਿੱਚ ਲਿਆਂਦਾ ਗਿਆ। ਉੱਥੋਂ ਹਵਾਈ ਜਹਾਜ਼ ਰਾਹੀਂ ਉਨ੍ਹਾਂ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਲਿਆਂਦਾ ਗਿਆ। ਅੰਮਿ੍ਰਤਪਾਲ ਸਿੰਘ ਦੇ ਵਕੀਲ ਜਸਬੀਰ ਕੌਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅੰਮਿ੍ਰਤਪਾਲ ਸਿੰਘ ਨੂੰ 22 ਨਵੰਬਰ ਨੂੰ ਵਾਪਸ ਡਿਬਰੂਗੜ੍ਹ ਕੇਂਦਰੀ ਜੇਲ੍ਹ ਲਿਆਂਦਾ ਜਾਵੇਗਾ। ਜਸਬੀਰ ਕੌਰ ਨੇ ਦੱਸਿਆ ਕਿ ਅੰਮਿ੍ਰਤਪਾਲ ਸਿੰਘ ਨੂੰ ਅੱਜ ਸਖ਼ਤ ਸੁਰੱਖਿਆ ਹੇਠ ਦਿੱਲੀ ਲਿਆਂਦਾ ਗਿਆ ਹੈ ਅਤੇ ਉਹ ਭਲਕੇ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਪੰਜਾਬ ਜਾਣਗੇ। ਤੈਅ ਪ੍ਰਬੰਧਾਂ ਅਨੁਸਾਰ ਉਨ੍ਹਾਂ ਨੂੰ 22 ਨਵੰਬਰ ਨੂੰ ਮੁੜ ਡਿਬਰੂਗੜ੍ਹ ਜੇਲ੍ਹ ਪਹੁੰਚਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਲੰਮੇ ਸਮੇਂ ਤੋਂ ਉਡੀਕ ਕਰ ਰਿਹਾ ਸੀ ਕਿ ਅੰਮਿ੍ਰਤਪਾਲ ਸਿੰਘ ਦਾਦੀ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਵਿੱਚ ਸਾਮਲ ਹੋ ਸਕਣ। ਉਨ੍ਹਾਂ ਦੀ ਦਾਦੀ ਚਰਨ ਕੌਰ ਦਾ 8 ਨਵੰਬਰ ਨੂੰ 84 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਹਿਰਾਸਤੀ ਪੈਰੋਲ ਪੰਜਾਬ ਦੀ ਅਦਾਲਤ ਵੱਲੋਂ 17 ਨਵੰਬਰ ਨੂੰ ਜਾਰੀ ਕੀਤੇ ਗਏ ਨਵੇਂ ਹੁਕਮਾਂ ਤਹਿਤ ਲਾਗੂ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ 14 ਨਵੰਬਰ ਨੂੰ ਉਨ੍ਹਾਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕੀਤਾ ਗਿਆ ਸੀ, ਪਰ ਡਿਬਰੂਗੜ੍ਹ ਅਤੇ ਅੰਮਿ੍ਰਤਸਰ ਵਿਚਾਲੇ ਢੁਕਵੀਆਂ ਹਵਾਈ ਉਡਾਣਾਂ ਅਤੇ ਆਵਾਜਾਈ ਦੇ ਸਾਧਨ ਉਪਲਬਧ ਨਾ ਹੋਣ ਕਾਰਨ ਇਹ ਸੰਭਵ ਨਹੀਂ ਹੋ ਸਕਿਆ ਸੀ।
ਦੁਪਹਿਰ 12 ਤੋਂ 3 ਵਜੇ ਤੱਕ ਪਿੰਡ ਵਿੱਚ ਰਹਿਣ ਦੀ ਇਜਾਜਤ
ਅੰਮਿ੍ਰਤਸਰ ਦੇ ਵਧੀਕ ਸੈਸ਼ਨ ਜੱਜ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਅੰਮਿ੍ਰਤਪਾਲ ਸਿੰਘ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਲਈ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਹਾਜ਼ਰ ਰੱਖਿਆ ਜਾਵੇ। ਅਦਾਲਤ ਨੇ ਇਹ ਇਜਾਜਤ ਮਨੁੱਖੀ ਆਧਾਰ ’ਤੇ ਦਿੱਤੀ ਹੈ। ਨਾਲ ਹੀ ਸਪੱਸ਼ਟ ਕੀਤਾ ਹੈ ਕਿ ਇਸ ਸਮੇਂ ਦੌਰਾਨ ਉਹ ਪੁਲੀਸ ਹਿਰਾਸਤ ਵਿੱਚ ਹੀ ਰਹਿਣਗੇ। ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਰਾਜਾਸਾਂਸੀ ਵਿਖੇ ਲਿਆਂਦਾ ਜਾਵੇਗਾ। ਉੱਥੋਂ ਪੁਲੀਸ ਸੁਰੱਖਿਆ ਹੇਠ ਉਨ੍ਹਾਂ ਨੂੰ ਅੰਮਿ੍ਰਤਸਰ ਜ਼ਿਲ੍ਹੇ ਵਿੱਚ ਸਥਿਤ ਜੱਦੀ ਪਿੰਡ ਜੱਲੂਪੁਰ ਖੇੜਾ ਲਿਜਾਇਆ ਜਾਵੇਗਾ। ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਕਿੱਥੇ ਰੱਖਿਆ ਜਾਵੇਗਾ, ਇਸ ਬਾਰੇ ਪੁਲੀਸ ਵੱਲੋਂ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।
ਅਜਨਾਲਾ ਥਾਣੇ ਦੀ ਘਟਨਾ ਮਗਰੋਂ ਚਰਚਾ ਵਿੱਚ ਆਏ ਸਨ ਅੰਮਿ੍ਰਤਪਾਲ
ਜ਼ਿਕਰਯੋਗ ਹੈ ਕਿ ਫਰਵਰੀ 2023 ਵਿੱਚ ਅਜਨਾਲਾ ਥਾਣੇ ਵਿਖੇ ਵਾਪਰੀ ਘਟਨਾ ਤੋਂ ਬਾਅਦ ਅੰਮਿ੍ਰਤਪਾਲ ਸਿੰਘ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਕੇਂਦਰ ਬਣ ਗਏ ਸਨ। 23 ਫਰਵਰੀ 2023 ਨੂੰ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਜਨਾਲਾ ਥਾਣੇ ਦੇ ਬਾਹਰ ਲੱਗੇ ਬੈਰੀਕੇਡ ਤੋੜ ਦਿੱਤੇ ਸਨ ਅਤੇ ਥਾਣੇ ਦੇ ਅੰਦਰ ਦਾਖਲ ਹੋ ਗਏ ਸਨ। ਇਸ ਦੌਰਾਨ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਟਕਰਾਅ ਹੋਇਆ ਸੀ, ਜਿਸ ਵਿੱਚ ਐੱਸ ਪੀ ਜੁਗਰਾਜ ਸਿੰਘ ਸਮੇਤ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਪੁਲੀਸ ਨੇ ਅੰਮਿ੍ਰਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕਈ ਮਾਮਲੇ ਦਰਜ ਕੀਤੇ ਸਨ। ਪੁਲੀਸ ਵੱਲੋਂ ਇੱਕ ਮਹੀਨੇ ਤੋਂ ਵੱਧ ਸਮੇਂ ਤੱਕ ਭਾਲ ਕੀਤੇ ਜਾਣ ਮਗਰੋਂ 23 ਅਪਰੈਲ 2023 ਨੂੰ ਉਨ੍ਹਾਂ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਗਿ੍ਰਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ।
ਸਾਢੇ ਤਿੰਨ ਸਾਲ ਤੋਂ ਵੱਧ ਸਮੇਂ ਬਾਅਦ ਪਰਿਵਾਰ ਨੂੰ ਮਿਲਣਗੇ
ਲਗਪਗ ਤਿੰਨ ਸਾਲ ਸੱਤ ਮਹੀਨਿਆਂ ਤੋਂ ਵੱਧ ਸਮੇਂ ਬਾਅਦ ਅੰਮਿ੍ਰਤਪਾਲ ਸਿੰਘ ਆਪਣੇ ਪਰਿਵਾਰ ਵਿਚਕਾਰ ਪਹੁੰਚਣਗੇ। ਅੰਮਿ੍ਰਤਸਰ ਦੀ ਅਦਾਲਤ ਨੇ ਉਨ੍ਹਾਂ ਨੂੰ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਦਿੱਤੀ ਹੈ। ਅਦਾਲਤੀ ਹੁਕਮਾਂ ਅਨੁਸਾਰ ਉਹ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੁਲੀਸ ਹਿਰਾਸਤ ਵਿੱਚ ਰਹਿੰਦਿਆਂ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਣਗੇ।